Headlines

ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਹਰ ਕੀਮਤ ’ਤੇ ਕਾਇਮ ਰੱਖਾਂਗੇ-ਮੁੱਖ ਮੰਤਰੀ

ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਵਾਲੇ ਪੰਜਾਬ ਦੇ ਵਾਰਸ ਨਹੀਂ ਹੋ ਸਕਦੇ-
 
ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਨਾਲ ਆਮ ਆਦਮੀ ਪਾਰਟੀ ਡਰਨ ਵਾਲੀ ਨਹੀਂ-
ਭਾਵਨਗਰ (ਗੁਜਰਾਤ), 26 ਫਰਵਰੀ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਣ ਕਰਦੇ ਹੋਏ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਹਰ ਕੀਮਤ ਉਤੇ ਕਾਇਮ ਰੱਖੀ ਜਾਵੇਗੀ ਅਤੇ ਕਿਸੇ ਨੂੰ ਵੀ ਸੂਬੇ ਵਿਚ ਸਖ਼ਤ ਘਾਲਣਾ ਘਾਲ ਕੇ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਇੱਥੋਂ ਦੇ ਲੋਕਾਂ ਨੂੰ ਅਤੀਤ ਵਿਚ ਕਾਲੇ ਦੌਰ ਦੀ ਬਹੁਤ ਵੱਡੀ ਕੀਮਤ ਚੁਕਾਉਣੀ ਪਈ ਹੈ ਜਿਸ ਕਰਕੇ ਲੋਕ ਸ਼ਾਂਤੀ ਅਤੇ ਵਿਕਾਸ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੀ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਕੁਝ ਫੁੱਟਪਾਊ ਤਾਕਤਾਂ ਸੂਬੇ ਦੀ ਅਮਨ-ਸ਼ਾਂਤੀ ਅਤੇ ਵਿਕਾਸ ਨੂੰ ਲੀਹੋਂ ਲਾਉਣ ਦੀਆਂ ਕੋਝੀਆਂ ਚਾਲਾਂ ਚੱਲ ਰਹੀਆਂ ਹਨ ਪਰ ਅਜਿਹੇ ਲੋਕਾਂ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ।
ਮੁੱਖ ਮੰਤਰੀ ਨੇ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਪੁਲਿਸ ਥਾਣੇ ਵਿਚ ਦਾਖਲ ਹੋਣ ਲਈ ਸ਼ਰਮਨਾਕ ਢੰਗ ਨਾਲ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਸਰਾ ਲੈਣ ਵਾਲੇ ਲੋਕ ਪੰਜਾਬ ਦੇ ਵਾਰਸ ਨਹੀਂ ਹੋ ਸਕਦੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਨਾ-ਮੁਆਫੀਯੋਗ ਅਪਰਾਧ ਹੈ ਜਿਸ ਦੀ ਸਾਰਿਆਂ ਵੱਲੋਂ ਸਖ਼ਤ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਸਾਰਿਆਂ ਲਈ ਪ੍ਰੇਰਣਾ ਦਾ ਸਰੋਤ ਹਨ ਅਤੇ ਪਾਵਨ ਗ੍ਰੰਥ ਨੂੰ ਢਾਲ ਬਣਾ ਕੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਦੀ ਬਜਾਏ ਪ੍ਰੇਰਨਾ ਲੈਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੁਝ ਲੋਕ ਸਰਹੱਦ ਪਾਰ ਤੋਂ ਫੰਡ ਹਾਸਲ ਕਰਕੇ ਸੂਬੇ ਦੀ ਸ਼ਾਂਤੀ ਤੇ ਤਰੱਕੀ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਸੂਬੇ ਨੂੰ ਤਬਾਹ ਕਰਨ ਦੇ ਮਨਸੂਬੇ ਨਾਲ ਪਾਕਿਸਤਾਨ ਦੇ ਹੱਥਾਂ ਵਿੱਚ ਕਠਪੁਤਲੀਆਂ ਬਣ ਕੇ ਨੱਚ ਰਹੇ ਹਨ।
ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵੱਲੋਂ ਨਿਯੁਕਤ ਰਾਜਪਾਲ ਸਬੰਧਤ ਸੂਬਿਆਂ ਵਿੱਚ ਭਗਵਾਂ ਪਾਰਟੀ ਦੇ ਸਟਾਰ ਪ੍ਰਚਾਰਕ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਦਕਿਸਮਤੀ ਦੀ ਗੱਲ ਹੈ ਕਿ ਚੁਣੀਆਂ ਹੋਈਆਂ ਸਰਕਾਰਾਂ ਨੂੰ ‘ਤਾਨਸ਼ਾਹੀ ਢੰਗ ਨਾਲ ਹੁਕਮ ਚਾੜ੍ਹਨ’ ਲਈ ਰਾਜ ਭਵਨ ਭਾਜਪਾ ਦੇ ਮੁੱਖ ਦਫ਼ਤਰ ਬਣ ਗਏ ਹਨ। ਭਗਵੰਤ ਮਾਨ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਲੋਕਤੰਤਰ ਵਿੱਚ ਕੇਂਦਰ ਵੱਲੋਂ ਨਿਯੁਕਤ ਕੀਤੇ ਵਿਅਕਤੀ ਨਹੀਂ ਸਗੋਂ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦੇ ਹੀ ਸਰਵਉਚ ਹੁੰਦੇ ਹਨ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ‘ਆਪ’ ਬਹਾਦਰ ਲੋਕਾਂ ਦੀ ਪਾਰਟੀ ਹੈ ਜੋ ਲੋਕ ਭਲਾਈ ਲਈ ਕੁਝ ਵੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਵੱਲੋਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਬਿਨਾਂ ਕਿਸੇ ਡਰ ਦੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਭਗਵੰਤ ਮਾਨ ਨੇ ਕਿਹਾ ਕਿ ਜਮਹੂਰੀਅਤ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ‘ਆਪ’ ਅਤੇ ਇਸ ਦੇ ਆਗੂਆਂ ‘ਤੇ ਸਫਲ ਨਹੀਂ ਹੋਣ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਡੇ ਯਤਨਾਂ ਸਦਕਾ ਉੱਦਮੀਆਂ ਨੇ ਸੂਬੇ ਵਿੱਚ ਨਿਵੇਸ਼ ਲਈ ਭਾਰੀ ਉਤਸ਼ਾਹ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਸਟੀਲ ਦੀ ਪ੍ਰਸਿੱਧ ਕੰਪਨੀ ਟਾਟਾ ਸਟੀਲ ਨੇ ਵੀ ਸੂਬੇ ਵਿੱਚ ਨਿਵੇਸ਼ ਕੀਤਾ ਹੈ ਜੋ ਜਮਸ਼ੇਦਪੁਰ ਤੋਂ ਬਾਅਦ ਦੇਸ਼ ਦਾ ਦੂਜਾ ਸਭ ਤੋਂ ਵੱਡਾ ਸਟੀਲ ਪਲਾਂਟ ਲੁਧਿਆਣਾ ਵਿਖੇ ਸਥਾਪਤ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਕਈ ਆਲਮੀ ਕੰਪਨੀਆਂ ਵੀ ਵੱਡੇ ਪੱਧਰ ‘ਤੇ ਨਿਵੇਸ਼ ਕਰਨ ਲਈ ਆ ਰਹੀਆਂ ਹਨ।