Headlines

ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਸ਼ਹੀਦੀ ਫਤਹਿ ਮਾਰਚ

ਅੰਮ੍ਰਿਤਸਰ:-12 ਮਾਰਚ -ਸਿੱਖ ਕੌਮ ਦੇ ਮਹਾਨ ਜਰਨੈਲ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਦੇ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਸਮੇਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਗੁਰੂ ਸਾਹਿਬਾਨ ਵੱਲੋਂ ਬੁੱਢਾ ਦਲ ਨੂੰ ਬਖਸ਼ਿਸ਼ ਇਤਿਹਾਸਕ ਨਿਸ਼ਾਨ ਨਿਗਾਰਿਆ ਦੀ ਤਾਬਿਆ ਸ਼ਹੀਦੀ ਫ਼ਤਹਿ ਮਾਰਚ ਸਜਾਇਆ ਗਿਆ। ਇਸ ਦੌਰਾਨ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਵਿਸਮਾਦੀ ਇਲਾਹੀ ਗੂੰਜ ਖਾਲਸਾਈ ਚੜ੍ਹਦੀ ਕਲਾ ਵਾਲਾ ਮਾਹੌਲ ਸਿਰਜ ਰਹੀ ਸੀ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੰਗਤਾਂ ਨਾਲ ਵਾਹਿਗੁਰੂ ਦਾ ਜਾਪ ਕਰਦਿਆਂ ਸਿੰਘ ਸਾਹਿਬ ਗਿਅਨੀ ਜਗਤਾਰ ਸਿੰਘ ਮੁਖ ਗ੍ਰੰਥੀ ਪਾਲਕੀ ਸਾਹਿਬ ਤੀਕ ਲੈ ਕੇ ਆਏ। ਇਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਗੱਜਣ ਸਿੰਘ ਤਰਨਾ ਦਲ ਅਤੇ ਪ੍ਰਮੁੱਖ ਸ਼ਖ਼ਸ਼ੀਅਤਾਂ ਸਮੇਤ ਵੱਡੀ ਗਿਣਤੀ ਵਿਚ ਪਾਲਕੀ ਚ ਗੁਰੂ ਮਹਾਰਾਜ ਦੀ ਤਾਬਿਆ ਦੀ ਸੇਵਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਦਰਬਾਰ ਸਾਹਿਬ ਨੇ ਕੀਤੀ।ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਹਾਥੀ, ਘੋੜਿਆਂ ਊਠਾਂ ਤੋਂ ਇਲਾਵਾ ਵਿਸ਼ੇਸ਼ ਰੂਪ ਵਿਚ ਦੋ ਦਰਜਨ ਤੋਂ ਵੱਧ ਬੱਘੀਆਂ ਸ਼ਾਮਲ ਸਨ। ਵੱਖ-ਵੱਖ ਗੱਤਕਾ ਅਖਾੜਿਆ ਦੀਆਂ ਟੀਮਾਂ ਨੇ ਨਾਲ-ਨਾਲ ਗਤਕਾ ਜੰਗਜੂ ਕਲਾ ਦੇ ਜੌਹਰ ਅਤੇ ਬੈਂਡ ਪਾਰਟੀਆਂ ਨੇ ਸ਼ਬਦੀ ਧੁੰਨਾਂ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਈ। ਇਹ ਨਗਰ ਕੀਰਤਨ ਸਵੇਰੇ ਕਰੀਬ 10 ਵਜੇ ਆਰੰਭ ਹੋਇਆ। ਜੋ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਘੰਟਾ ਘਰ, ਜਲ੍ਹਿਆ ਵਾਲਾ ਬਾਗ਼, ਘਿਉ ਮੰਡੀ, ਮਾਹਣ ਸਿੰਘ ਗੇਟ, ਰਾਮਬਾਗ਼, ਹਾਲਗੇਟ, ਹਾਥੀ ਗੇਟ, ਲਾਹੌਰੀ ਗੇਟ, ਖਜਾਨਾ ਗੇਟ, ਹਕੀਮਾਂ ਗੇਟ, ਭਗਤਾ ਵਾਲਾ ਗੇਟ, ਬਾਬਾ ਜੱਸਾ ਸਿੰਘ ਰਾਮਗੜ੍ਹੀਆ (ਗੇਟ ਚਾਟੀਵਿੰਡ), ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਗੰਜ ਤੋਂ ਘਿਉ ਮੰਡੀ ਚੌਂਕ ਰਾਹੀਂ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਸੰਪੂਰਨ ਹੋਇਆ।

ਇਸ ਤੋਂ ਪਹਿਲਾਂ ਅੱਜ ਗੁਰਦੁਆਰਾ ਸ਼ਹੀਦ ਨਿਹੰਗ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਨੇ ਸਿੱਖ ਰਾਜ ਦੀ ਕਾਇਮੀ ਅਤੇ ਸਲਾਮਤੀ ਵਾਸਤੇ ਅਹਿਮ ਯੋਗਦਾਨ ਪਾਇਆ, ਜਿਸ ਦੀਆਂ ਸਿੱਖ ਇਤਿਹਾਸ ਅੰਦਰ ਅਮਿੱਟ ਪੈੜਾਂ ਹਨ। ਉਨ੍ਹਾਂ ਸ਼੍ਰੋਮਣੀ ਅਕਾਲੀ ਬੁੱਢਾ ਦਲ, ਸ਼੍ਰੋਮਣੀ ਕਮੇਟੀ ਤੇ ਹੋਰ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਉਲੀਕੇ ਸ਼ਤਾਬਦੀ ਸਮਾਗਮਾਂ ਵਿਚ ਸੰਗਤ ਨੂੰ ਵਧਚੜ੍ਹ ਕੇ ਪੁੱਜਣ ਦੀ ਅਪੀਲ ਕੀਤੀ। ਇਸ ਮੌਕੇ ਬੁੱਢਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਨੂੰ ਸਿੱਖ ਇਤਿਹਾਸ ਦੇ ਨਾਇਕ ਕਰਾਰ ਦਿੱਤਾ।

ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਬਾਬਾ ਮੋਹਨ ਸਿੰਘ ਬਾਰਨ ਵਾਲੇ, ਬਾਬਾ ਬੁੱਧ ਸਿੰਘ ਨਿੱਕੇ ਘੁੰਮਣ ਵਾਲੇ, ਬਾਬਾ ਨਿਹਾਲ ਸਿੰਘ ਮਿਸਲ ਸ਼ਹੀਦਾਂ ਤਰਨਾਦਲ ਵੱਲੋਂ ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਨਾਹਰ ਸਿੰਘ ਸਾਧ ਸੁਰਸਿੰਘ, ਬਾਬਾ ਮੇਜਰ ਸਿੰਘ ਮੁਖੀ ਦਸ਼ਮੇਸ਼ ਤਰਨਾ ਦਲ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਹਰਵਿੰਦਰ ਸਿੰਘ ਖਾਲਸਾ ਬਠਿੰਡਾ, ਬਾਬਾ ਜਸਵਿੰਦਰ ਸਿੰਘ ਜੱਸੀ ਯੂ.ਐਸ.ਏ, ਜਥੇਦਾਰ ਤਰਸੇਮ ਸਿੰਘ ਮੌਰਾਂਵਾਲੀ ਢਾਡੀ, ਸ. ਕੁਲਦੀਪ ਸਿੰਘ ਤੇੜਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਅਕਾਲੀ ਆਗੂ ਸ. ਕਰਨੈਲ ਸਿੰਘ ਪੀਰਮੁਹੰਮਦ, ਸ. ਗੁਰਪ੍ਰੀਤ ਸਿੰਘ ਟਿੱਕਾ, ਸ. ਮਨਜੀਤ ਸਿੰਘ ਭੋਮਾ, ਬਾਬਾ ਮਲਵਿੰਦਰ ਸਿੰਘ, ਬਾਬਾ ਸ਼ਿੰਦਾ ਸਿੰਘ ਭਿੰਖੀਵਿੰਡ, ਬਾਬਾ ਭਗਤ ਸਿੰਘ, ਵਿਸ਼ੇਸ਼ ਤੌਰ ਤੇ ਹਜ਼ੂਰ ਸਾਹਿਬ ਤੋਂ ਪੁਜੇ ਮਾਰਾਠਾਂ ਕੀਤਰਨੀ ਜਥਾ ਬਿਸ਼ਨਪੁਰੀ ਵੀ ਸ਼ਾਮਲ ਸਨ। ਸੁਖਮਨੀ ਸੇਵਾ ਸੁਸਾਇਟੀਆਂ ਦੀਆਂ ਸਮੂਹ ਬੀਬੀਆਂ ਨੇ ਬੀਬੀ ਪਰਮਜੀਤ ਕੌਰ ਪਿੰਕੀ, ਬੀਬੀ ਗੁਰਚਰਨ ਕੌਰ, ਬੀਬੀ ਤੇਜ ਕੌਰ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਸਮੂਲੀਅਤ ਕੀਤੀ।