Headlines

ਅਕਾਲੀ ਦਲ (ਅ) ਵੱਲੋਂ 23 ਦੇ ਪੰਜਾਬ ਬੰਦ ਦਾ ਕੋਈ ਸੱਦਾ ਨਹੀਂ: ਮਾਨ

ਫ਼ਤਹਿਗੜ੍ਹ ਸਾਹਿਬ, 22 ਮਾਰਚ

ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਲੋਕ ਸਭਾ ਮੈਬਰ ਸਿਮਰਨਜੀਤ ਸਿੰਘ ਮਾਨ ਨੇ ਸਪਸ਼ਟ ਕੀਤਾ ਕਿ 23 ਮਾਰਚ ਨੂੰ ਉਨ੍ਹਾਂ ਦੀ ਪਾਰਟੀ ਵਲੋਂ ਪੰਜਾਬ ਬੰਦ ਦਾ ਕੋਈ ਸੱਦਾ ਨਹੀਂ ਦਿਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪੰਜਾਬੀਆਂ ਅਤੇ ਸਿੱਖ ਕੌਮ ਦੇ ਹਰ ਤਰ੍ਹਾਂ ਦੇ ਦੁੱਖ-ਸੁੱਖ ਦਾ ਸਾਂਝੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਅਤੇ ਪੁਲੀਸ ਵੱਲੋਂ ਕੇਂਦਰ ਦੀ ਮੋਦੀ ਹਕੂਮਤ ਦੇ ਸਿਆਸੀ ਸਵਾਰਥਾਂ ਦੀ ਪੂਰਤੀ ਵਾਲੇ ਇਸ਼ਾਰੇ ਨੂੰ ਪ੍ਰਵਾਨ ਕਰਦੇ ਹੋਏ ਸਿੱਖ ਕੌਮ ਤੇ ਜਬਰ ਢਾਹਿਆ ਜਾ ਰਿਹਾ ਹੈ ਅਤੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਸਾਥੀਆਂ ਦੀਆਂ ਗੈਰ ਕਾਨੂੰਨੀ ਗ੍ਰਿਫਤਾਰੀਆਂ ਕਰਕੇ ਸਿੱਖ ਕੌਮ ਨੂੰ ਬਦਨਾਮ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਇਨ੍ਹਾਂ ਵਧੀਕੀਆਂ ਖਿਲਾਫ਼ ਪਾਰਟੀ ਵਲੋਂ ਡਿਪਟੀ ਕਮਿਸਨਰਾ ਰਾਹੀ ਰਾਸਟਰਪਤੀ ਦੇ ਨਾਮ ਮੰਗ ਪੱਤਰ ਦੇਣ ਦੇ ਉਲੀਕੇ ਪ੍ਰੋਗਰਾਮ ਵਿਚ ਆਗੂਆਂ ਵਲੋਂ ਦਿਤੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਫ਼ੋਟੋ ਅਤੇ ਪਾਰਟੀ ਲੋਗੋ ਲਗਾ ਕੇ ਪੰਜਾਬ ਬੰਦ ਦੀ ਇਸ਼ਤਿਹਾਰਬਾਜੀ ਕੀਤੀ ਜਾ ਰਹੀ ਹੈ ਜਦੋਂ ਕਿ ਉਨ੍ਹਾਂ ਦਾ ਇਸ ਨਾਲ ਕੋਈ ਸਬੰਧ ਨਹੀਂ।