Headlines

ਸਿੱਧੂ ਨੂੰ ਸਾਜ਼ਿਸ਼ ਤਹਿਤ ਜੇਲ੍ਹ ਭੇਜਿਆ ਗਿਆ: ਨਵਜੋਤ ਕੌਰ

ਡੇਰਾਬੱਸੀ, 22 ਮਾਰਚ

ਕਾਂਗਰਸੀ ਆਗੂ ਨਵਜੋਤ ਸਿੱਧੂ ਦੀ ਪਤਨੀ ਅਤੇ ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਅੱਜ ਆਪਣੇ ਇਲਾਜ ਲਈ ਡੇਰਾਬੱਸੀ ਦੇ ਨਿੱਜੀ ਹਸਪਤਾਲ ਪਹੁੰਚੇ। ਉਨ੍ਹਾਂ ਨੂੰ ਦੂਜੀ ਸਟੇਜ ਦਾ ਕੈਂਸਰ ਡਾਇਗਨੋਜ਼ ਹੋਇਆ ਹੈ, ਜਿਸ ਦੇ ਇਲਾਜ ਲਈ ਹੀ ਇੱਥੇ ਪਹੁੰਚੇ ਹੋਏ ਸਨ। ਉਨ੍ਹਾਂ ਦਾਅਵਾ ਕੀਤਾ ਕਿ ਸ੍ਰੀ ਸਿੱਧੂ ਨੂੰ ਜਿਸ ਮਾਮਲੇ ਵਿੱਚ ਅੰਦਰ ਕੀਤਾ ਗਿਆ ਹੈ ਉਸ ਵਿੱਚ ਉਨ੍ਹਾਂ ਦਾ ਕੋਈ ਕਸੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨ ਵਾਲੇ ਵਿਅਕਤੀ ਨੂੰ ਸਾਜ਼ਿਸ਼ ਤਹਿਤ ਅੰਦਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਾਦਲਾਂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਸਾਰੀ ਸਾਜ਼ਿਸ਼ ਰਚੀ ਗਈ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਪਤੀ ਦੀ ਬੇਕਸੂਰੀ ਦਾ ਸਬੂਤ ਦੇ ਕੇ ਮੁੱਖ ਮੰਤਰੀ ਨੂੰ ਚਰਿੱਤਰ ਪ੍ਰਮਾਣ ਦੇਣ ਦੀ ਅਪੀਲ ਕੀਤੀ ਸੀ ਪਰ ਮੁੱਖ ਮੰਤਰੀ ਸਾਹਿਬ ਨੇ ਲਿਖਣ ਦੀ ਥਾਂ ਫਾਈਲ ਹੀ ਗੁੰਮ ਕਰ ਦਿੱਤੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਨਵਜੋਤ ਸਿੰਘ ਸਿੱਧੂ ਦੇ ਪਹਿਲੀ ਅਪਰੈਲ ਤੱਕ ਪਟਿਆਲਾ ਜੇਲ੍ਹ ’ਚੋਂ ਬਾਹਰ ਆ ਜਾਣ ਦੀ ਆਸ ਹੈ। ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਉਹ ਸਰਕਾਰ ਦੇ ਨਾਲ ਹਨ।