Headlines

ਅਕਾਲ ਤਖ਼ਤ ਦੇ ਜਥੇਦਾਰ ਨੇ ਸਿੱਖ ਜਥੇਬੰਦੀਆਂ ਦੀ 27 ਨੂੰ ਮੀਟਿੰਗ ਸੱਦੀ

ਅੰਮ੍ਰਿਤਸਰ, 22 ਮਾਰਚ

ਪੰਜਾਬ ਵਿੱਚ ਬਣੇ ਮੌਜੂਦਾ ਦਹਿਸ਼ਤ ਵਾਲੇ ਹਾਲਾਤ ਅਤੇ ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਦੇ ਮਾਮਲਿਆਂ ਨੂੰ ਵਿਚਾਰਨ ਵਾਸਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਸੰਸਥਾਵਾਂ, ਸੰਪਰਦਾਵਾਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇੱਕ ਅਹਿਮ ਮੀਟਿੰਗ 27 ਮਾਰਚ ਨੂੰ ਸੱਦੀ ਗਈ ਹੈ। ਅਕਾਲ ਤਖ਼ਤ ਦੇ ਸਕੱਤਰੇਤ ਵੱਲੋਂ ਇਸ ਸਬੰਧ ਵਿੱਚ ਇੱਕ ਪੋਸਟਰ ਵੀ ਸੋਸ਼ਲ ਮੀਡੀਆ ’ਤੇ ਜਾਰੀ ਕੀਤਾ ਗਿਆ ਹੈ। ਪੋਸਟਰ ਵਿੱਚ ਦੱਸਿਆ ਗਿਆ ਹੈ ਕਿ ਇਹ ਸਾਂਝੀ ਵਿਸ਼ੇਸ਼ ਇਕੱਤਰਤਾ 27 ਮਾਰਚ ਨੂੰ ਦੁਪਹਿਰ 12 ਵਜੇ ਅੰਮ੍ਰਿਤਸਰ ਵਿੱਚ ਹੋਵੇਗੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਿੱਜੀ ਸਕੱਤਰ ਜਸਪਾਲ ਸਿੰਘ ਨੇ ਇਸ ਇਕੱਤਰਤਾ ਬਾਰੇ ਪੁਸ਼ਟੀ ਕੀਤੀ ਹੈ। ਇਸ ਵਿਸ਼ੇਸ਼ ਇਕੱਤਰਤਾ ਦੇ ਏਜੰਡੇ ਵਿੱਚ ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿੱਚ ਲੰਮੇ ਸਮੇਂ ਤੋਂ ਬਣੇ ਬੇਚੈਨੀ ਵਾਲੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਨਾਜਾਇਜ਼ ਗ੍ਰਿਫਤਾਰੀਆਂ ਬਾਰੇ ਵਿਚਾਰ ਵਟਾਂਦਰਾ ਕਰਨਾ ਸ਼ਾਮਲ ਕਰਨਾ ਸ਼ਾਮਲ ਹੈ। ਇਸ ਸਬੰਧੀ ਜਾਰੀ ਕੀਤੇ ਗਏ ਪੋਸਟਰ ’ਚ ਦੱਸਿਆ ਗਿਆ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਦੀਆਂ ਸ਼੍ਰੋਮਣੀ ਸਿੱਖ ਸੰਸਥਾਵਾਂ, ਸਿੱਖ ਸੰਪਰਦਾਵਾਂ, ਸਿੱਖ ਜਥੇਬੰਦੀਆਂ, ਬੁਧੀਜੀਵੀ, ਵਕੀਲਾਂ, ਪੱਤਰਕਾਰਾਂ ਆਦਿ ਦੇ ਨੁਮਾਇੰਦਿਆਂ ਨਾਲ ਇਸ ਏਜੰਡੇ ਬਾਰੇ ਗੱਲਬਾਤ ਕੀਤੀ ਜਾਵੇਗੀ। ਸਮੂਹ ਧਿਰਾਂ ਨਾਲ ਵਿਚਾਰ ਉਪਰੰਤ ਅਕਾਲ ਤਖਤ ਦੀ ਅਗਵਾਈ ਹੇਠ ਭਵਿੱਖੀ ਵਿਉਂਤਬੰਦੀ ਕੀਤੀ ਜਾਵੇਗੀ। ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਪੰਜਾਬ ਸਰਕਾਰ ਨੂੰ ਮੌਜੂਦਾ ਹਾਲਾਤ ਬਾਰੇ ਸਥਿਤੀ ਸਪਸ਼ਟ ਕਰਨ ਲਈ ਕਿਹਾ ਸੀ।