Headlines

ਕੇਂਦਰ ਰਾਹੁਲ ਦੀ ਆਵਾਜ਼ ਬੰਦ ਕਰਨ ਦਾ ਸੁਫ਼ਨਾ ਵਿਸਾਰ ਦੇਵੇ: ਵੜਿੰਗ

ਬੰਗਾ, 23 ਮਾਰਚ

ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਖਟਕੜ ਕਲਾਂ ਪਹੁੰਚੇ। ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕਰਨ ਮਗਰੋਂ ਰਾਜਾ ਵੜਿੰਗ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਦੀ ਆਵਾਜ਼ ਬੰਦ ਕਰਨ ਲਈ ਕੋਝੀਆਂ ਚਾਲਾਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਦੇ ਕਾਫ਼ਲੇ ਨੂੰ ਰੋਕਣ ਦਾ ਕੇਂਦਰ ਸਰਕਾਰ ਦਾ ਸੁਫ਼ਨਾ ਕਦੇ ਪੂਰਾ ਨਹੀਂ ਹੋਵੇਗਾ। ਪੰਜਾਬ ਸਰਕਾਰ ਬਾਰੇ ਗੱਲ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਕਿਸੇ ਅਨਜਾਣ ਬੰਦੇ ਦੇ ਹੱਥ ਗੱਡੀ ਫੜਾ ਦੇਣ ਬਰਾਬਰ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਇਸ ਤ੍ਰਾਸਦੀ ਲਈ ਸਿਰਫ਼ ‘ਆਪ’ ਸਰਕਾਰ ਜ਼ਿੰਮੇਵਾਰ ਹੈ। ਸ੍ਰੀ ਵੜਿੰਗ ਨੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਸਿਰਫ਼ ਬਿਆਨਬਾਜ਼ੀ ਤੇ ਇਸ਼ਤਿਹਾਰਬਾਜ਼ੀ ਤੱਕ ਹੀ ਸੀਮਤ ਹੈ, ਜਦਕਿ ਇਸ ਦੀ ਕਾਰਗੁਜ਼ਾਰੀ ਦੀ ਹਕੀਕਤ ਬਿਲਕੁਲ ਉਲਟ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਇਹ ਮਾਹੌਲ ਤਿਆਰ ਕਰਕੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣਾ ਚਾਹੁੰਦੀ ਹੈ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਰਾਜ ਕੁਮਾਰ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਦਰਬਜੀਤ ਸਿੰਘ ਪੂਨੀ ਤੇ ਸਾਬਕਾ ਵਿਧਾਇਕ ਤਰਲੋਚਨ ਸਿੰਘ ਵੀ ਸਨ।

ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ’ਚ ਖਾਧੀ ਸਹੁੰ ਝੂਠੀ ਸਾਬਤ ਹੋਈ: ਚੰਦੂਮਾਜਰਾ

ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਆਗੂ ਅੱਜ ਸਾਂਝੇ ਕਾਫਲੇ ਨਾਲ ਖਟਕੜ ਕਲਾਂ ਪੁੱਜੇ। ਇਥੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਯਾਦਗਾਰੀ ਸਮਾਰਕ ’ਤੇ ਸ਼ਰਧਾਂਜਲੀ ਭੇਟ ਕਰਨ ਮਗਰੋਂ ਆਗੂਆਂ ਨੇ ਸੂਬੇ ਦੇ ਮੌਜੂਦਾ ਹਾਲਤ ਲਈ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ’ਚ ਖਾਧੀ ਸਹੁੰ ਝੂਠੀ ਸਾਬਤ ਹੋਈ ਹੈ ਕਿਉਂਕਿ ਇੱਕ ਸਾਲ ਦੇ ਰਾਜ ਵਿੱਚ ਹੀ ਸੂਬੇ ਸਿਰ ਚੜ੍ਹੀ ਕਰਜ਼ੇ ਦੀ ਪੰਡ ਹੋਰ ਭਾਰੀ ਕਰ ਦਿੱਤੀ ਹੈ। ਉਨ੍ਹਾਂ ਮੌਜੂਦਾ ਹਾਲਾਤ ਬਾਰੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਾਜਾਇਜ਼ ਢੰਗ ਨਾਲ ਜੇਲ੍ਹਾਂ ’ਚ ਡੱਕਿਆ ਜਾ ਰਿਹਾ ਹੈ। ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਅੰਦਰ ਕਾਨੂੰਨ ਵਿਵਸਥਾ ਵਿਗੜਣ, ਬੇਰਜ਼ਗਾਰੀ ਅਤੇ ਮਹਿੰਗਾਈ ਦੇ ਮੁੱਦੇ ਚੁੱਕੇ।