Headlines

ਬਾਘਾਪੁਰਾਣਾ ਤੋਂ ‘ਆਪ’ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਆਹ ਬੰਧਨ ’ਚ ਬੱਝੇ

ਮੋਗਾ, 2 ਅਪਰੈਲ

ਪੰਜਾਬ ਦੇ ਆਮ ਆਦਮੀ ਪਾਰਟੀ ਦੇ ਇਕ ਹੋਰ ਵਿਧਾਇਕ ਵਿਆਹ ਬੰਧਨ ਵਿਚ ਬੱਝ ਗਏ ਹਨ। ਬਾਘਾ ਪੁਰਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਵਿਆਹ ਕਰਵਾ ਲਿਆ ਹੈ। ਉਨ੍ਹਾਂ ਦੀ ਮੰਗਣੀ ਇਸੇ ਵਰ੍ਹੇ 22 ਫ਼ਰਵਰੀ ਨੂੰ ਹੋਈ ਸੀ। ਵਿਆਹ ਸਮਾਗਮ ਵਿਚ ਕੈਬਨਿਟ ਮੰਤਰੀਆਂ, ਮੁੱਖ ਮੰਤਰੀ ਦੀ ਪਤਨੀ ਤੇ ਵਿਧਾਇਕਾਂ ਨੇ ਸ਼ਿਰਕਤ ਕੀਤੀ। ਇਹ ਜਾਣਕਾਰੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਟਵੀਟ ਕਰਕੇ ਸਾਂਝੀ ਕਰਦਿਆਂ ਦੱਸਿਆ ਕਿ ਵਿਆਹ ਸਮਾਗਮ ਸ਼ਿਮਲਾ ਦੇ ਕੁਫਰੀ ਵਿਚ ਹੋਇਆ। ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦਾ ਵਿਆਹ ਬਾਬਾ ਰੇਸ਼ਮ ਸਿੰਘ ਸ੍ਰੀ ਮੁਕਤਸਰ ਸਾਹਿਬ ਦੀ ਪੋਤੀ ਰਾਜਵੀਰ ਕੌਰ ਨਾਲ ਹੋਇਆ। ਇਸ ਮੌਕੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸੁਰਮੇ ਦੀ ਰਸਮ ਨਿਭਾਈ। ਵਿਆਹ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ, ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਹੋਰ ਵਿਧਾਇਕਾਂ ਵੱਲੋਂ ਨਵੀ ਜੋੜੀ ਨੂੰ ਆਸ਼ੀਰਵਾਦ ਦਿੱਤਾ ਗਿਆ। ਸੂਬੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਭ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਫਿਰੋਜ਼ਪੁਰ ਸ਼ਹਿਰੀ ਤੋਂ ‘ਆਪ’ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵਿਆਹ ਕਰਵਾਇਆ। ਇਸ ਤੋਂ ਬਾਅਦ ਵਿਧਾਇਕਾ ਨਰਿੰਦਰ ਕੌਰ ਭਰਾਜ, ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਹਾਲ ਹੀ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਆਹ ਆਈਪੀਐੱਸ ਅਧਿਕਾਰੀ ਜੋਤੀ ਯਾਦਵ ਨਾਲ ਹੋਇਆ ਹੈ।