Headlines

ਮਾਣਹਾਨੀ ਮਾਮਲੇ ’ਚ ਸੂਰਤ ਦੀ ਅਦਾਲਤ ’ਚ 3 ਅਪਰੈਲ ਨੂੰ ਅਪੀਲ ਦਾਇਰ ਕਰਨਗੇ ਰਾਹੁਲ ਗਾਂਧੀ

ਨਵੀਂ ਦਿੱਲੀ-ਕਾਂਗਰਸੀ ਆਗੂ ਰਾਹੁਲ ਗਾਂਧੀ ਵਲੋਂ ਸੂਰਤ ਦੀ ਅਦਾਲਤ ਵਿੱਚ ਮਾਣਹਾਨੀ ਦੇ ਮਾਮਲੇ ਵਿੱਚ ਆਪਣੀ ਸਜ਼ਾ ਖ਼ਿਲਾਫ਼ 3 ਅਪਰੈਲ ਨੂੰ ਅਪੀਲ ਕਰਨ ਦੀ ਸੰਭਾਵਨਾ ਹੈ। ਕਾਂਗਰਸੀ ਸੂਤਰਾਂ ਨੇ ਏਐਨਆਈ ਖਬਰ ਏਜੰਸੀ ਨੂੰ ਦੱਸਿਆ ਕਿ ਕਾਨੂੰਨੀ ਟੀਮ ਨੇ ਸਾਰੀ ਤਿਆਰੀ ਮੁਕੰਮਲ ਕਰ ਲਈ ਹੈ। ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਸੀ ਕਿ ਇਕ ਕਾਨੂੰਨੀ ਟੀਮ ਇਸ ਮਾਮਲੇ ’ਤੇ ਕੰਮ ਕਰ ਰਹੀ ਹੈ।

ਖੜਗੇ ਨੇ ਕਿਹਾ ਕਿ ਪਾਰਟੀ ਇਸ ਮਾਮਲੇ ਦਾ ਰਾਜਨੀਤਿਕ ਅਤੇ ਕਾਨੂੰਨੀ ਤੌਰ ’ਤੇ ਸਾਹਮਣਾ ਕਰਨ ਲਈ ਤਿਆਰ ਹੈ। ਉਨ੍ਹਾਂ ਰਾਹੁਲ ਗਾਂਧੀ ਨੂੰ ਜਲਦਬਾਜ਼ੀ ਵਿੱਚ ਅਯੋਗ ਠਹਿਰਾਉਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਕਾਂਗਰਸ ਨੇ ਰਾਹੁਲ ਨੂੰ ਲੋਕ ਸਭਾ ਤੋਂ ਅਯੋਗ ਠਹਿਰਾਏ ਜਾਣ ਦੇ ਵਿਰੋਧ ਅਤੇ ਅਡਾਨੀ ਸਮੂਹ ਖਿਲਾਫ ਲਗਾਏ ਗਏ ਧੋਖਾਧੜੀ ਦੇ ਦੋਸ਼ਾਂ ਦੀ ਜਾਂਚ ਦੀ ਆਪਣੀ ਮੰਗ ਨੂੰ ਦਬਾਉਣ ਲਈ ਕੇਂਦਰ ਖਿਲਾਫ ਦੇਸ਼ ਭਰ ਵਿੱਚ ਸੱਤਿਆਗ੍ਰਹਿ ਸ਼ੁਰੂ ਕੀਤਾ ਹੈ।