Headlines

ਬੀ. ਚੰਦਰ ਸ਼ੇਖਰ ਦੀ ਥਾਂ ਅਰੁਣਪਾਲ ਨੂੰ ਏਡੀਜੀਪੀ ਜੇਲ੍ਹਾਂ ਲਾਇਆ

ਚੰਡੀਗੜ੍ਹ, 8 ਅਪਰੈਲ

ਪੰਜਾਬ ਸਰਕਾਰ ਨੇ ਸੀਨੀਅਰ ਆਈਪੀਐੱਸ ਅਧਿਕਾਰੀ ਅਰੁਣਪਾਲ ਸਿੰਘ ਨੂੰ ਵਧੀਕ ਡੀਜੀਪੀ (ਜੇਲ੍ਹਾਂ) ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਆਈਪੀਐੱਸ ਅਧਿਕਾਰੀ ਬੀ. ਚੰਦਰ ਸ਼ੇਖਰ ਦੀ ਥਾਂ ਲਗਾਇਆ ਗਿਆ ਹੈ। ਸਰਕਾਰ ਵੱਲੋਂ ਅੱਜ ਜਾਰੀ ਕੀਤੇ ਹੁਕਮਾਂ ਵਿੱਚ ਬੀ. ਚੰਦਰ ਸ਼ੇਖਰ ਨੂੰ ਤਬਦੀਲ ਤਾਂ ਕਰ ਦਿੱਤਾ ਗਿਆ ਹੈ ਪਰ ਉਨ੍ਹਾਂ ਨੂੰ ਨਵੀਂ ਤਾਇਨਾਤੀ ਨਹੀਂ ਦਿੱਤੀ ਗਈ। ਸਰਕਾਰ ਦੀ ਇਸ ਤਾਜ਼ਾ ਕਾਰਵਾਈ ਨੂੰ ਜੇਲ੍ਹ ’ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਇੱਕ ਟੈਲੀਵਿਜ਼ਨ ਚੈਨਲ ਨੂੰ ਦਿੱਤੀ ਇੰਟਰਵਿਊ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਸ ਇੰਟਰਵਿਊ ਤੋਂ ਬਾਅਦ ਸਰਕਾਰ ਦੀ ਕਿਰਕਰੀ ਹੀ ਨਹੀਂ ਹੋਈ, ਸਗੋਂ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਵੀ ਸਵਾਲਾਂ ਦੇ ਘੇਰੇ ਵਿੱਚ ਆ ਗਈ ਸੀ। ਸਰਕਾਰ ਵੱਲੋਂ ਗੈਂਗਸਟਰ ਦੀ ਇੰਟਰਵਿਊ ਦੇ ਮਾਮਲੇ ਵਿੱਚ ਜਾਂਚ ਦੇ ਹੁਕਮ ਵੀ ਦਿੱਤੇ ਹੋਏ ਹਨ। ਹਾਲਾਂਕਿ, ਇਸ ਜਾਂਚ ਕਮੇਟੀ ਦੀ ਕੋਈ ਰਿਪੋਰਟ ਹਾਲ ਦੀ ਘੜੀ ਸਾਹਮਣੇ ਨਹੀਂ ਆਈ। ਰਿਪੋਰਟ ਆਉਣ ਤੋਂ ਪਹਿਲਾਂ ਹੀ ਸਰਕਾਰ ਵੱਲੋਂ ਜੇਲ੍ਹਾਂ ਦੇ ਮੁਖੀ ਨੂੰ ਤਬਦੀਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਹਮੇਸ਼ਾ ਸੁਰਖ਼ੀਆਂ ਵਿੱਚ ਰਹੀਆਂ ਹਨ। ਗੈਂਗਸਟਰਾਂ ਨੂੰ ਜੇਲ੍ਹਾਂ ਵਿੱਚ ਮਿਲਦੀਆਂ ਸਹੂਲਤਾਂ ਅਤੇ ਲਗਾਤਾਰ ਜੇਲ੍ਹਾਂ ਅੰਦਰ ਮੋਬਾਈਲ ਫੋਨ ਦੀ ਵਰਤੋਂ ਦੀਆਂ ਰਿਪੋਰਟਾਂ ਜੇਲ੍ਹ ਸਟਾਫ਼ ਦੀ ਕਾਰਗੁਜ਼ਾਰੀ ’ਤੇ ਵੀ ਸਵਾਲੀਆ ਨਿਸ਼ਾਨ ਲਾਉਂਦੀਆਂ ਹਨ। ਪੰਜਾਬ ਦੀਆਂ ਜੇਲ੍ਹਾਂ ਵਿੱਚ ਇਸ ਸਮੇਂ ਗੈਂਗਸਟਰ ਅਤੇ ਹੋਰ ਕਈ ਤਰ੍ਹਾਂ ਦੇ ਖ਼ਤਰਨਾਕ ਅਪਰਾਧੀ ਬੰਦ ਹਨ। ਦੱਸਣਾ ਬਣਦਾ ਹੈ ਕਿ ਪੰਜਾਬ ਪੁਲੀਸ ਵੱਲੋਂ ਪਿਛਲੇ ਦਿਨੀਂ ਕੌਮੀ ਸੁਰੱਖਿਆ ਐਕਟ (ਐੱਨਐੱਸਏ) ਅਧੀਨ ਗ੍ਰਿਫ਼ਤਾਰ ਵਿਅਕਤੀਆਂ ਨੂੰ ਅਸਾਮ ਦੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਸੀ।