Headlines

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਮੁਹਾਲੀ ਦੇ ਪ੍ਰਾਈਵੇਟ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਹ 95 ਵਰ੍ਹਿਆਂ ਦੇ ਸਨ। ਜ਼ਿਕਰਯੋਗ ਹੈ ਕਿ ਸਿਹਤ ਵਿਗੜਨ ਕਾਰਨ ਪ੍ਰਕਾਸ਼ ਸਿੰਘ ਬਾਦਲ 21 ਅਪਰੈਲ ਤੋਂ ਹਸਪਤਾਲ ਦੇ ਆਈਸੀਯੂ ਵਿਚ ਦਾਖ਼ਲ ਸਨ।

 ਪਿੰਡ ਬਾਦਲ ਵਿੱਚ ਹੋਵੇਗਾ ਸਸਕਾਰ-

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ 27 ਅਪਰੈਲ ਨੂੰ ਬਾਅਦ ਦੁਪਹਿਰ ਇਕ ਵਜੇ ਪਿੰਡ ਬਾਦਲ ਵਿੱਚ ਹੋਵੇਗਾ। ਸ੍ਰੀ ਬਾਦਲ ਦੀ ਮ੍ਰਿਤਕ ਦੇਹ ਭਲਕੇ 26 ਅਪਰੈਲ ਨੂੰ ਸਵੇਰੇ 10 ਵਜੇ ਤੋਂ 12 ਵਜੇ ਤੱਕ ਪਾਰਟੀ ਦੇ ਚੰਡੀਗੜ੍ਹ ਵਿਚਲੇ ਸੈਕਟਰ 28 ਸਥਿਤ ਦਫ਼ਤਰ ਵਿੱਚ ਲੋਕਾਂ ਦੇ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ। ਮਗਰੋਂ ਅੰਤਿਮ ਯਾਤਰਾ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ ਫੂਲ ਤੇ ਬਠਿੰਡਾ ਹੁੰਦੀ ਹੋਈ ਪਿੰਡ ਬਾਦਲ ਪੁੱਜੇਗੀ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਮੋਦੀ ਨੇ ਦੁੱਖ ਪ੍ਰਗਟਾਇਆ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਨੂੰ ‘ਨਿੱਜੀ ਘਾਟਾ’ ਦੱਸਿਆ ਹੈ। ਸ੍ਰੀ ਮੋਦੀ ਨੇ ਕਿਹਾ ਉਹ ਭਾਰਤੀ ਰਾਜਨੀਤੀ ਦੀ ਆਦਮ ਕੱਦ ਸ਼ਖ਼ਸੀਅਤ ਸਨ, ਜਿਨ੍ਹਾਂ ਰਾਸ਼ਟਰ ਲਈ ਵੱਡਾ ਯੋਗਦਾਨ ਪਾਇਆ। ਸ੍ਰੀ ਮੋਦੀ ਨੇ ਟਵੀਟ ਵਿੱਚ ਕਿਹਾ, ‘‘ਸ੍ਰੀ ਪ੍ਰਕਾਸ਼ ਸਿੰਘ ਬਾਦਲ ਜੀ ਦੇ ਦੇਹਾਂਤ ਨਾਲ ਵੱਡਾ ਦੁਖ ਹੋਇਆ ਹੈ। ਉਹ ਭਾਰਤੀ ਸਿਆਸਤ ਦੀ ਵੱਡ ਆਕਾਰੀ ਸ਼ਖ਼ਸੀਅਤ ਸਨ ਤੇ ਉਹ ਸ਼ਾਨਦਾਰ ਸਿਆਸਤਦਾਨ ਸਨ, ਜਿਨ੍ਹਾਂ ਦੇਸ਼ ਲਈ ਵੱਡਾ ਯੋਗਦਾਨ ਪਾਇਆ।’’ ਪ੍ਰਧਾਨ ਮੰਤਰੀ ਨੇ ਕਿਹਾ ਕਿ ਸ੍ਰੀ ਬਾਦਲ ਨੇ ਪੰਜਾਬ ਦੀ ਤਰੱਕੀ ਤੇ ਵਿਕਾਸ ਲਈ ਅਣਥੱਕ ਕੰਮ ਕੀਤਾ ਤੇ ਨਾਜ਼ੁਕ ਸਮਿਆਂ ਵਿੱਚ ਵੀ ਉਨ੍ਹਾਂ ਸੂਬੇ ਦੀ ਮੂਹਰੇ ਹੋ ਕੇ ਅਗਵਾਈ ਕੀਤੀ।ਉਧਰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ੍ਰੀ ਬਾਦਲ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਨੂੰ ਧਰਤੀ ਦਾ ਪੁੱਤਰ ਦੱਸਿਆ, ਜੋ ਹਮੇਸ਼ਾਂ ਆਪਣੀਆਂ ਜੜ੍ਹਾਂ ਨਾਲ ਜੁੜੇ ਰਹੇ।