Headlines

ਮੁੱਖ ਮੰਤਰੀ ਭਗਵੰਤ ਮਾਨ ਡਾ. ਨਿੱਝਰ ਦੇ ਅਸਤੀਫ਼ੇ ਬਾਰੇ ਚੁੱਪੀ ਤੋੜਨ – ਪ੍ਰੋ. ਸਰਚਾਂਦ ਸਿੰਘ

ਅੰਮ੍ਰਿਤਸਰ, 2 ਜੂਨ- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਅਤੇ ਭਾਜਪਾ ਕਾਰਜਕਾਰਣੀ ਮੈਂਬਰ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਡਾ. ਇੰਦਰਜੀਤ ਸਿੰਘ ਨਿੱਝਰ ਵੱਲੋਂ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁੱਪੀ ਤੋੜਨ ਦੀ ਮੰਗ ਕੀਤੀ ਹੈ।
ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਡਾ. ਨਿੱਝਰ ਦੇ ਪੰਜਾਬ ਮੰਤਰੀ ਮੰਡਲ ਵਿਚੋਂ ਬਾਹਰ ਹੋ ਜਾਣ ਦਾ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਬਹੁਤ ਅਫ਼ਸੋਸ ਹੈ। ਪਰ ਪੰਜਾਬ ਦੇ ਲੋਕ ਸਚਾਈ ਜਾਣਨਾ ਚਾਹੁੰਦੇ ਹਨ। ਲੋਕਾਂ ਦਾ ਹੱਕ ਉਸ ਸਮੇਂ ਹੋਰ ਵੀ ਮਜ਼ਬੂਤ ਹੋ ਜਾਂਦਾ ਹੈ ਜਦੋਂ ਇਸ ਮੁੱਦੇ ਨਾਲ ਸੰਬੰਧਿਤ ਵਿਅਕਤੀ ਸਿੱਖਾਂ ਦੀ ਇਤਿਹਾਸਕ ਤੇ ਅਹਿਮ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦਾ ਵੀ ਪ੍ਰਧਾਨ ਹੋਵੇ, ਇਸ ਲਈ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਇਕ ਮੰਤਰੀ ਵਜੋਂ ਡਾ. ਨਿੱਝਰ ਨੂੰ ਅਹੁਦੇ ਤੋਂ ਫ਼ਾਰਗ ਕਰਨ ਦੇ ਕਾਰਨਾਂ ਨੂੰ ਲੋਕਾਂ ਸਾਹਮਣੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ ਡਾ. ਨਿੱਝਰ ਦੇ ਅਸਤੀਫ਼ੇ ਨੂੰ ਨਿੱਜੀ ਕਾਰਨਾਂ ਨਾਲ ਜੋੜਿਆ ਜਾ ਰਿਹਾ ਹੈ। ਪਰ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਵਜੋਂ ਇਸ ਸੰਸਥਾ ਦੀਆਂ ਜ਼ਿੰਮੇਵਾਰੀਆਂ ਇਕ ਸਥਾਨਕ ਸਰਕਾਰਾਂ ਬਾਰੇ ਮੰਤਰੀ ਦੀਆਂ ਜ਼ਿੰਮੇਵਾਰੀਆਂ ਨਾਲੋਂ ਕਿਸੇ ਤਰਾਂ ਵੀ ਘੱਟ ਨਹੀਂ ਹਨ, ਸਗੋਂ ਵੱਧ ਹਨ।