Headlines

12,710 ਅਧਿਆਪਕਾਂ ਨਾਲ ਜੁੜਿਆ ‘ਕੱਚਾ’ ਸ਼ਬਦ ਹਟਾਇਆ

ਠੇਕਾ ਆਧਾਰਤ ਅਧਿਆਪਕਾਂ ਨੂੰ ਰੈਗੂਲਰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ-

ਸਰਕਾਰੀ ਸਕੂਲਾਂ ਦੇ 20,000 ਵਿਦਿਆਰਥੀਆਂ ਲਈ ਮੁਫ਼ਤ ਬੱਸ ਸੇਵਾ ਸ਼ੁਰੂ ਕਰਨ ਦੇ ਪਾਇਲਟ ਪ੍ਰਾਜੈਕਟ ਲਈ 21 ਕਰੋੜ ਰੁਪਏ ਜਾਰੀ

ਚੰਡੀਗੜ੍ਹ-ਸੂਬੇ ਵਿੱਚ ‘ਨਵੇਂ ਯੁੱਗ ਦੀ ਸ਼ੁਰੂਆਤ’ ਦੀ ਦਿਸ਼ਾ ਵਿੱਚ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ 12,710 ਠੇਕਾ ਆਧਾਰਤ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਦੇ ਪੱਤਰ ਸੌਂਪ ਕੇ ਅਧਿਆਪਕ ਵਰਗ ਨਾਲ ਕੀਤੇ ਵੱਡੇ ਵਾਅਦਾ ਨੂੰ ਪੂਰਾ ਕਰ ਦਿਖਾਇਆ ਹੈ।

ਇੱਥੇ ਟੈਗੋਰ ਥੀਏਟਰ ਵਿਖੇ ਹੋਏ ਇਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਬਾਅਦ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਅੜਚਣਾਂ ਨੂੰ ਪਾਰ ਕਰਦਿਆਂ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ `ਤੇ ਜ਼ੋਰ ਦਿੱਤਾ ਹੈ।ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਦਾ ਮੰਤਵ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਨੂੰ ਯਕੀਨੀ ਬਣਾਉਣਾ ਹੈ ਕਿਉਂਕਿ ਉਨ੍ਹਾਂ ਦਾ ਵਿਸ਼ਵਾਸ ਹੈ ਕਿ ਜੇ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਹੈ ਤਾਂ ਹੀ ਉਹ ਵਿਦਿਆਰਥੀਆਂ ਦੀ ਕਿਸਮਤ ਨੂੰ ਬਦਲ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਠੋਸ ਉਪਰਾਲਿਆਂ ਸਦਕਾ ਹੀ ਅੱਜ ਇਹ ਇਤਿਹਾਸਕ ਦਿਨ ਦੇਖਣ ਨੂੰ ਮਿਲ ਰਿਹਾ ਹੈ।

ਹੋਰ ਮੁਲਾਜ਼ਮਾਂ ਨਾਲ ਆਪਣੀ ਭਾਵੁਕ ਸਾਂਝ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਮੁਲਾਜ਼ਮ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਇਹ ਆਖਦਿਆਂ ਕਿ ਉਹ ਅਧਿਆਪਕ ਵਰਗ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਮੌਜੂਦ ਹਨ, ਭਗਵੰਤ ਮਾਨ ਨੇ ਕਿਹਾ ਕਿ ਉਹ ਇੱਕ ਅਧਿਆਪਕ ਦੇ ਪੁੱਤਰ ਹੋਣ ਦੇ ਨਾਤੇ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਅਧਿਆਪਕਾਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਉਨ੍ਹਾਂ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਖਜ਼ਾਨਾ ਲੋਕਾਂ ਦਾ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਇਕ-ਇਕ ਪੈਸਾ ਸਮਝਦਾਰੀ ਨਾਲ ਵਰਤਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿਸੇ `ਤੇ ਕੋਈ ਅਹਿਸਾਨ ਨਹੀਂ ਹੈ, ਸਗੋਂ ਸੂਬੇ ਅਤੇ ਜਨਤਾ ਦੀ ਸੇਵਾ ਕਰਨਾ ਉਨ੍ਹਾਂ ਦਾ ਮੁੱਢਲਾ ਫ਼ਰਜ਼ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ੁਸ਼ ਹਨ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ `ਤੇ ਇੰਨਾ ਭਰੋਸਾ ਜਤਾਇਆ ਹੈ ਅਤੇ ਉਹ ਇਸ ਵਿਸ਼ਵਾਸ ਨੂੰ ਕਾਇਮ ਰੱਖਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੋਂ ਇਨ੍ਹਾਂ ਅਧਿਆਪਕਾਂ ਦੇ ਨਾਂ ਅੱਗਿਓਂ ‘ਕੱਚੇ’ ਸ਼ਬਦ ਹਮੇਸ਼ਾ ਲਈ ਹਟ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਹਰ ਸਾਲ ਪੰਜ ਫੀਸਦੀ ਤਨਖ਼ਾਹ ਵਾਧੇ ਦੇ ਨਾਲ-ਨਾਲ ਛੁੱਟੀਆਂ ਸਮੇਤ ਹੋਰ ਲਾਭ ਵੀ ਦਿੱਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਹੋਰ ਇਤਿਹਾਸਕ ਪਹਿਲਕਦਮੀ ਕਰਦਿਆਂ ਫੈਸਲਾ ਕੀਤਾ ਹੈ ਕਿ ਅਧਿਆਪਕ ਸਿਰਫ਼ ਅਧਿਆਪਨ ਕਾਰਜ ਨਾਲ ਸਬੰਧਤ ਸੇਵਾ ਨਿਭਾਉਣਗੇ ਅਤੇ ਉਨ੍ਹਾਂ ਦੀ ਕਿਸੇ ਗੈਰ-ਅਧਿਆਪਨ ਕਾਰਜ ਲਈ ਡਿਊਟੀ ਨਹੀਂ ਲਗਾਈ ਜਾਵੇਗੀ।

ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਵਿੱਚ ਮਰਦਮਸ਼ੁਮਾਰੀ ਲਈ 66,000 ਅਧਿਆਪਕਾਂ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਉਨ੍ਹਾਂ ਵੱਲੋਂ ਸਪੱਸ਼ਟ ਸ਼ਬਦਾਂ ਵਿੱਚ ਇਨਕਾਰ ਕਰ ਦਿੱਤਾ ਗਿਆ ਅਤੇ ਕੇਂਦਰ ਸਰਕਾਰ ਨੂੰ ਇਸ ਮੰਤਵ ਲਈ ਬੇਰੋਜ਼ਗਾਰ ਨੌਜਵਾਨਾਂ ਨੂੰ ਭਰਤੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਸਰਕਾਰੀ ਕੰਮਕਾਜ ਕਰਨ ਬਾਰੇ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਹੁਨਰ ਵਿਕਾਸ ਵਿੱਚ ਵੀ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਫੈਸਲੇ ਸਿਰਫ਼ ਉਹੀ ਵਿਅਕਤੀ ਲੈ ਸਕਦਾ ਹੈ ਜੋ ਜ਼ਮੀਨੀ ਪੱਧਰ `ਤੇ ਲੋਕਾਂ ਨਾਲ ਜੁੜਿਆ ਹੋਵੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼਼ੁਰੂ ਕਰੇਗੀ ਅਤੇ ਇਸ ਲਈ 20,000 ਵਿਦਿਆਰਥੀਆਂ ਲਈ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ, ਜਿਸ ਵਿੱਚ 12,000 ਲੜਕੀਆਂ ਅਤੇ 8,000 ਲੜਕੇ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਲਈ 21 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਜਾ ਚੁੱਕਾ ਹੈ, ਜਿਸ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਬੱਸਾਂ ਨੂੰ ਜੀ.ਪੀ.ਐੱਸ. ਸਿਸਟਮ ਨਾਲ ਲੈੱਸ ਕੀਤਾ ਜਾਵੇਗਾ ਤਾਂ ਜੋ ਮਾਪੇ ਬੱਸਾਂ ਦੀ ਆਵਾਜਾਈ `ਤੇ ਨਜ਼ਰ ਰੱਖ ਸਕਣ। ਉਨ੍ਹਾਂ ਅੱਗੇ ਕਿਹਾ ਕਿ ਇਹ ਕਦਮ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਅਹਿਮ ਭੂਮਿਕਾ ਨਿਭਾਏਗਾ।

ਇਸ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਿਭਾਗ ਵਿੱਚ ਕ੍ਰਾਂਤੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

ਜ਼ਿਕਰਯੋਗ ਹੈ ਕਿ ਬੀ.ਏ ਪਾਸ ਸਿੱਖਿਆ ਪ੍ਰੋਵਾਈਡਰ (ਐਸੋਸੀਏਟ ਟੀਚਰ) ਜੋ ਪਹਿਲਾਂ 9500 ਰੁਪਏ ਤਨਖ਼ਾਹ ਲੈ ਰਹੇ ਸਨ, ਨੂੰ ਹੁਣ 20500 ਰੁਪਏ ਤਨਖਾਹ ਵਜੋਂ ਮਿਲਣਗੇ, ਜਦਕਿ ਈ.ਟੀ.ਟੀ. ਅਤੇ ਐਨ.ਟੀ.ਟੀ. ਯੋਗਤਾ ਵਾਲੇ ਅਧਿਆਪਕਾਂ ਨੂੰ ਮੌਜੂਦਾ 10250 ਰੁਪਏ ਦੀ ਤਨਖ਼ਾਹ ਦੇ ਮੁਕਾਬਲੇ 22000 ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਬੀ.ਏ./ਐਮ.ਏ. ਬੀ.ਐੱਡ ਡਿਗਰੀਆਂ ਵਾਲੇ ਅਜਿਹੇ ਅਧਿਆਪਕ, ਜੋ ਇਸ ਮੌਕੇ 11000 ਰੁਪਏ ਤਨਖਾਹ ਲੈ ਰਹੇ ਹਨ, ਨੂੰ ਹੁਣ 23500 ਰੁਪਏ ਤਨਖ਼ਾਹ ਮਿਲੇਗੀ। ਆਈ.ਈ.ਵੀ. ਵਲੰਟੀਅਰ ਜੋ ਹੁਣ ਤੱਕ 5500 ਰੁਪਏ ਤਨਖ਼ਾਹ ਲੈ ਰਹੇ ਸਨ, ਨੂੰ ਹੁਣ 15,000 ਰੁਪਏ ਤਨਖ਼ਾਹ ਮਿਲੇਗੀ। ਇਸੇ ਤਰ੍ਹਾਂ 3500 ਰੁਪਏ ਤਨਖਾਹ ਲੈ ਰਹੇ ਸਿੱਖਿਆ ਵਲੰਟੀਅਰਾਂ ਨੂੰ ਹੁਣ 15,000 ਰੁਪਏ ਅਤੇ 6000 ਰੁਪਏ ਤਨਖ਼ਾਹ ਲੈ ਰਹੇ ਈ.ਜੀ.ਐਸ., ਈ.ਆਈ.ਈ. ਅਤੇ ਐਸ.ਟੀ.ਆਰ. ਅਧਿਆਪਕਾਂ ਨੂੰ ਹੁਣ 18,000 ਰੁਪਏ ਮਿਲਣਗੇ।