Headlines

ਮਜੀਠੀਆ ਵੱਲੋਂ ਮੁੱਖ ਮੰਤਰੀ ’ਤੇ ਐੱਸਵਾਈਐੱਲ ਦੇ ਮੁੱਦੇ ਨੂੰ ਲੀਹੋਂ ਲਾਹੁਣ ਦਾ ਦੋਸ਼

ਦਵਿੰਦਰ ਪਾਲ

ਚੰਡੀਗੜ੍ਹ, 31 ਅਕਤੂਬਰ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦਿਵਸ ’ਤੇ ਪੰਜਾਬ ਦੀ ਰਾਜਨੀਤੀ ਨੂੰ ਵੰਡ ਕੇ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਐੱਸਵਾਈਐਲ ਨਹਿਰ ਮੁੱਦੇ ਨੂੰ ਲੀਹੋਂ ਲਾਹ ਕੇ ਪੰਜਾਬ ਤੇ ਪੰਜਾਬੀਆਂ ਦਾ ਅਪਮਾਨ ਕਰਨਗੇ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ ਨੂੰ ਬਚਾਉਣ ਲਈ ਸਾਰੀਆਂ ਪਾਰਟੀਆਂ ਨੂੰ ਆਲ ਪਾਰਟੀ ਮੀਟਿੰਗ ਵਿੱਚ ਸੱਦਣ ਵਿੱਚ ਨਾਕਾਮ ਰਹੇ ਹਨ ਅਤੇ ਹੁਣ ਉਨ੍ਹਾਂ ਨੇ ਐੱਸਵਾਈਐੱਲ ਮੁੱਦੇ ਨੂੰ ਦਰਕਿਨਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਲੁਧਿਆਣਾ ਵਿੱਚ ਹੋਣ ਵਾਲੀ ਬਹਿਸ ਵਿੱਚ 19 ਮੁੱਦਿਆਂ ’ਤੇ ਚਰਚਾ ਹੋਵੇਗੀ ਅਤੇ ਹਰ ਬੁਲਾਰੇ ਨੂੰ 30 ਮਿੰਟ ਦਿੱਤੇ ਜਾ ਰਹੇ ਹਨ। ਸ੍ਰੀ ਮਜੀਠੀਆ ਨੇ ਕਿਹਾ ਕਿ ਇਸ ਦਾ ਅਰਥ ਹੈ ਕਿ ਸਰਕਾਰ ਐੱਸਵਾਈਐੱਲ ਮਾਮਲੇ ’ਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕਜੁੱਟ ਕਰਨ ਲਈ ਸੰਜੀਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਸ਼ਹਿਰ ਨੂੰ ਪੁਲੀਸ ਛਾਉਣੀ ਬਣਾ ਦਿੱਤਾ ਗਿਆ ਹੈ ਅਤੇ ਸਾਰਸ ਮੇਲਾ ਵੀ ਬੰਦ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਆਗੂਆਂ ਤੇ ਕਿਸਾਨ ਜਥੇਬੰਦੀਆਂ ਦੀ ਆਵਾਜਾਈ ਰੋਕ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਬੰਧਾਂ ਨੇ ਲੋਕਾਂ ਨੂੰ ਇੰਦਰਾ ਗਾਂਧੀ ਵੱਲੋਂ ਲਾਈ ਐਮਰਜੈਂਸੀ ਚੇਤੇ ਕਰਵਾ ਦਿੱਤੀ ਹੈ। ਇਸ ਤੋਂ ਸਪਸ਼ਟ ਹੈ ਕਿ ਇਸ ਵਿੱਚ ਸਿਰਫ਼ ਖਾਸ ਆਦਮੀ ਹੀ ਸ਼ਾਮਲ ਹੋਣਗੇ ਤੇ ਆਮ ਪੰਜਾਬੀਆਂ ਨੂੰ ਇਸ ਤੋਂ ਦੂਰ ਰੱਖਿਆ ਜਾਵੇਗਾ। ਉਨ੍ਹਾਂ ਮੁੱਖ ਮੰਤਰੀ ਨੂੰ ਖੁੱਲ੍ਹੀ ਬਹਿਸ ਵਿੱਚ ਹਿੱਸਾ ਲੈਣ ਦੀ ਚੁਣੌਤੀ ਦਿੱਤੀ, ਜਿੱਥੇ ਮੀਡੀਆ ਹੋਵੇਗਾ ਤੇ ਆਮ ਪੰਜਾਬੀ ਵੀ ਹੋਣਗੇ। ਉਨ੍ਹਾਂ ਬਹਿਸ ਲਈ ਪਾਸ ਵੰਡਣ ਦੀ ਨਿਖੇਧੀ ਕੀਤੀ ਤੇ ਦੱਸਿਆ ਕਿ ‘ਆਪ’ ਵਿਧਾਇਕਾਂ ਨੂੰ 30-30 ਪਾਸ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਬਹਿਸ ਦਾ ਮਕਸਦ ਐੱਸਵਾਈਐੱਲ ਨਹਿਰ ਦੇ ਮੁੱਦੇ ਤੋਂ ਧਿਆਨ ਪਾਸੇ ਕਰਨਾ ਹੈ ਅਤੇ ਵਿਰੋਧੀ ਧਿਰ ਖ਼ਿਲਾਫ਼ ਕੂੜ ਪ੍ਰਚਾਰ ਵਿੱਢਣਾ ਹੈ।

ਬੁੱਧੀਜੀਵੀਆਂ ਵੱਲੋਂ ਅਕਾਲੀ ਦਲ ਨੂੰ ਸਰਬਪਾਰਟੀ ਮੀਟਿੰਗ ਲਈ ਪਹਿਲਕਦਮੀ ਦੀ ਅਪੀਲ

ਚੰਡੀਗੜ੍ਹ : ਪੰਜਾਬ ਦੇ ਬੁੱਧੀਜੀਵੀਆਂ, ਲੇਖਕਾਂ ਤੇ ਅਕਾਦਮਿਕ ਸ਼ਖ਼ਸੀਅਤਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਪੀਲ ਕੀਤੀ ਕਿ ਉਹ ਦਰਿਆਈ ਪਾਣੀਆਂ, ਐੱਸਵਾਈਐੱਲ ਤੇ ਪੰਜਾਬ ਨੂੰ ਦਰਪੇਸ਼ ਹੋਰ ਪ੍ਰਮੁੱਖ ਮਸਲਿਆਂ ’ਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸਾਂਝੀ ਰਣਨੀਤੀ ਤਿਆਰ ਕਰਨ ਲਈ ਸਰਬ ਪਾਰਟੀ ਮੀਟਿੰਗ ਦੀ ਪਹਿਲਕਦਮੀ ਕਰੇ। ਇਸ ਸਬੰਧੀ ਬੁੱਧੀਜੀਵੀਆਂ, ਲੇਖਕਾਂ ਤੇ ਅਕਾਦਮਿਕ ਸ਼ਖਸੀਅਤਾਂ ਦੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੀਟੰਗ ਹੋਈ। ਮੀਟਿੰਗ ਵਿੱਚ ਪਾਸ ਕੀਤੇ ਮਤੇ ਵਿੱਚ ਕਿਹਾ ਗਿਆ ਕਿ ਸਿਆਸੀ ਪਾਰਟੀਆਂ ਖਾਸ ਤੌਰ ’ਤੇ ਪੰਥਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਸੰਘਰਸ਼ ਲਈ ਫਰਜ਼ ਦੀ ਪਾਬੰਦ ਹੈ। ਇਸ ਮੌਕੇ ਵੰਡ ਪਾਊ ਬਹਿਸਾਂ ਰਾਹੀਂ ਸੂਬੇ ਦੇ ਲੋਕਾਂ ਵਿੱਚ ਭੰਬਲਭੂਸਾ ਪੈਦਾ ਕਰਨ ਦੇ ਯਤਨਾਂ ਦਾ ਵਿਰੋਧ ਕੀਤਾ ਗਿਆ। ਇਸ ਮੀਟਿੰਗ ਵਿੱਚ ਡਾ. ਸੁੱਚਾ ਸਿੰਘ ਗਿੱਲ, ਪ੍ਰੋ. ਰਣਜੀਤ ਸਿੰਘ ਘੁੰਮਣ, ਡਾ. ਕੇਹਰ ਸਿੰਘ, ਡਾ.ਬਲਕਾਰ ਸਿੰਘ, ਡਾ. ਪਿਆਰੇ ਲਾਲ ਗਰਗ, ਪ੍ਰੋ. ਰੌਣਕੀ ਰਾਮ, ਡਾ. ਧਰਮਵੀਰ ਗਾਂਧੀ, ਗੁਰਦੇਵ ਸਿੰਘ ਬਰਾੜ, ਡਾ. ਗੁਰਦਰਸ਼ਨ ਸਿੰਘ ਢਿੱਲੋਂ, ਪ੍ਰੋ. ਮਨਜੀਤ ਸਿੰਘ, ਡਾ. ਧਰਮਿੰਦਰ ਸਿੰਘ ਉੱਭਾ, ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ, ਬਿਕਰਮ ਸਿੰਘ ਮਜੀਠੀਆ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਅਤੇ ਵਿਰਸਾ ਸਿੰਘ ਵਲਟੋਹਾ ਨੇ ਸ਼ਮੂਲੀਅਤ ਕੀਤੀ।