Headlines

ਫੇਸਬੁੱਕੀ ਹੀਰੋ ਭਾਨਾ ਸਿੱਧੂ ਦੀ ਗ੍ਰਿਫਤਾਰੀ ਦਾ ਮਾਮਲਾ ਭਖਿਆ-ਪੁਲਿਸ ਵਲੋਂ ਇਕੱਠ ਰੋਕਣ ਤੇ ਜੋ਼ਰ

ਧੂਰੀ-ਫੇਸਬੁੱਕੀ ਹੀਰੋ ਭਾਨਾ ਸਿੱਧੂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਦਰਜ ਕੀਤੇ ਗਏ ਕੇਸਾਂ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਧੂਰੀ ’ਚ ਦੋਹਲਾ ਰੇਲ ਫਾਟਕਾਂ ਨੇੜੇ ਇਕੱਠ ਦੇ ਦਿੱਤੇ ਗਏ ਸੱਦੇ ਦੇ ਮੱਦੇਨਜ਼ਰ ਪੁਲੀਸ ਤੇ ਪ੍ਰਸ਼ਾਸਨ ਵੱਲੋਂ  ਧੂਰੀ ਸ਼ਹਿਰ ਤੇ ਨੇੜਲੇ ਪਿੰਡਾਂ ਨੂੰ ਪੁਲੀਸ ਛਾਉਣੀ ’ਚ ਤਬਦੀਲ ਕਰ ਦਿੱਤਾ ਗਿਆ। ਸੂਤਰਾਂ ਅਨੁਸਾਰ ਪੁਲੀਸ ਨੇ ਲੰਘੀ ਰਾਤ ਹੀ ਸ਼ੋ੍ਮਣੀ ਅਕਾਲੀ ਦਲ (ਅ) ਦੇ ਵੱਡੀ ਗਿਣਤੀ ਵਰਕਰਾਂ ਨੂੰ ਉਨ੍ਹਾਂ ਦੇ ਘਰਾਂ ’ਚੋਂ ਹਿਰਾਸਤ ਵਿੱਚ ਲੈ ਲਿਆ ਸੀ ਅਤੇ ਅੱਜ ਵੱਖ-ਵੱਖ ਪੁਲੀਸ ਨਾਕਿਆਂ ’ਤੇ ਸ਼ਹਿਰ ਆਉਣ ਵਾਲੇ ਵਰਕਰਾਂ ਨੂੰ ਹਿਰਾਸਤ ’ਚ ਲੈ ਲਿਆ ਗਿਆ। ਹਾਲਾਂਕਿ, ਪੁਲੀਸ ਦੀ ਮੁਸਤੈਦੀ ਦੇ ਬਾਵਜੂਦ ਨੇੜਲੇ ਪਿੰਡ ਕੱਕੜਵਾਲ ਵਿੱਚ ਅਕਾਲੀ ਦਲ (ਅ) ਦੇ ਕੌਮੀ ਕਾਰਜਕਾਰਨੀ ਮੈਂਬਰ ਵਾਸ ਵੀਰ ਸਿੰਘ ਭੁੱਲਰ, ਬਾਬਾ ਹਰਬੰਸ ਸਿੰਘ ਸਲੇਮਪੁਰ ਆਦਿ ਦੀ ਅਗਵਾਈ ਹੇਠ ਵੱਡੀ ਗਿਣਤੀ ਵਰਕਰਾਂ ਨੇ ਮੁੱਖ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਭਾਨਾ ਸਿੱਧੂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਇਸੇ ਦੌਰਾਨ ਨਵਰੀਤ ਸਿੰਘ ਵਿਰਕ ਐੱਸਪੀ (ਪੀਬੀਆਰ) ਸੰਗਰੂਰ ਦੀ ਅਗਵਾਈ ਹੇਠ ਪੁੱਜੀ ਪੁਲੀਸ ਨੇ ਉਕਤ ਆਗੂਆਂ ਸਣੇ ਵੱਡੀ ਗਿਣਤੀ ਪਾਰਟੀ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਸਿਮਰਨਜੀਤ ਸਿੰਘ ਮਾਨ ਸਮਰਥਕਾਂ ਸਣੇ ਘਰ ਵਿੱਚ ਨਜ਼ਰਬੰਦ

ਫ਼ਤਹਿਗੜ੍ਹ ਸਾਹਿਬ-  ਭਾਨਾ ਸਿੱਧੂ ਦੀ ਰਿਹਾਈ ਲਈ ਉਲੀਕੇ ਗਏ ਪ੍ਰੋਗਰਾਮ ’ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਵਰਕਰਾਂ ਸਮੇਤ ਸ਼ਾਮਲ ਹੋਣ ਦੇ ਕੀਤੇ ਗਏ ਐਲਾਨ ਦੇ ਮੱਦੇਨਜ਼ਰ ਅੱਜ ਪੁਲੀਸ ਵੱਲੋਂ ਉਨ੍ਹਾਂ ਨੂੰ ਸਮਰਥਕਾਂ ਸਣੇ ਉਨ੍ਹਾਂ ਦੀ ਰਿਹਾਇਸ਼ ਅੰਦਰ ਹੀ ਨਜ਼ਰਬੰਦ ਕਰ ਦਿੱਤਾ ਗਿਆ। ਪਾਰਟੀ ਨੇ ਸਰਕਾਰ ਦੀ ਇਸ ਕਾਰਵਾਈ ਨੂੰ ਜਮਹੂਰੀਅਤ ਦਾ ਕਤਲ ਕਰਾਰ ਦਿੱਤਾ ਹੈ। ਪਾਰਟੀ ਦੇ ਦਫ਼ਤਰ ਸਕੱਤਰ ਤੇ ਮੁੱਖ ਬੁਲਾਰੇ ਇਕਬਾਲ ਸਿੰਘ ਟਿਵਾਣਾ ਨੇ ਸਰਕਾਰ ਦੀ ਕਾਰਵਾਈ ਦੀ ਨਿਖੇਧੀ ਕੀਤੀ ਹੈ।