Headlines

ਮੋਦੀ ਸਰਕਾਰ ਵਲੋਂ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰ ਅੰਦਾਜ਼ ਕਰਨਾ ਮੰਦਭਾਗਾ-ਖੁੱਡੀਆਂ

• ⁠ਕਿਸਾਨਾਂ ਨੂੰ  ਸ਼ਾਂਤਮਈ ਮਾਰਚ ਕਰਨ ਤੋਂ ਰੋਕਣ ਲਈ ਤਾਕਤ  ਵਰਤਣ ਲਈ ਕਰੜੀ ਨਿੰਦਾ-

ਚੰਡੀਗੜ੍ਹ-ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਦੇਸ਼ ਭਰ ਦੇ ਕਿਸਾਨੀ ਭਾਈਚਾਰੇ ਨਾਲ ਸਬੰਧਤ ਗੰਭੀਰ ਮੁੱਦਿਆਂ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਕਿਸਾਨ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਪ੍ਰਤੀ ਭਾਜਪਾ ਸਰਕਾਰਾਂ ਵੱਲੋਂ ਬੇਰੁਖ਼ੀ ਵਰਤਣ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਨਿਰਾਦਰ ਭਰਿਆ ਅਤੇ ਗ਼ੈਰ-ਜਮਹੂਰੀ ਕਰਾਰ ਦਿੱਤਾ।

ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨਾਲ ਕੀਤੇ ਅਹਿਮ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ, ਜਿਸ ਵਿੱਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ, ਸਵਾਮੀਨਾਥਨ ਫਾਰਮੂਲੇ ਅਨੁਸਾਰ ਸਾਰੀਆਂ ਫਸਲਾਂ ਦੀ ਖਰੀਦ ਕਰਨ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਅਤੇ ਕਰਜ਼ਾ ਮੁਆਫ਼ੀ ਸ਼ਾਮਲ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮੁੱਦਿਆਂ ਦਾ ਤੁਰੰਤ ਹੱਲ ਕਰਨ ਅਤੇ ਕੀਤੇ ਵਾਅਦੇ ਮੁਤਾਬਕ ਸੁਧਾਰਾਂ ਨੂੰ ਲਾਗੂ ਕਰਨ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਤੇ ਪੇਂਡੂ ਖੇਤਰਾਂ ਦੀ ਖੁਸ਼ਹਾਲੀ ਲਈ ਕਿਸਾਨਾਂ ਦੀ ਭਲਾਈ ਨੂੰ ਤਰਜੀਹ ਦੇਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਸੰਕਟ ਨੂੰ ਟਾਲਣ ਲਈ ਤੁਰੰਤ ਕਾਰਵਾਈ ਜ਼ਰੂਰੀ ਹੈ।

ਆਪਣੀਆਂ ਜਾਇਜ਼ ਮੰਗਾਂ ਲਈ ਕੌਮੀ ਰਾਜਧਾਨੀ ਵੱਲ ਕਿਸਾਨਾਂ ਦੇ ਸ਼ਾਂਤਮਈ ਮਾਰਚ ਨੂੰ ਰੋਕਣ ਲਈ ਪੁਲਿਸ ਨੂੰ ਇੱਕ ਸਾਧਨ ਵਜੋਂ ਵਰਤਣ ਵਾਸਤੇ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਦੀ ਕੜੀ ਆਲੋਚਨਾ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਸਾਡੇ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਨਿਰਾਸ਼ਾ ਖੇਤੀਬਾੜੀ ਤੇ ਪੇਂਡੂ ਵਿਕਾਸ ਲਈ ਕੇਂਦਰ ਸਰਕਾਰ ਦੇ ਮਾੜੇ ਰਵੱਈਏ ਨੂੰ ਦਰਸਾਉਂਦੀ ਹੈ। ਉਨ੍ਹਾਂ ਅੱਗੇ ਕਿਹਾ  ਕਿ ਕਿਸਾਨ ਦੇਸ਼ ਦੇ ਨਾਗਰਿਕ ਹਨ, ਜਿਨ੍ਹਾਂ ਨੇ ਹਰੀ ਕ੍ਰਾਂਤੀ ਲਿਆਂਦੀ ਹੈ ਅਤੇ ਦੇਸ਼ ਦੇ ਅਨਾਜ ਭੰਡਾਰਾਂ ਨੂੰ ਭਰਿਆ ਹੈ। ਉਹਨਾਂ ਨੂੰ ਆਪਣੇ ਰਾਸ਼ਟਰਵਾਦੀ ਹੋਣ ਦਾ ਕਿਸੇ ਨੂੰ ਸਬੂਤ ਦੇਣ ਦੀ ਲੋੜ ਨਹੀਂ ਹੈ ਅਤੇ ਉਹਨਾਂ ਨੂੰ ਲੋਕਤੰਤਰੀ ਦੇਸ਼ ਵਿੱਚ ਆਪਣੀਆਂ ਜਾਇਜ਼ ਮੰਗਾਂ ਨੂੰ ਉਠਾਉਣ ਲਈ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਪੂਰਾ ਹੱਕ ਹੈ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਭੁੱਲਾ ਦਿੱਤਾ ਹੈ ਅਤੇ ਉਹਨਾਂ ਨੂੰ ਵੱਡੀਆਂ ਚੁਣੌਤੀਆਂ ਨਾਲ ਜੂਝਣ ਲਈ ਛੱਡ ਦਿੱਤਾ ਹੈ। ਇਹ ਅਸਵੀਕਾਰਯੋਗ ਅਤੇ ਗੈਰ-ਵਾਜਿਬ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ। ਉਨ੍ਹਾਂ ਹਰਿਆਣਾ ਸਰਕਾਰ ਨੂੰ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਬੰਦ ਕਰਨ ਦੀ ਅਪੀਲ ਕੀਤੀ।