Headlines

ਭਾਜਪਾ ਨਾਲ ਚੋਣ ਗਠਜੋੜ ਨਾਲੋਂ ਪੰਜਾਬ ਦੇ ਹਿੱਤ ਪਹਿਲਾਂ- ਸੁਖਬੀਰ ਬਾਦਲ

ਮਾਨਸਾ, 27 ਮਾਰਚ

ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਜਪਾ ਨਾਲ ਸਮਝੌਤਾ ਸੀਟਾਂ ਦੀ ਵੰਡ ਨੂੰ ਲੈ ਕੇ ਬਿਲਕੁਲ ਨਹੀਂ ਟੁੱਟਿਆ, ਸਗੋਂ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ 4-5 ਦਿਨ ਪਹਿਲਾਂ ਹੀ ਭਾਰਤੀ ਜਨਤਾ ਪਾਰਟੀ ਤੋਂ ਦੂਰੀ ਬਣਾਉਣ ਦਾ ਸਰਬਸੰਮਤੀ ਨਾਲ ਫ਼ੈਸਲਾ ਲਿਆ ਸੀ। ਉਨ੍ਹਾਂ ਕਿਹਾ ਕਿ ਭਾਵੇਂ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਸਣੇ ਹੋਰ ਆਗੂ ਸੀਟਾਂ ਦੀ ਵੰਡ ਨੂੰ ਲੈ ਕੇ ਗੱਠਜੋੜ ਸਿਰੇ ਨਾ ਚੜ੍ਹਨ ਦੀ ਗੱਲ ਕਰ ਰਹੇ ਹਨ, ਪਰ ਸੱਚਾਈ ਇਹ ਹੈ ਕਿ ਅਕਾਲੀ ਦਲ ਨੇ ਲੰਬੇ ਸਮੇਂ ਤੋਂ ਚਲੀ ਆ ਰਹੀ ਭਾਜਪਾ ਨਾਲ ਸਾਂਝ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਹੀ ਤੋੜੀ ਹੈ।

ਬਾਦਲ ਨੇ ਕਿਹਾ ਕਿ ਰਾਜ ਵਿੱਚ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਚੋਣ ਮੈਦਾਨ ਵਿਚ ਇਕੱਲੀ ਖੇਤਰੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਸਾਡਾ ਭਾਜਪਾ, ਕਾਂਗਰਸ ਤੇ ਆਮ ਆਦਮੀ ਪਾਰਟੀ ਨਾਲ ਮੁਕਾਬਲਾ ਹੈ, ਜਿਨ੍ਹਾਂ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿਰਫ ਅਕਾਲੀ ਦਲ ਹੀ ਪੰਜਾਬ ਦੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਪੰਜਾਬ ਨਾਲ ਕਦੇ ਵਫ਼ਾਦਾਰ ਨਹੀਂ ਹੋਈਆਂ। ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦਾ ਮੰਤਰੀ ਮੰਡਲ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਵਿਚ ਰੁੱਝਿਆ ਹੋਇਆ ਹੈ।

**ਉਮੀਦਵਾਰਾਂ ਦਾ ਐਲਾਨ ਜਲਦ –

ਬੁਢਲਾਡਾ –‘ਪੰਜਾਬ ਬਚਾਓ’ ਯਾਤਰਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ 13 ਸੀਟਾਂ ’ਤੇ ਜਿੱਤ ਪ੍ਰਾਪਤ ਕਰੇਗਾ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਸਹਿਮਤੀ ਬਣ ਚੁੱਕੀ ਹੈ ਆਉਣ ਵਾਲੇ ਦਿਨਾਂ ਵਿੱਚ ਨਾਂਵਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਧੱਸ ਰਹੇ ਹਨ, ਜਿਸ ਦੀ ਮੁੱਖ ਜ਼ਿੰਮੇਵਾਰ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਹੈ। ਭਾਜਪਾ, ਕਾਂਗਰਸ ਅਤੇ ‘ਆਪ’ ਪੰਜਾਬ ਨੂੰ ਬਰਬਾਦ ਕਰਨ ’ਤੇ ਤੁਲੀਆਂ ਹੋਈਆਂ ਹਨ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੇ ਜ਼ੱਦੀ ਜ਼ਿਲ੍ਹੇ ਵਿੱਚ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਚੱਲ ਰਿਹਾ ਹੈ। ਇਸ ਕਾਰਨ ਦਰਜਨ ਲੋਕਾਂ ਦੇ ਘਰਾਂ ਦੇ ਚਿਰਾਗ ਬੁੱਝ ਚੁੱਕੇ ਹਨ।