Headlines

ਸਾਬਕਾ ਕਾਂਗਰਸੀ ਮੰਤਰੀ ਮਹਿੰਦਰ ਸਿੰਘ ਕੇਪੀ ਅਕਾਲੀ ਦਲ ’ਚ ਸ਼ਾਮਲ

ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਾਇਆ-

ਜਲੰਧਰ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਮਹਿੰਦਰ ਸਿੰਘ ਕੇਪੀ  ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਥੇ ਮਹਿੰਦਰ ਸਿੰਘ ਕੇਪੀ ਦੇ ਘਰ ਜਾ ਕੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਸ੍ਰੀ ਬਾਦਲ ਨੇ ਕੇਪੀ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਹ ਸਾਫ ਸੁਥਰੇ ਅਕਸ ਵਾਲੇ ਆਗੂ ਹਨ ਤੇ ਉਨ੍ਹਾਂ ਦੇ ਪਿਤਾ ਦਰਸ਼ਨ ਸਿੰਘ ਕੇਪੀ ਨੇ ਵੀ ਪੰਜਾਬ ਦੀ ਸਿਆਸਤ ਵਿੱਚ ਤੇ ਖ਼ਾਸ ਕਰਕੇ ਦਲਿਤ ਸਮਾਜ ਲਈ ਮਿਸਾਲੀ ਕੰਮ ਕੀਤੇ ਸਨ। ਉਨ੍ਹਾਂ ਕਿਹਾ ਕਿ ਕੇਪੀ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਇਕੱਲੇ ਦੋਆਬੇ ਵਿੱਚ ਹੀ ਨਹੀਂ ਸਗੋਂ ਸਮੁੱਚੇ ਪੰਜਾਬ ਵਿਚ ਅਕਾਲੀ ਦਲ ਨੂੰ ਵੱਡਾ ਫਾਇਦਾ ਹੋਵੇਗਾ। ਇਸੇ ਦੌਰਾਨ ਮਹਿੰਦਰ ਸਿੰਘ ਕੇਪੀ ਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦਾ ਉਮੀਦਵਾਰ ਵੀ ਐਲਾਨਿਆ ਗਿਆ। ਜ਼ਿਕਰਯੋਗ ਹੈ ਕਿ ਜਲੰਧਰ ਤੋਂ ਆਮ ਆਦਮੀ ਪਾਰਟੀ ਨੇ ਅਕਾਲੀ ਦਲ ਛੱਡਕੇ ਆਏ ਪਵਨ ਕੁਮਾਰ ਟੀਨੂ ਨੂੰ ਅਤੇ ਭਾਜਪਾ ਨੇ ਆਪ ਛੱਡਕੇ ਆਏ ਸੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਬਣਾਇਆ ਹੈ। ਕਾਂਗਰਸ ਵਲੋਂ ਇਥੋਂ  ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਮੀਦਵਾਰ ਹਨ।