ਰਾਕੇਸ਼ ਨਈਅਰ ਚੋਹਲਾ
ਖਡੂਰ ਸਾਹਿਬ/ਤਰਨਤਾਰਨ,24 ਅਪ੍ਰੈਲ
ਯੂਥ ਅਕਾਲੀ ਦਲ ਜ਼ਿਲ੍ਹਾ ਤਰਨਤਾਰਨ ਦੇ ਸੀਨੀਅਰ ਆਗੂ ਸ਼ੰਮੀ ਕੰਗ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਦਾ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਸ਼ੰਮੀ ਕੰਗ ਦੀ ਇਸ ਨਿਯੁਕਤੀ ਨਾਲ ਯੂਥ ਅਕਾਲੀ ਦਲ ਦੇ ਵਰਕਰਾਂ ਵਿੱਚ ਭਾਰੀ ਖੁਸ਼ੀ ਦਾ ਮਾਹੌਲ ਹੈ। ਜ਼ਿਕਰਯੋਗ ਹੈ ਕਿ ਸ਼ੰਮੀ ਕੰਗ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਨਾਲ ਜੁੜ ਕੇ ਪਾਰਟੀ ਲਈ ਮਿਹਨਤ ਕਰ ਰਹੇ ਹਨ ਅਤੇ ਪੂਰੀ ਸਰਗਰਮੀ ਨਾਲ ਪਾਰਟੀ ਦੀਆਂ ਹਰ ਗਤੀਵਿਧੀਆਂ ਵਿੱਚ ਸ਼ਾਮਲ ਹੁੰਦੇ ਹਨ।ਆਪਣੀ ਇਸ ਨਿਯੁਕਤੀ ‘ਤੇ ਸ਼ੰਮੀ ਕੰਗ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ,ਐਸ ਓ ਆਈ ਦੇ ਸੂਬਾ ਪ੍ਰਧਾਨ ਰਣਬੀਰ ਸਿੰਘ ਢਿੱਲੋਂ, ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ,ਆਈ ਟੀ ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ, ਹਲਕਾ ਖਡੂਰ ਸਾਹਿਬ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ,ਗੌਰਵਦੀਪ ਸਿੰਘ ਵਲਟੋਹਾ ਸਾਬਕਾ ਪ੍ਰਧਾਨ ਮਾਝਾ ਜੋਨ ਅਤੇ ਜਗਜੀਤ ਸਿੰਘ ਜੱਗੀ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਤਰਨਤਾਰਨ ਦਾ ਧੰਨਵਾਦ ਕੀਤਾ ਹੈ,ਜਿੰਨਾ ਨੇ ਇਹ ਅਹੁਦਾ ਦੇ ਕੇ ਵੱਡਾ ਮਾਣ ਬਖਸ਼ਿਆ ਹੈ।ਐਸ ਓ ਆਈ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਹੋਣ ‘ਤੇ ਸ਼ੰਮੀ ਕੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਜ਼ਿੰਮੇਵਾਰੀ ਹੁਣ ਪਹਿਲਾਂ ਨਾਲੋਂ ਹੋਰ ਵਧ ਗਈ ਹੈ।ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਲੈਕੇ ਜਾਣ ਲਈ ਨੌਜਵਾਨ ਵਰਗ ਨੂੰ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੋੜਨਗੇ। ਸ਼ੰਮੀ ਕੰਗ ਨੇ ਕਿਹਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਇਹ ਸੀਟ ਜਿੱਤ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ ਵਿੱਚ ਪਾਈ ਜਾਵੇਗੀ।