ਨਾਅਰਿਆਂ ਦੀਆਂ ਫੋਟੋ ਤੇ ਵੀਡੀਓ ਪੰਨੂੰ ਨੂੰ ਭੇਜੀਆਂ ਸਨ-
ਬਠਿੰਡਾ-ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਬਠਿੰਡਾ ਜ਼ਿਲ੍ਹਾ ਪੁਲੀਸ ਨੇ ਸਾਂਝੇ ਅਪ੍ਰੇਸ਼ਨ ਵਿੱਚ ਸਿੱਖਸ ਫ਼ਾਰ ਜਸਟਿਸ (ਐੱਸਐੱਫਜੇ) ਦੇ ਤਿੰਨ ਕਾਰਕੁਨਾਂ ਨੂੰ ਦਿੱਲੀ ਅਤੇ ਬਠਿੰਡਾ ਸਣੇ ਵੱਖ-ਵੱਖ ਜਨਤਕ ਥਾਵਾਂ ’ਤੇ ਕਥਿਤ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਦੱਸਿਆ ਕਿ ਲੰਘੀ 24 ਅਪਰੈਲ ਨੂੰ ਬਠਿੰਡਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕੋਰਟ ਕੰਪਲੈਕਸ ਦੀਆਂ ਕੰਧਾਂ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਹੋਏ ਵੇਖੇ ਗਏ ਸਨ। ਇਸ ਤੋਂ ਕੁੱਝ ਦਿਨਾਂ ਬਾਅਦ 9 ਮਈ ਨੂੰ ਦਿੱਲੀ ਦੇ ਝੰਡੇਵਾਲਾ ਮੈਟਰੋ ਸਟੇਸ਼ਨ ਅਤੇ ਕਰੋਲ ਬਾਗ ਮੈਟਰੋ ਸਟੇਸ਼ਨ ’ਤੇ ਵੀ ਅਜਿਹੇ ਹੀ ਨਾਅਰੇ ਲਿਖੇ ਹੋਏ ਸਨ। ਫੜੇ ਗਏ ਮੁਲਜ਼ਮਾਂ ਦੀ ਪਛਾਣ ਗੋਗੀ ਸਿੰਘ ਵਾਸੀ ਪਿੰਡ ਜੀਵਨ ਸਿੰਘ ਵਾਲਾ (ਜ਼ਿਲ੍ਹਾ ਬਠਿੰਡਾ) ਅਤੇ ਜੌਨੀ ਵਾਸੀ ਪਿੰਡ ਜੀਵਨ ਸਿੰਘ ਵਾਲਾ ਨੇੜੇ ਤਲਵੰਡੀ ਸਾਬੋ (ਜ਼ਿਲ੍ਹਾ ਬਠਿੰਡਾ) ਵਜੋਂ ਹੋਈ ਹੈ, ਜਦੋਂਕਿ ਤੀਜੇ ਮੁਲਜ਼ਮ ਦੀ ਪਛਾਣ ਪ੍ਰਿਤਪਾਲ ਸਿੰਘ ਵਾਸੀ ਪਿੰਡ ਡੋਡ, (ਜ਼ਿਲ੍ਹਾ ਫ਼ਰੀਦਕੋਟ) ਵਜੋਂ ਹੋਈ ਹੈ। ਗੋਗੀ ਸਿੰਘ ਜੋ ਕਿ ਐੱਸਐੱਫਜੇ ਦਾ ਮੁੱਖ ਸੰਚਾਲਕ ਹੈ, ਗੁਰਪਤਵੰਤ ਸਿੰਘ ਪੰਨੂ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਉਸ ਨੇ ਪੈਸੇ ਦੇ ਬਦਲੇ ਪੰਨੂ ਦੇ ਨਿਰਦੇਸ਼ਾਂ ’ਤੇ ਇਹ ਕਾਰਵਾਈ ਕੀਤੀ ਸੀ। ਮੁਲਜ਼ਮ ਨੇ ਕੰਧਾਂ ’ਤੇ ਲਿਖੇ ਨਾਅਰਿਆਂ ਦੀਆਂ ਫੋਟੋਆਂ, ਵੀਡੀਓਜ਼ ਵੀ ਪੰਨੂ ਨੂੰ ਭੇਜੀਆਂ ਸਨ। ਪੁਲੀਸ ਨੇ ਉਸ ਦੇ ਕਬਜ਼ੇ ਵਿੱਚੋਂ ਤਿੰਨ ਮੋਬਾਈਲ ਫ਼ੋਨ, ਦੋ ਡੌਂਗਲ ਯੰਤਰ, ਇੱਕ ਆਧਾਰ ਕਾਰਡ ਅਤੇ ਇੱਕ ਏਟੀਐਮ ਕਾਰਡ ਵੀ ਬਰਾਮਦ ਕੀਤਾ ਹੈ। ਐੱਸਐੱਸਪੀ ਬਠਿੰਡਾ ਦੀਪਕ ਪਾਰੀਕ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਸਿਵਲ ਲਾਈਨ ਬਠਿੰਡਾ ਵਿੱਚ ਕੇਸ ਦਰਜ ਕੀਤਾ ਗਿਆ ਹੈ।