Headlines

ਭਾਜਪਾ ਸਰਕਾਰ ਸ੍ਰੋਮਣੀ ਕਮੇਟੀ ਨੂੰ ਤੋੜਨ ਦੀ ਗੁਨਾਹਗਾਰ – ਸੁਖਬੀਰ ਸਿੰਘ ਬਾਦਲ 

ਮੈਦਾਨ ਵਿੱਚ ਨਿੱਤਰੇ ਉਮੀਦਵਾਰਾਂ ਦੇ ਕਿਰਦਾਰ ਤੇ ਕਾਰਗੁਜ਼ਾਰੀ ਨੂੰ ਵੇਖ ਕੇ ਵੋਟ ਪਾਈ ਜਾਵੇ : ਸ਼ਰਮਾ
ਪਟਿਆਲਾ, 27 ਮਈ (ਪਰਮਜੀਤ ਸਿੰਘ ਪਰਵਾਨਾ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਸਿੱਖ ਧਾਰਮਿਕ ਸੰਸਥਾਵਾਂ ਨੂੰ ਰਾਸ਼ਟਰੀ ਸਵੈਮਸੇਵਕ ਸੰਘ (ਆਰ ਐਸ ਐਸ) ਤੋਂ ਮੁਕਤੀ ਦੁਆਈ ਜਾਵੇ ਤੇ ਕਿਹਾ ਕਿ ਅੰਗਰੇਜ਼ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਹੀਂ ਤੋੜ ਸਕੇ ਪਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਅਜਿਹਾ ਕਰ ਦਿੱਤਾ ਹੈ।
ਅਕਾਲੀ ਦਲ ਦੇ ਪ੍ਰਧਾਨ, ਪਟਿਆਲਾ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਦੇ ਵਿਸ਼ਾਲ ਸ਼ਕਤੀ ਪ੍ਰਦਰਸ਼ਨ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ, ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਹਾਲ ਵਿਚ ਕੀਤੇ ਪੰਜਾਬ ਦੌਰੇ ਦੌਰਾਨ ਗੱਲ ਕੀਤੀ ਸੀ ਕਿ ਕਿਵੇਂ ਉਹਨਾਂ ਦੀ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘੇ ਦੀ ਸਥਾਪਨਾ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਸੀ ਕਿ ਜੇਕਰ ਆਜ਼ਾਦੀ ਤੋਂ ਬਾਅਦ ਭਾਜਪਾ ਸੱਤਾ ਵਿਚ ਹੁੰਦੀ ਤਾਂ ਉਹ ਕਰਤਾਰਪੁਰ ਸਾਹਿਬ ਨੂੰ ਪਾਕਿਸਤਾਨ ਵਿਚ ਨਾ ਜਾਣ ਦਿੰਦੇ। ਉਹਨਾਂ ਕਿਹਾ ਕਿ ਹੋ ਸਕਦਾ ਹੈ ਕਿ ਇਹ ਸੱਚਾਈ ਹੋਵੇ ਪਰ ਇਹ ਵੀ ਇਕ ਅਸਲੀਅਤ ਹੈ ਕਿ ਕੇਂਦਰ ਸਰਕਾਰ ਨੇ ਸਿੱਖਾਂ ਦੇ ਗੁਰਧਾਮਾਂ ਖਾਸ ਤੌਰ ’ਤੇ ਤਖਤ ਸ੍ਰੀ ਹਜ਼ੂਰ ਸਾਹਿਬ ਅਤੇ ਸ੍ਰੀ ਪਟਨਾ ਸਾਹਿਬ ਆਰ ਐਸ ਐਸ ਹਵਾਲੇ ਕੀਤੇ ਹੋਏ ਹਨ। ਉਨ੍ਹਾਂ ਆਮ ਆਦਮੀ ਪਾਰਟੀ (ਆਪ) ਵਿਚ ਆਈ ਨੈਤਿਕ ਗਿਰਾਵਟ ਦੀ ਗੱਲ ਕਰਦਿਆਂ ਕਿਹਾ ਕਿ “ਆਪ” ਦੇ ਇੱਕ ਮੰਤਰੀ ਦੀ ਵਾਇਰਲ ਅਸ਼ਲੀਲ ਵੀਡੀਓ ਨੇ ਪੰਜਾਬ ਦੀ ਰਾਜਨੀਤੀ ਵਿਚ ਗਿਰਾਵਟ ਦਾ ਇਕ ਨਵਾਂ ਅਧਿਆਏ ਜੋੜਿਆ ਹੈ। ਉਹਨਾਂ ਕਿਹਾ ਕਿ ਭਾਵੇਂ ਪਿਛਲੇ ਕਈ ਮਹੀਨਿਆਂ ਤੋਂ ਇਹ ਮੁੱਦਾ ਜਨਤਕ ਬਣਿਆ ਹੋਇਆ ਹੈ ਪਰ “ਆਪ” ਸਰਕਾਰ ਨੇ ਮਾਮਲੇ ਦੀ ਜਾਂਚ ਹੀ ਨਹੀਂ ਕਰਵਾਈ। ਉਹਨਾਂ ਕਿਹਾ ਕਿ ਪਹਿਲਾਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ  ਲਾਲ ਚੰਦ ਕਟਾਰੂਚੱਕ ਦੀ ਵੀਡੀਓ ਜਨਤਕ ਹੋਈ ਸੀ ਤੇ ਉਸ ਵੇਲੇ “ਆਪ” ਸਰਕਾਰ ਨੇ ਮਾਮਲੇ ਦੀ ਜਾਂਚ ਵਾਸਤੇ ਐਸ ਆਈ ਟੀ ਦਾ ਗਠਨ ਕੀਤਾ ਸੀ ਜਿਸ ਰਾਹੀਂ ਸ਼ਿਕਾਇਤਕਰਤਾ ਨੂੰ ਡਰਾ ਧਮਕਾ ਕੇ ਸ਼ਿਕਾਇਤ ਵਾਪਸ ਕਰਵਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਐਨ ਕੇ ਸ਼ਰਮਾ ਨੇ ਦੱਸਿਆ ਕਿ ਕਿਵੇਂ “ਆਪ” ਸਰਕਾਰ ਨੇ ਕਿਸਾਨਾਂ ਨੂੰ ਪਟਿਆਲਾ ਰਿੰਗ ਰੋਡ ਲਈ 764 ਕਰੋੜ ਰੁਪਏ ਦੀ ਲਾਗਤ ਨਾਲ ਐਕਵਾਇਰ ਹੋਈ ਜ਼ਮੀਨ ਦਾ ਢੁਕਵਾਂ ਮੁਆਵਜ਼ਾ ਨਹੀਂ ਦਿੱਤਾ। ਉਹਨਾਂ ਕਿਹਾ ਕਿ ਕਾਂਗਰਸ ਤੇ “ਆਪ” ਦੋਵਾਂ ਨੇ ਰਾਜਪੁਰਾ, ਘਨੌਰ, ਸਨੌਰ, ਸ਼ੁਤਰਾਣਾ ਤੇ ਦੇਵੀਗੜ੍ਹ ਇਲਾਕਿਆਂ ਵਿਚ ਹੜ੍ਹਾਂ ਦੀ ਰੋਕਥਾਮ ਵਾਸਤੇ ਕੋਈ ਕਦਮ ਨਹੀਂ ਚੁੱਕਿਆ ਹਾਲਾਂਕਿ ਇਸਦਾ ਵਾਅਦਾ ਕੀਤਾ ਗਿਆ ਸੀ। ਉਹਨਾਂ ਨੇ ਇਹ ਵੀ ਵਾਅਦਾ ਕੀਤਾ ਕਿ ਉਹ ਪਟਿਆਲਾ ਵਿਚ ਏਮਜ਼ ਵਰਗਾ ਹਸਪਤਾਲ ਸਥਾਪਿਤ ਕਰਵਾਉਣ ਲਈ ਯਤਨ ਕਰਨਗੇ। ਇਸ ਮੌਕੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਮੈਦਾਨ ਵਿਚ ਨਿੱਤਰੇ ਉਮੀਦਵਾਰਾਂ ਦੇ ਕਿਰਦਾਰ ਤੇ ਕਾਰਗੁਜ਼ਾਰੀ ਦੀ ਤੁਲਨਾ ਕਰਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਸ਼ੁਤਰਾਣਾ ਦੇ ਇੰਚਾਰਜ ਕਬੀਰ ਦਾਸ, ਪਟਿਆਲਾ ਸ਼ਹਿਰੀ ਦੇ ਇੰਚਾਰਜ ਅਮਰਿੰਦਰ ਬਜਾਜ, ਨਾਭਾ ਦੇ ਇੰਚਾਰਜ ਮੱਖਣ ਸਿੰਘ ਲਾਲਕਾ, ਰਾਜਪੁਰਾ ਦੇ ਇੰਚਾਰਜ ਚਰਨਜੀਤ ਸਿੰਘ ਬਰਾੜ, ਘਨੌਰ ਦੇ ਇੰਚਾਰਜ ਭੁਪਿੰਦਰ ਸਿੰਘ ਸ਼ੇਖੂਪੁਰਾ, ਜ਼ਿਲ੍ਹਾ ਪ੍ਰਧਾਨ ਤੇ ਸ਼਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਸੁਰਜੀਤ ਸਿੰਘ ਗੜ੍ਹੀ, ਜਸਮੇਰ ਸਿੰਘ ਲਾਛੜੂ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੋਟ, ਕ੍ਰਿਸ਼ਨਪਾਲ ਸ਼ਰਮਾ, ਅਸ਼ਵਨੀ ਸ਼ਰਮਾ ਸੰਭਾਲਕੀ ਸਮੇਤ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।