ਰਮਦਾਸ, 31 ਮਈ (ਰਾਜਨ ਮਾਨ, ਭੰਗੂ)-ਸਰਹੱਦੀ ਪਿੰਡ ਲੱਖੂਵਾਲ ਵਿੱਚ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਆਮ ਆਦਮੀ ਪਾਰਟੀ ਦੇ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਦਕਿ ਚਾਰ ਹੋਰਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਹੈ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਲੱਖੂਵਾਲ ਕਾਂਗਰਸ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦਾ ਜੱਦੀ ਪਿੰਡ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਲੱਖੂਵਾਲ ਦਾ ਨੌਜਵਾਨ ਦੀਪਇੰਦਰ ਸਿੰਘ ਦੀਪੂ ਆਪਣੇ ਕੁਝ ਸਾਥੀਆਂ ਸਣੇ ਆਪਣੀ ਹਵੇਲੀ ਵਿੱਚ ਬੈਠਾ ਸੀ। ਉਹ ਕੁਝ ਸਮਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਇਆ ਸੀ। ਇਸ ਦੌਰਾਨ ਦੋ ਨਕਾਬਪੋਸ਼ ਮੋਟਰਸਾਈਕਲ ’ਤੇ ਆਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਗੋਲੀਬਾਰੀ ਵਿੱਚ ਦੀਪੂ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਉਸ ਦੇ ਚਾਰ ਸਾਥੀ ਗੰਭੀਰ ਜ਼ਖ਼ਮੀ ਹੋ ਗਏ। ਮੌਕੇ ’ਤੇ ਪਹੁੰਚੇ ਐੱਸਐੱਸਪੀ ਅੰਮ੍ਰਿਤਸਰ (ਦਿਹਾਤੀ) ਸਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।