ਇਯਾਲੀ ਨੇ ਰੋਸ ਜ਼ਾਹਰ ਕੀਤਾ-ਬੀਬੀ ਗੁਲਸ਼ਨ ਨੇ ਅਸਤੀਫਾ ਮੰਗਿਆ
ਚੰਡੀਗੜ੍ਹ ( ਦੇ ਪ੍ਰ ਬਿ)-
ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਨਮੋਸ਼ੀ ਭਰੀ ਹਾਰ ਮਗਰੋਂ ਪਾਰਟੀ ਵਿਚ ਬਗਾਵਤੀ ਸੁਰ ਉੱਠਣ ਲੱਗੇ ਹਨ। ਪਹਿਲੀ ਵਾਰ ਹੈ ਕਿ ਪਾਰਟੀ ਦੇ 10 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ ਹੈ। ਪੰਜਾਬ ਵਿਧਾਨ ਸਭਾ ਵਿਚ ਪਾਰਟੀ ਦੇ ਵਿਧਾਇਕ ਦਲ ਦੇ ਆਗੂ ਅਤੇ ਸੀਨੀਅਰ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਪਾਰਟੀ ਦੀ ਮੌਜੂਦਾ ਸਥਿਤੀ ’ਤੇ ਫ਼ਿਕਰ ਜ਼ਾਹਰ ਕਰਦਿਆਂ ਖ਼ਾਮੋਸ਼ ਰਹਿਣ ਦਾ ਫ਼ੈਸਲਾ ਕੀਤਾ ਹੈ। ਚੇਤੇ ਰਹੇ ਕਿ ਰਾਸ਼ਟਰਪਤੀ ਚੋਣ ਵੇਲੇ ਵੀ ਇਯਾਲੀ ਨੇ ਰੋਸ ਜਤਾਇਆ ਸੀ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਚੋਣਾਂ ਵਿੱਚ ਕਾਰਗੁਜ਼ਾਰੀ ਨਮੋਸ਼ੀਜਨਕ ਹੈ। ਢੀਂਡਸਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਹੋਈ ਹਾਰ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹੈ ਅਤੇ ਪਾਰਟੀ ਪ੍ਰਧਾਨ ਨੂੰ ਜਨਤਕ ਤੌਰ ’ਤੇ ਹਾਰ ਕਬੂਲ ਕਰਨੀ ਚਾਹੀਦੀ ਹੈ।
ਇਯਾਲੀ ਵਲੋਂ ਨਾਰਾਜ਼ਗੀ-ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੀ ਪਾਰਟੀ ਦੀ ਲੀਡਰਸ਼ਿਪ ਦੀ ਕਾਰਗੁਜ਼ਾਰੀ ’ਤੇ ਉਂਗਲ ਧਰਦਿਆਂ ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ। ਸ੍ਰੀ ਇਯਾਲੀ ਨੇ ਆਪਣੀ ਫੇਸਬੁੱਕ ’ਤੇ ਲਿਖ਼ਿਆ ਹੈ, ‘ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਸਿਰਮੌਰ ਜਥੇਬੰਦੀ ਹੈ, ਜਿਸ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਹੈ ਪਰ ਪਿਛਲੇ ਕੁਝ ਸਮੇਂ ਤੋਂ ਪਾਰਟੀ ਆਗੂਆਂ ਵੱਲੋਂ ਲਏ ਫੈਸਲਿਆਂ ਕਾਰਨ ਦਲ ਵਿੱਚ ਵੱਡੀ ਪੱਧਰ ’ਤੇ ਸਿਧਾਂਤਕ ਗਿਰਾਵਟ ਆਈ ਹੈ। ਪਾਰਟੀ ਪਹਿਲਾਂ ਕਿਸਾਨੀ ਅਤੇ ਮੌਜੂਦਾ ਸਮੇਂ ਪੰਜਾਬ ਅੰਦਰ ਚੱਲ ਰਹੀ ਪੰਥਕ ਸੋਚ ਨੂੰ ਵੀ ਪਛਾਣਨ ਵਿੱਚ ਅਸਫਲ ਰਹੀ। ਕਿਸਾਨੀ, ਪੰਥ ਅਤੇ ਪੰਜਾਬੀਆਂ ਦਾ ਭਰੋਸਾ ਹਾਸਲ ਕਰਨ ਲਈ ਅੱਜ ਪਾਰਟੀ ਨੂੰ ਵੱਡੇ ਫੈਸਲੇ ਲੈਣ ਦੀ ਲੋੜ ਹੈ ਤਾਂ ਜੋ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕੀਤਾ ਜਾ ਸਕੇ।’
ਬੀਬੀ ਗੁਲਸ਼ਨ ਨੇ ਮੰਗਿਆ ਸੁਖਬੀਰ ਦਾ ਅਸਤੀਫ਼ਾ-
ਸਾਬਕਾ ਲੋਕ ਸਭਾ ਮੈਂਬਰ ਪਰਮਜੀਤ ਕੌਰ ਗੁਲਸ਼ਨ ਨੇ ਸੁਖਬੀਰ ਸਿੰਘ ਬਾਦਲ ਨੂੰ ਇਖ਼ਲਾਕੀ ਆਧਾਰ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦੀ ਸਲਾਹ ਦਿੱਤੀ ਹੈ। ਬੀਬੀ ਗੁਲਸ਼ਨ ਨੇ ਕਿਹਾ ਕਿ ਲਗਾਤਾਰ ਸੱਤ ਸਾਲਾਂ ਤੋਂ ਪਾਰਟੀ ਦਾ ਗ਼ਰਾਫ਼ ਲਗਾਤਾਰ ਹੇਠਾਂ ਖਿਸਕਦਾ ਜਾ ਰਿਹਾ ਹੈ ਅਤੇ ਇਨ੍ਹਾਂ ਚੋਣਾਂ ’ਚ ਤਾਂ ਪਾਰਟੀ ਦੀ ਵੋਟ ਪ੍ਰਤੀਸ਼ਤਤਾ ’ਚ ਇੰਨਾ ਨਿਘਾਰ ਆਇਆ ਕਿ ਦਸ ਸੀਟਾਂ ’ਤੇ ਉਮੀਦਵਾਰ ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕੇ। ਬਠਿੰਡਾ ਸੀਟ ਵੀ ਇਸੇ ਲਈ ਜਿੱਤੀ ਜਾ ਸਕੀ ਕਿਉਂਕਿ ਇੱਥੇ ਬਾਦਲ ਦਾ ਪਰਿਵਾਰਕ ਮੈਂਬਰ ਉਮੀਦਵਾਰ ਸੀ।