Headlines

ਪੰਨੂੰ ਸਾਜਿਸ਼ ਕੇਸ ਵਿਚ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਚੈਕ ਗਣਰਾਜ ਨੇ ਅਮਰੀਕਾ ਹਵਾਲੇ ਕੀਤਾ

ਵਾਸ਼ਿੰਗਟਨ-ਅਮਰੀਕਾ ਵਿਚ ਸਿੱਖਸ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਪੰਨੂ ਨੂੰ ਕਤਲ ਕਰਾਉਣ ਦੀ ਕਥਿਤ ਸਾਜ਼ਿਸ਼ ਵਿਚ ਸ਼ਾਮਲ  ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਚੈੱਕ ਗਣਰਾਜ ਤੋਂ ਅਮਰੀਕਾ ਹਵਾਲੇ ਕਰ ਦਿੱਤਾ ਗਿਆ ਹੈ। ਗੁਪਤਾ (52) ਨੂੰ ਅਮਰੀਕੀ ਨਾਗਰਿਕ ਅਤੇ ਖਾਲਿਸਤਾਨੀ ਆਗੂ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਵਿਚ ਸ਼ਾਮਲ ਹੋਣ ਦੇ ਦੋਸ਼ ਵਿਚ ਅਮਰੀਕੀ ਸਰਕਾਰ ਦੀ ਅਪੀਲ ‘ਤੇ ਪਿਛਲੇ ਸਾਲ ਚੈੱਕ ਗਣਰਾਜ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਚੈੱਕ ਸੰਵਿਧਾਨਕ ਅਦਾਲਤ ਨੇ ਪਿਛਲੇ ਮਹੀਨੇ ਹਵਾਲਗੀ ਵਿਰੁੱਧ ਗੁਪਤਾ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਅਮਰੀਕਾ ਦੇ ਸੰਘੀ ਵਕੀਲਾਂ ਨੇ ਦੋਸ਼ ਲਗਾਇਆ ਹੈ ਕਿ ਗੁਪਤਾ ਅਣਪਛਾਤੇ ਭਾਰਤੀ ਸਰਕਾਰੀ ਅਧਿਕਾਰੀ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਭਾਰਤ ਨੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ ਅਤੇ ਦੋਸ਼ਾਂ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਗੁਪਤਾ ਇਸ ਸਮੇਂ ਬਰੁਕਲਿਨ ਦੇ ਮੈਟਰੋਪੋਲੀਟਨ ਡਿਟੈਂਸ਼ਨ ਸੈਂਟਰ ਵਿੱਚ ਬੰਦ ਹੈ।