ਚੰਡੀਗੜ੍ਹ ( ਦੇ ਪ੍ਰ ਬਿ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨ ਵਾਲੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਜੋ ਇਸ ਸਮੇਂ ਕੌਮੀ ਸੁਰੱਖਿਆ ਐਕਟ ਅਧੀਨ ਆਸਾਮ ਦੀ ਡਿਬਰੂਗੜ ਜੇਲ ਵਿਚ ਬੰਦ ਹਨ, ਦੀ ਰਿਹਾਈ ਲਈ ਜਿਥੇ ਕੋਸ਼ਿਸ਼ਾਂ ਹੋ ਰਹੀਆਂ ਉਥੇ ਖਬਰ ਹੈ ਕਿ ਪੰਜਾਬ ਸਰਕਾਰ ਨੇ ਉਹਨਾਂ ਦੀ ਨਜ਼ਰਬੰਦੀ ਦੀ ਮਿਆਦ ਵਿਚ ਵਾਧਾ ਕਰਨ ਦਾ ਸਿਫਰਾਸ਼ ਕੀਤੀ ਹੈ। ਪਹਿਲਾਂ ਇਹ ਖਬਰ ਸੀ ਕਿ ਭਾਈਅੰਮ੍ਰਿਤਪਾਲ ਸਿੰਘ ਦੇ ਅੱਠ ਸਾਥੀਆਂ ਦੀ ਨਜ਼ਰਬੰਦੀ ਤਿੰਨ ਮਹੀਨਿਆਂ ਲਈ ਵਧਾ ਦਿੱਤੀ ਗਈ ਹੈ। ਪਰ ਹੁਣ ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਵੀ ਲਟਕਾਉਣ ਦਾ ਮਨ ਬਣਾ ਲਿਆ ਹੈ। ਸੂਤਰਾਂ ਮੁਤਾਬਿਕ ਭਾਈ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਅਗਲੇ ਸਾਲ ਮਾਰਚ ਮਹੀਨੇ ਤੱਕ ਵਧਾਉਣ ਦੀ ਸਿਫਾਰਸ਼ ਕੀਤੀ ਗਈ ਹੈ। ਭਾਈ ਸਾਹਿਬ ਦੇ ਸਾਥੀਆਂ ਜਿਹਨਾਂ ਵਿਚ ਦਲਜੀਤ ਸਿੰਘ ਕਲਸੀ, ਕੁਲਵੰਤ ਸਿੰਘ ਧਾਲੀਵਾਲ, ਵਰਿੰਦਰ ਸਿੰਘ ਜੌਹਲ, ਗੁਰਮੀਤ ਸਿੰਘ ਬੁੱਕਣਵਾਲਾ, ਹਰਜੀਤ ਸਿੰਘ, ਭਗਵੰਤ ਸਿੰਘ, ਬਸੰਤ ਸਿੰਘ ਅਤੇ ਗੁਰਿੰਦਰਪਾਲ ਸਿੰਘ ਔਜਲਾ ਸ਼ਾਮਲ ਹਨ,ਦੀ ਨਜ਼ਰਬੰਦੀ 24 ਜੂਨ ਨੂੰ ਖਤਮ ਹੋਣੀ ਸੀ। ਪਰ ਇਹਨਾਂ ਦੀ ਨਜ਼ਰਬੰਦੀ ਤਿੰਨ ਮਹੀਨੇ ਹੋਰ ਵਧਾਈ ਗਈ ਹੈ। ਅੰਮ੍ਰਿਤਪਾਲ ਦੇ ਵਕੀਲ ਈਮਾਨ ਸਿੰਘ ਖੇੜਾ ਅਤੇ ਹੋਰਨਾਂ ਨੇ ਦੱਸਿਆ ਕਿ ਹੁਣ ਤੱਕ ਅੱਠ ਵਿਅਕਤੀਆਂ ਦੀ ਨਜ਼ਰਬੰਦੀ ਵਧਾਉਣ ਦੇ ਹੁਕਮ ਪ੍ਰਾਪਤ ਹੋ ਚੁੱਕੇ ਹਨ। ਕਿਆਸ ਲਗਾਏ ਜਾ ਰਹੇ ਸਨ ਕਿ ਸੰਸਦ ਮੈਂਬਰ ਬਣਨ ਤੋਂ ਬਾਅਦ ਅੰਮ੍ਰਿਤਪਾਲ ਨੂੰ ਰਿਹਾਅ ਕੀਤਾ ਜਾ ਸਕਦਾ ਹੈ।