Headlines

ਦਲ ਖਾਲਸਾ ਨੇ ਅੰਮ੍ਰਿਤਸਰ ਵਿਖੇ ਭਾਈ ਹਰਦੀਪ ਸਿੰਘ ਨਿੱਝਰ ਦੀ ਬਰਸੀ ਮਨਾਈ

ਬਰਸੀ ਸਮਾਗਮ ਵਿਚ ਸਿੰਘ ਸਾਹਿਬ ਤੇ ਸ੍ਰੋਮਣੀ ਕਮੇਟੀ ਪ੍ਰਧਾਨ ਸ਼ਾਮਿਲ ਹੋਏ-

ਅੰਮ੍ਰਿਤਸਰ ( ਲਾਂਬਾ, ਭੰਗੂ)-ਕੈਨੇਡਾ ਵਿਚ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੀ ਪਹਿਲੀ ਬਰਸੀ ਮੌਕੇ ਦਲ ਖਾਲਸਾ ਵੱਲੋ ‘ਸ਼ਹੀਦੀ ਦਿਹਾੜੇ’ ਵਜੋਂ ਮਨਾਇਆ ਗਿਆ। ਬੀਤੇ ਦਿਨ ਗੁਰਦੁਆਰਾ ਸੰਤੋਖਸਰ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਵੱਖ-ਵੱਖ ਸ਼ਖਸੀਅਤਾਂ ਨੇ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਵਾਲੀ ਥਾਂ ’ਤੇ ਹਰਦੀਪ ਸਿੰਘ ਨਿੱਝਰ ਦੀਆਂ ਤਸਵੀਰਾਂ ਅਤੇ ਕੈਨੇਡਾ ਸਰਕਾਰ ਦਾ ਧੰਨਵਾਦ ਵਾਲੇ ਬੋਰਡ ਲੱਗੇ ਹੋਏ ਸਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਸ਼ਮੂਲੀਅਤ ਕੀਤੀ ਅਤੇ ਸ਼ਰਧਾਂਜਲੀ ਭੇਟ ਕੀਤੀ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੋਲਦਿਆਂ ਭਾਈ ਨਿੱਝਰ ਨੂੰ ਸਿੱਖ ਕੌਮ ਦਾ ਸ਼ਹੀਦ ਦੱਸਿਆ। ਉਨ੍ਹਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡੀਅਨ ਪਾਰਲੀਮੈਂਟ ਵਿੱਚ ਸਿੱਖ ਆਗੂ ਦੀ ਹੱਤਿਆ ਦੀ ਸਾਜ਼ਿਸ਼ ਰਚਨ ਦੇ ਦਾਅਵੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਵਿਦੇਸ਼ ਵਿੱਚ ਸਿਰਫ ਸ੍ਰੀ ਨਿੱਝਰ ਹੀ ਨਹੀਂ ਹੋਰ ਵੀ ਸਿੱਖ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਚੁੱਕਿਆ ਹੈ ਅਤੇ ਇਸ ਪਿਛੇ ਭਾਰਤੀ ਖੁਫੀਆ ਏਜੰਸੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਇਸ ਮੌਕੇ ਭਾਈ ਨਿੱਝਰ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਭੇਟ ਕੀਤਾ ਜੋ ਪਰਿਵਾਰ ਵੱਲੋਂ ਸਮਾਗਮ ਦੇ ਪ੍ਰਬੰਧਕਾਂ ਨੇ ਪ੍ਰਾਪਤ ਕੀਤਾ। ਸਮਾਗਮ ਵਿੱਚ ਸਿੱਖ ਨਜ਼ਰਬੰਦ ਜਗਤਾਰ ਸਿੰਘ ਹਵਾਰਾ ਅਤੇ ਜਗਤਾਰ ਸਿੰਘ ਤਾਰਾ ਦੇ ਸੰਦੇਸ਼ ਪੜ੍ਹ ਕੇ ਸੁਣਾਏ ਗਏ। ਸਮਾਗਮ ਵਿੱਚ ਜਥੇਬੰਦੀ ਨੇ ਮਤਾ ਪਾਸ ਕਰਕੇ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿੱਚ ਸਥਾਪਤ ਕਰਨ ਅਤੇ ਸ੍ਰੀ ਅਕਾਲ ਤਖ਼ਤ ਤੋਂ ਉਸ ਨੂੰ ਸ਼ਹੀਦ ਦੀ ਉਪਾਧੀ ਦੇਣ ਦੀ ਮੰਗ ਕੀਤੀ। ਇਸ ਮੌਕੇ ਦਲ ਖ਼ਾਲਸਾ ਦੇ ਰਾਜਸੀ ਮਾਮਲਿਆਂ ਦੇ ਸਕੱਤਰ ਕੰਵਰਪਾਲ ਸਿੰਘ, ਕਾਰਜਕਾਰੀ ਪ੍ਰਧਾਨ ਭਾਈ ਪਰਮਜੀਤ ਸਿੰਘ ਮੰਡ, ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ, ਭਾਈ ਨਰੈਣ ਸਿੰਘ ਚੌੜਾ, ਵਕੀਲ ਸਿਮਰਨਜੀਤ ਸਿੰਘ ਹਾਜ਼ਰ ਸਨ।