Headlines

‘ਆਪ’ ਦੇ ਲੋਕ ਸਭਾ ਮੈਂਬਰ ਪੰਜਾਬ ਦੀ ਆਵਾਜ਼ ਬੁਲੰਦ ਕਰਨਗੇ: ਭਗਵੰਤ ਮਾਨ

ਚੰਡੀਗੜ੍ਹ, 25 ਜੂਨ

ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਗੁਰਮੀਤ ਸਿੰਘ ਮੀਤ ਹੇਅਰ, ਮਲਵਿੰਦਰ ਸਿੰਘ ਕੰਗ ਤੇ ਡਾ. ਰਾਜਕੁਮਾਰ ਚੱਬੇਵਾਲ ਨੂੰ ਅੱਜ ਹਲਫ਼ ਲੈਣ ਮਗਰੋਂ ਅਧਿਕਾਰਤ ਤੌਰ ’ਤੇ ਸੰਸਦ ਮੈਂਬਰ ਬਣਨ ਦੀ ਵਧਾਈ ਦਿੱਤੀ ਹੈ। ਸ੍ਰੀ ਮਾਨ ਨੇ ਕਿਹਾ ਕਿ ‘ਆਪ’ ਦੇ ਤਿੰਨੋਂ ਸੰਸਦ ਮੈਂਬਰ ਬਹੁਤ ਹੀ ਤਜਰਬੇਕਾਰ ਹਨ। ਉਹ ਪੰਜਾਬ ਦੇ ਮਸਲਿਆਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਹ ਲੋਕ ਸਭਾ ਵਿੱਚ ਪੰਜਾਬ ਦੀ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਮੀਤ ਹੇਅਰ ਪੰਜਾਬ ਸਰਕਾਰ ਵਿੱਚ ਦੋ ਵਾਰ ਵਿਧਾਇਕ ਅਤੇ ਕਈ ਵਿਭਾਗਾਂ ਦੇ ਮੰਤਰੀ ਰਹਿ ਚੁੱਕੇ ਹਨ। ਮਲਵਿੰਦਰ ਕੰਗ ਲੰਬੇ ਸਮੇਂ ਤੋਂ ਰਾਜਨੀਤੀ ਵਿੱਚ ਸਰਗਰਮ ਹਨ, ਜੋ ਵਿਦਿਆਰਥੀ ਰਾਜਨੀਤੀ ਦੇ ਸਮੇਂ ਤੋਂ ਹੀ ਸਮਾਜਿਕ ਕੰਮਾਂ ਵਿੱਚ ਸ਼ਾਮਲ ਹਨ ਅਤੇ ਪਿਛਲੇ ਦੋ ਸਾਲਾਂ ਤੋਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਵਜੋਂ ਕੰਮ ਕਰ ਰਹੇ ਹਨ। ਡਾ. ਰਾਜਕੁਮਾਰ ਚੱਬੇਵਾਲ ਦੋ ਵਾਰ ਵਿਧਾਇਕ ਵੀ ਰਹਿ ਚੁੱਕੇ ਹਨ। ਉਨ੍ਹਾਂ ਨੇ ਆਪਣੇ ਇਲਾਕੇ ਦੇ ਆਮ ਅਤੇ ਗ਼ਰੀਬ ਲੋਕਾਂ ਲਈ ਬਹੁਤ ਕੰਮ ਕੀਤੇ ਹਨ। ਉਨ੍ਹਾਂ ਦਾ ਤਜਰਬਾ ਸੰਸਦ ਵਿਚ ਵੀ ਲਾਭਦਾਇਕ ਹੋਵੇਗਾ। ਸ੍ਰੀ ਮਾਨ ਨੇ ਕਿਹਾ ਕਿ ‘ਆਪ’ ਦੇ ਤਿੰਨੋਂ ਸੰਸਦ ਮੈਂਬਰ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨਗੇ ਅਤੇ ਸੂਬੇ ਦੇ ਆਮ ਲੋਕਾਂ ਦੇ ਮਸਲੇ ਸੰਸਦ ਵਿੱਚ ਉਠਾਉਣਗੇ। ਉਨ੍ਹਾਂ ਕਿਹਾ ਕਿ ‘ਆਪ’ ਦੇ ਸੰਸਦ ਮੈਂਬਰ ਪੰਜਾਬ ਦੇ ਰੁਕੇ ਹੋਏ ਫ਼ੰਡਾਂ ਦਾ ਮੁੱਦਾ ਵੀ ਪਾਰਲੀਮੈਂਟ ਵਿੱਚ ਜ਼ੋਰ-ਸ਼ੋਰ ਨਾਲ ਉਠਾਉਣਗੇ ਅਤੇ ਕੇਂਦਰ ਸਰਕਾਰ ’ਤੇ ਦਬਾਅ ਬਣਾ ਕੇ ਇਸ ਨੂੰ ਜਲਦੀ ਤੋਂ ਜਲਦੀ ਪਾਸ ਕਰਵਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਵਿਕਾਸ ਫ਼ੰਡ, ਨੈਸ਼ਨਲ ਹੈਲਥ ਮਿਸ਼ਨ ਸਮੇਤ ਵੱਖ-ਵੱਖ ਸਕੀਮਾਂ ਦਾ ਕੇਂਦਰ ਸਰਕਾਰ ਵੱਲ ਕਰੀਬ 10 ਹਜ਼ਾਰ ਕਰੋੜ ਰੁਪਿਆ ਬਕਾਇਆ ਹੈ, ਜੋ ਕਿ ਕੇਂਦਰ ਵੱਲੋਂ ਕਈ ਸਾਲਾਂ ਤੋਂ ਜਾਰੀ ਨਹੀਂ ਕੀਤਾ ਜਾ ਰਿਹਾ ਹੈ।

 

Leave a Reply

Your email address will not be published. Required fields are marked *