Headlines

ਪੇਪਰ ਲੀਕ: ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹੱਲ ਕੱਢਣਾ ਚਾਹੀਦਾ ਹੈ: ਮੁਰਮੂ

ਮੁਕਾਬਲਾ ਪ੍ਰੀਖਿਆਵਾਂ ਰੱਦ ਹੋਣ ਦੇ ਮੱਦੇਨਜ਼ਰ ਚਿੰਤਾ ਜਤਾਈ

ਨਵੀਂ ਦਿੱਲੀ, 27 ਜੂਨ

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਨੀਟ ਵਿਵਾਦ ਸਬੰਧੀ ਕਿਹਾ ਕਿ ਪੇਪਰ ਲੀਕ ਕਰਨ ਵਾਲਿਆਂ ਨੂੰ ਮੁਆਫ਼ ਨਹੀਂ ਕੀਤਾ ਜਾਵੇਗਾ ਅਤੇ ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਨੀਟ ਪੇਪਰ ਲੀਕ ਮਾਮਲੇ ’ਤੇ ਕਿਹਾ ਕਿ ਸਰਕਾਰ ਪੇਪਰ ਲੀਕ ਦੀਆਂ ਤਾਜ਼ਾ ਘਟਨਾਵਾਂ ਦੀ ਜਾਂਚ ਕਰਨ ਅਤੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਠਾਰਵੀਂ ਲੋਕ ਸਭਾ ਵਿੱਚ ਪਹਿਲੀ ਵਾਰ ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਦਿਆਂ ਮੁਰਮੂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇਸ਼ ਦੇ ਨੌਜਵਾਨਾਂ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਦੇ ਯੋਗ ਬਣਾਉਣ ਲਈ ਮਾਹੌਲ ਸਿਰਜਣ ਦਾ ਕੰਮ ਕਰ ਰਹੀ ਹੈ। ਜਦੋਂ ਉਹ ਸਿੱਖਿਆ ਦੇ ਮੋਰਚੇ ’ਤੇ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਗੱਲ ਕਰ ਰਹੇ ਸਨ ਤਾਂ ਕੁਝ ਵਿਰੋਧੀ ਮੈਂਬਰਾਂ ਨੇ ਨੀਟ ਵਿੱਚ ਕਥਿਤ ਬੇਨੇਮੀਆਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ। ਰਾਸ਼ਟਰਪਤੀ ਨੇ ਕਿਹਾ, ”ਜੇਕਰ ਕਿਸੇ ਕਾਰਨ ਪ੍ਰੀਖਿਆਵਾਂ ਵਿੱਚ ਵਿਘਨ ਪੈਂਦਾ ਹੈ ਤਾਂ ਇਹ ਸਹੀ ਨਹੀਂ ਹੈ।” ਸਰਕਾਰੀ ਭਰਤੀਆਂ ਅਤੇ ਇਮਤਿਹਾਨਾਂ ਵਿੱਚ ਪਾਰਦਰਸ਼ਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੇਪਰ ਲੀਕ ਦੀਆਂ ਹਾਲੀਆ ਘਟਨਾਵਾਂ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਲਈ ਵਚਨਬੱਧ ਹੈ।