ਅੰਮ੍ਰਿਤਸਰ, 28 ਜੂਨ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਅੱਜ ਕੇਂਦਰ ਸਰਕਾਰ ਕੋਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ। ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਜਨਰਲ ਸਕੱਤਰ ਹਰਪਾਲ ਸਿੰਘ ਬਲੇਰ ਨੇ ਕਿਹਾ ਕਿ ਪਿਛਲੇ 13 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਕਰਵਾਈਆਂ ਗਈਆਂ। ਇਹ ਚੋਣ ਸਿੱਖ ਕੌਮ ਦਾ ਹੱਕ ਹੈ, ਜਿਸ ਤੋਂ ਉਨ੍ਹਾਂ ਨੂੰ ਵਾਂਝਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਸੰਸਦ ਮੈਂਬਰ ਕੰਗਨਾ ਰਣੌਤ ਦੇ ਪੰਜਾਬੀਆਂ ਨੂੰ ਥੱਪੜ ਮਾਰਨ ਦੇ ਬਿਆਨ ਅਤੇ ਦਰਬਾਰ ਸਾਹਿਬ ਵਿਖੇ ਯੋਗ ਕਰਨ ਆਈ ਮਹਿਲਾ ’ਤੇ ਵੀ ਤਿੱਖਾ ਪ੍ਰਤੀਕਰਮ ਦਿੱਤਾ ਹੈ। ਇਸ ਮੌਕੇ ਈਮਾਨ ਸਿੰਘ ਮਾਨ ਨੇ ਸੂਬਾ ਸਰਕਾਰ ’ਤੇ ਹਮਲਾ ਬੋਲਦਿਆਂ ਕਿਹਾ ਕਿ ‘ਆਪ’ ਸਰਕਾਰ ਝੂਠ ਬੋਲ ਕੇ ਸੱਤਾ ਵਿੱਚ ਆਈ ਹੈ। ਇਸ ਮੌਕੇ ਬਾਬਾ ਲਹਿਣਾ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਉਸ ਨੂੰ ਸਹੁੰ ਨਾ ਚੁਕਵਾਉਣ ਦਾ ਮਾਮਲਾ ਸਮੁੱਚੀਆਂ ਪਾਰਟੀਆਂ ਨੂੰ ਇਕਜੁੱਟ ਹੋ ਕੇ ਉਭਾਰਨਾ ਚਾਹੀਦਾ ਹੈ।