ਮੁੱਖ ਮੰਤਰੀ ਵੱਲੋਂ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਅਕਾਲੀ ਆਗੂ ਸੁਭਾਸ਼ ਸੋਂਧੀ ਦਾ ਸਵਾਗਤ
ਜਲੰਧਰ, 28 ਜੂਨ (ਪਾਲ ਸਿੰਘ ਨੌਲੀ/ਹਤਿੰਦਰ ਮਹਿਤਾ) ਜ਼ਿਮਨੀ ਚੋਣ ਸਬੰਧੀ ਹਰ ਪਾਰਟੀ ਦੇ ਸਟਾਰ ਪ੍ਰਚਾਰਕ ਲੋਕਾਂ ਵਿੱਚ ਜਾ ਕੇ ਆਪੋ-ਆਪਣੀਆਂ ਪ੍ਰਾਪਤੀਆਂ ਗਿਣਵਾ ਕੇ ਵੋਟਾਂ ਮੰਗ ਰਹੇ ਹਨ। ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਸਾਥੀਆਂ ਨਾਲ ਮਿਲ ਕੇ ਪੱਛਮੀ ਹਲਕੇ ਵਿੱਚ ਆਪਣੇ ਉਮੀਦਵਾਰ ਮਹਿੰਦਰ ਭਗਤ ਲਈ ਚੋਣ ਪ੍ਰਚਾਰ ’ਚ ਜੁਟੇ ਹੋਏ ਹਨ। ਅੱਜ ਮੁੱਖ ਮੰਤਰੀ ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ ਤੇ ਸੰਤ ਨਿਰੰਜਨ ਦਾਸ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸੇ ਦੌਰਾਨ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਭਗਵਾਨ ਵਾਲਮੀਕਿ ਸਭਾ ਬਸਤੀਆਂ ਦੇ ਕਈ ਮੈਂਬਰ ਤੇ ਅਹੁਦੇਦਾਰ ‘ਆਪ’ ਵਿੱਚ ਸ਼ਾਮਲ ਹੋ ਗਏ। ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਸੁਭਾਸ਼ ਸੋਂਧੀ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ’ਤੇ ਸਾਰੇ ਆਗੂਆਂ ਨੂੰ ਪਾਰਟੀ ’ਚ ਸ਼ਾਮਲ ਕਰ ਕੇ ਉਨ੍ਹਾਂ ਦਾ ਸਵਾਗਤ ਕੀਤਾ। ਭਗਵੰਤ ਮਾਨ ਨੇ ਕਿਹਾ, ‘‘ਜਲੰਧਰ ਵਿੱਚ ਆਮ ਆਦਮੀ ਪਾਰਟੀ ਬਹੁਤ ਮਜ਼ਬੂਤ ਹੈ। ਸਾਡੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ‘ਆਪ’ ਨਾਲ ਜੁੜ ਰਹੇ ਹਨ ਅਤੇ ਸਾਡੀ ਹਮਾਇਤ ਕਰ ਰਹੇ ਹਨ। ਜ਼ਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਮੋਹਿੰਦਰ ਭਗਤ ਨੂੰ ਹਰ ਵਰਗ ਦੀ ਹਮਾਇਤ ਮਿਲ ਰਹੀ ਹੈ, ਕਿਉਂਕਿ ਸਾਡਾ ਉਮੀਦਵਾਰ ਬਹੁਤ ਪੜ੍ਹਿਆ-ਲਿਖਿਆ, ਯੋਗ ਅਤੇ ਇਮਾਨਦਾਰ ਹੈ। ਉਨ੍ਹਾਂ ਦੀਆਂ ਦੋ ਪੀੜ੍ਹੀਆਂ ਨੇ ਜਲੰਧਰ ਦੇ ਲੋਕਾਂ ਦੀ ਸੇਵਾ ਕੀਤੀ ਹੈ। ਮੈਨੂੰ ਭਰੋਸਾ ਹੈ ਕਿ ਸਾਡੇ ਉਮੀਦਵਾਰ ਇਹ ਚੋਣ ਵੱਡੇ ਫਰਕ ਨਾਲ ਜਿੱਤਣਗੇ।’’ ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸ਼ਬਨਮ ਚੌਹਾਨ, ਪੂਜਾ ਸਿੱਧੂ, ਉਮੇਸ਼ ਕੁਮਾਰ, ਰਾਜੇਸ਼ ਕੁਮਾਰ, ਮਾਨ ਸਿਮਰਨ ਸਿੰਘ ਦੇ ਨਾਂ ਵੀ ਸ਼ਾਮਲ ਹਨ।