ਚੰਡੀਗੜ੍ਹ, 1 ਜੁਲਾਈ
‘‘ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਮੱਕੀ ਦੇ ਹਾਈਬ੍ਰਿਡ ਬੀਜਾਂ ’ਤੇ 100 ਰੁਪਏ ਪ੍ਰਤੀ ਕਿਲੋ ਸਬਸਿਡੀ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸੂਬੇ ਵਿੱਚ 4700 ਹੈਕਟੇਅਰ ਰਕਬੇ ’ਤੇ ਮੱਕੀ ਦੀਆਂ ਪ੍ਰਦਰਸ਼ਨੀਆਂ ਲਗਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਲਈ ਕਿਸਾਨਾਂ ਨੂੰ ਖਾਦਾਂ, ਕੀਟਨਾਸ਼ਕਾਂ ਆਦਿ ਸਣੇ ਵੱਖ-ਵੱਖ ਸਮੱਗਰੀ ਲਈ ਪ੍ਰਤੀ ਹੈਕਟੇਅਰ 6,000 ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ।’’ ਇਹ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਹੈ।
ਸ੍ਰੀ ਖੁੱਡੀਆਂ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵੱਲੋਂ ਪ੍ਰਮਾਣਿਤ ਅਤੇ ਸਿਫ਼ਾਰਸ਼ ਕੀਤੇ ਹਾਈਬ੍ਰਿਡ ਮੱਕੀ ਦੇ ਪ੍ਰਤੀ ਇੱਕ ਕਿਲੋ ਬੀਜ ਦੀ ਖ਼ਰੀਦ ’ਤੇ ਕਿਸਾਨ 100 ਰੁਪਏ ਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਹਾਈਬ੍ਰਿਡ ਮੱਕੀ ਦੇ ਬੀਜਾਂ ਲਈ ਪ੍ਰਤੀ ਕਿਸਾਨ ਨੂੰ ਵੱਧ ਤੋਂ ਵੱਧ 5 ਏਕੜ ਰਕਬੇ ਲਈ ਸਬਸਿਡੀ ਦਿੱਤੀ ਜਾਵੇਗੀ ਜਾਂ ਫੇਰ 40 ਕਿਲੋਗ੍ਰਾਮ ਬੀਜ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਇਸ ਤਰ੍ਹਾਂ ਕਿਸਾਨਾਂ ਨੂੰ ਕੁੱਲ 2300 ਕੁਇੰਟਲ ਮੱਕੀ ਦਾ ਬੀਜ ਸਬਸਿਡੀ ’ਤੇ ਉਪਲਬਧ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਵੱਧ ਖ਼ਪਤ ਵਾਲੀ ਝੋਨੇ ਦੀ ਫ਼ਸਲ ਤੋਂ ਛੁਟਕਾਰਾ ਦਿਵਾਉਣ ਲਈ ਸੂਬਾ ਸਰਕਾਰ ਨੇ ਰਿਕਾਰਡ 2 ਲੱਖ ਹੈਕਟੇਅਰ ਰਕਬੇ ’ਤੇ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਦਾ ਟੀਚਾ ਮਿੱਥਿਆ ਹੈ। ਕੈਬਨਿਟ ਮੰਤਰੀ ਨੇ ਸੂਬੇ ਦੇ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ। ਕਿਸਾਨ ਆਨਲਾਈਨ ਪੋਰਟਲ ’ਤੇ ਆਪਣੀ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ।