Headlines

ਅੰਮ੍ਰਿਤਪਾਲ ਸਿੰਘ ਤੇ ਇੰਜਨੀਅਰ ਰਾਸ਼ਿਦ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ

ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਰਵਾਨਾ

ਨਵੀਂ ਦਿੱਲੀ, 5 ਜੁਲਾਈ

ਵਾਰਿਸ ਪੰਜਾਬ ਦੇ ਜਥੇਬੰਦੀ ਦਾ ਮੁਖੀ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਸੰਸਦ ਭਵਨ ’ਚ ਸਹੁੰ ਚੁਕਾਈ ਗਈ। ਇਸ ਤੋਂ ਇਲਾਵਾ ਇੰਜਨੀਅਰ ਰਸ਼ੀਦ ਨੂੰ ਵੀ ਸਹੁੰ ਚੁਕਾਈ ਗਈ ਜਿਸ ਨੂੰ ਤਿਹਾੜ ਜੇਲ੍ਹ ਤੋਂ ਦੋ ਘੰਟੇ ਦੀ ਪੈਰੋਲ ਦਿੱਤੀ ਗਈ ਸੀ। ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਨੂੰ ਚਾਰ ਦਿਨਾਂ ਦੀ ਪੈਰੋਲ ਦਿੱਤੀ ਗਈ ਹੈ ਪਰ ਪਰਿਵਾਰ ਨੂੰ ਮਿਲਣ ਤੋਂ ਬਾਅਦ ਰਾਸ਼ਿਦ ਤੇ ਅੰਮ੍ਰਿਤਪਾਲ ਸਿੰਘ ਨੂੰ ਅੱਜ ਹੀ ਵਾਪਸ ਤਿਹਾੜ ਅਤੇ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾਵੇਗਾ। ਅੰਮ੍ਰਿਤਪਾਲ ਸਿੰਘ ਦੇ ਪਿਤਾ ਸਣੇ ਤਿੰਨ ਜਣਿਆਂ ਨੂੰ ਹੀ ਮਿਲਣ ਦੀ ਮਨਜ਼ੂਰੀ ਦਿੱਤੀ ਗਈ।ਇਹ ਵੀ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਦੀ ਪਤਨੀ ਇਸ ਵੇਲੇ ਆਸਾਮ ਵਿਚ ਹੀ ਹੈ। ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕ ਸਮਾਗਮ ਲਈ ਚਾਰ ਦਿਨ ਦੀ ਪੈਰੋਲ ਦਿੱਤੀ ਗਈ ਹੈ। ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ ਲਈ ਰਵਾਨਾ ਕਰ ਦਿੱਤਾ ਗਿਆ ਹੈ। ਉਸ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਦੇਸ਼-ਵਿਦੇਸ਼ ਦੀ ਸੰਗਤ ਦਾ ਧੰਨਵਾਦ ਕੀਤਾ ਹੈ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਲਿਆਂਦਾ ਗਿਆ ਤੇ ਸੰਸਦ ਮੈਂਬਰ ਵਜੋਂ ਸਹੁੰ ਚੁਕਾਈ ਗਈ।