Headlines

ਭਾਈ ਅੰਮ੍ਰਿਤਪਾਲ ਸਿੰਘ ਨੂੰ ਐਮ ਪੀ ਵਜੋਂ ਸਹੁੰ ਚੁਕਾਈ-ਵਾਪਿਸ ਡਿਬਰੂਗੜ ਭੇਜਿਆ

ਕਸ਼ਮੀਰੀ ਆਗੂ ਰਸ਼ੀਦ ਨੂੰ ਵੀ ਚੁਕਾਈ ਸਹੁੰ-

ਨਵੀਂ ਦਿੱਲੀ ( ਦਿਓਲ)- ਆਸਾਮ ਦੀ ਦਿਬਰੂਗੜ ਜੇਲ ਵਿਚ ਬੰਦ ਤੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਨੇ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ । ਉਨ੍ਹਾਂ ਨੂੰ ਸੰਸਦ ਭਵਨ ’ਚ ਸਹੁੰ ਚੁਕਾਈ ਗਈ। ਇਸ ਤੋਂ ਇਲਾਵਾ ਕਸ਼ਮੀਰੀ ਆਗੂ ਇੰਜਨੀਅਰ ਰਸ਼ੀਦ ਨੂੰ ਵੀ ਸਹੁੰ ਚੁਕਾਈ ਗਈ ਜਿਸ ਨੂੰ ਤਿਹਾੜ ਜੇਲ੍ਹ ਤੋਂ ਦੋ ਘੰਟੇ ਦੀ ਪੈਰੋਲ ਦਿੱਤੀ ਗਈ ਸੀ। ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਨੂੰ ਚਾਰ ਦਿਨਾਂ ਦੀ ਪੈਰੋਲ ਦਿੱਤੀ ਗਈ ਹੈ ਪਰ ਪਰਿਵਾਰ ਨੂੰ ਮਿਲਣ ਤੋਂ ਬਾਅਦ ਰਾਸ਼ਿਦ ਤੇ ਅੰਮ੍ਰਿਤਪਾਲ ਸਿੰਘ ਨੂੰ ਅੱਜ ਹੀ ਵਾਪਸ ਤਿਹਾੜ ਅਤੇ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾ ਰਿਹਾ ਹੈ। ਅੰਮ੍ਰਿਤਪਾਲ ਸਿੰਘ ਦੇ ਪਿਤਾ ਸਣੇ ਤਿੰਨ ਜਣਿਆਂ ਨੂੰ ਹੀ ਮਿਲਣ ਦੀ ਮਨਜ਼ੂਰੀ ਦਿੱਤੀ ਗਈ।ਇਹ ਵੀ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਦੀ ਪਤਨੀ ਇਸ ਵੇਲੇ ਆਸਾਮ ਵਿਚ ਹੀ ਹੈ। ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕ ਸਮਾਗਮ ਲਈ ਚਾਰ ਦਿਨ ਦੀ ਪੈਰੋਲ ਦਿੱਤੀ ਗਈ ਸੀ। ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ ਲਈ ਰਵਾਨਾ ਕਰ ਦਿੱਤਾ ਗਿਆ ਹੈ। ਉਸ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਦੇਸ਼-ਵਿਦੇਸ਼ ਦੀ ਸੰਗਤ ਦਾ ਧੰਨਵਾਦ ਕੀਤਾ ਹੈ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਲਿਆਂਦਾ ਗਿਆ ਤੇ ਸੰਸਦ ਮੈਂਬਰ ਵਜੋਂ ਸਹੁੰ ਚੁਕਾਈ ਗਈ।

ਇਸ ਦੌਰਾਨ ਸਪੀਕਰ ਵਲੋਂ ਉਹਨਾਂ ਦੀ ਕੋਈ ਤਸਵੀਰ ਲੈਣ ਜਾਂ ਵੀਡੀਓ ਬਣਾਉਣ ਦੀ ਇਜਾਜਤ ਨਹੀ ਦਿੱਤੀ ਗਈ।