ਅੰਮ੍ਰਿਤਸਰ, 13 ਜੁਲਾਈ
ਇੰਗਲੈਂਡ ਵਿੱਚ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਗ੍ਰੇਵਸੈਂਡ ਵਿੱਚ ਇਕ ਵਿਅਕਤੀ ਵੱਲੋਂ ਸੰਗਤ ’ਤੇ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨਿੰਦਾ ਕਰਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਨੂੰ ਸੰਜੀਦਗੀ ਨਾਲ ਲਿਆ ਜਾਵੇ ਅਤੇ ਵਿਦੇਸ਼ ਮੰਤਰਾਲੇ ਰਾਹੀਂ ਇੰਗਲੈਂਡ ਸਰਕਾਰ ਨੂੰ ਕਾਰਵਾਈ ਲਈ ਕਿਹਾ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਧਰਮ ਅੰਦਰ ਗੁਰਦੁਆਰਾ ਸਾਹਿਬ ਦੀ ਵੱਡੀ ਮਹੱਤਤਾ ਹੈ। ਉਨ੍ਹਾਂ ਕਿਹਾ ਕਿ ਇੰਗਲੈਂਡ ਦੀ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਸਿੱਖਾਂ ’ਤੇ ਹੋ ਰਹੇ ਹਮਲਿਆਂ ਨੂੰ ਰੋਕਣ ਲਈ ਗੰਭੀਰ ਯਤਨ ਕਰੇ। ਉਨ੍ਹਾਂ ਇੰਗਲੈਂਡ ਦੀ ਸਰਕਾਰ ਨੂੰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਅਪੀਲ ਕਰਨ ਦੇ ਨਾਲ-ਨਾਲ ਭਾਰਤ ਸਰਕਾਰ ਨੂੰ ਵੀ ਕਿਹਾ ਕਿ ਮਾਮਲੇ ਨੂੰ ਸੰਜੀਦਗੀ ਨਾਲ ਲਵੇ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇੰਗਲੈਂਡ ਦੇ ਗੁਰਦੁਆਰੇ ਵਿੱਚ ਇਹ ਘਟਨਾ ਵਾਪਰਨੀ ਚਿੰਤਾਜਨਕ ਅਤੇ ਨਿੰਦਣਯੋਗ ਹੈ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਸਣੇ ਹੋਰ ਮੈਂਬਰਾਂ ਨੇ ਕਿਹਾ ਕਿ ਕੁੱਝ ਕੱਟੜਪੰਥੀਆਂ ਵੱਲੋਂ ਖੁੱਲ੍ਹੇਆਮ ਸਿੱਖਾਂ ਦੇ ਧਾਰਮਿਕ ਅਸਥਾਨਾਂ ਦੇ ਅੰਦਰ ਸਿੱਖਾਂ ਨੂੰ ਹਿੰਸਾ ਦਾ ਸ਼ਿਕਾਰ ਬਣਾਉਣ ਦੀ ਘਟਨਾ ਨਿੰਦਣਯੋਗ ਅਤੇ ਮੰਦਭਾਗੀ ਹੈ। ਉਨ੍ਹਾਂ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਇੰਗਲੈਂਡ ਸਰਕਾਰ ਨਾਲ ਰਾਬਤਾ ਕਰ ਕੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ।