Headlines

ਸ਼ੰਭੂ ਨੇੜੇ ਹਾਈਵੇਅ ਖੁੱਲ੍ਹਣ ’ਤੇ ਦਿੱਲੀ ਰਵਾਨਾ ਹੋਣਗੇ ਕਿਸਾਨ: ਡੱਲੇਵਾਲ

ਚੰਡੀਗੜ੍ਹ, 16 ਜੁਲਾਈ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਕਿਹਾ ਕਿ ਜਦੋਂ ਵੀ ਅੰਬਾਲਾ ਦੇ ਸ਼ੰਭੂ ਬਾਰਡਰ ਨੇੜੇ ਬੈਰੀਕੇਡਿੰਗ ਖੋਲ੍ਹੀ ਜਾਵੇਗੀ ਤਾਂ ਕਿਸਾਨ ਦਿੱਲੀ ਵੱਲ ਰਵਾਨਾ ਹੋਣਗੇ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਸ਼ੰਭੂ ’ਤੇ ਬੈਰੀਕੇਡਿੰਗ ਨੂੰ ਖੋਲ੍ਹਣ ਲਈ ਕਿਹਾ ਗਿਆ ਸੀ। ਜ਼ਿਕਰਯੋਗ ਹੈ ਕਿ ਕਿਸਾਨਾਂ ਨੇ 13 ਫਰਵਰੀ ਤੋਂ ਪੰਜਾਬ ਤੇ ਹਰਿਆਣਾ ਦੀ ਹੱਦ ’ਤੇ ਡੇਰੇ ਲਾਏ ਹੋਏ ਹਨ। ਹਰਿਆਣਾ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਕਿਸਾਨ ਆਗੂ ਡੱਲੇਵਾਲ ਨੇ ਕਿਹਾ ਕਿ ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਸਮੇਤ ਵੱਖ-ਵੱਖ ਮੰਗਾਂ ਦੇ ਸਮਰਥਨ ਵਿਚ ਦਿੱਲੀ ਚੱਲੋ ਪ੍ਰੋਗਰਾਮ ਦੇ ਹਿੱਸੇ ਵਜੋਂ ਕੌਮੀ ਰਾਜਧਾਨੀ ਵੱਲ ਵਧਣਗੇ। ਡੱਲੇਵਾਲ ਨੇ ਕਿਹਾ, ‘ਸਾਡਾ ਫੈਸਲਾ ਹੈ ਕਿ ਜਦੋਂ ਵੀ ਸੜਕ ਖੋਲ੍ਹੀ ਜਾਵੇਗੀ, ਅਸੀਂ ਦਿੱਲੀ ਵੱਲ ਵਧਾਂਗੇ।’ ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।