ਚੰਡੀਗੜ੍ਹ, 16 ਜੁਲਾਈ
ਪੰਜਾਬ ਪੁਲੀਸ ਵੱਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅੰਤਰ-ਰਾਜੀ ਗਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਦੇਵ ਸਿੰਘ ਉਰਫ਼ ਮੱਟੂ ਅਤੇ ਸਾਹਿਲ ਕੁਮਾਰ ਉਰਫ਼ ਮਸਤ ਦੋਵੇਂ ਵਾਸੀ ਛੋਟਾ ਹਰੀਪੁਰਾ ਅੰਮ੍ਰਿਤਸਰ ਅਤੇ ਪ੍ਰਭਜੋਤ ਸਿੰਘ ਉਰਫ਼ ਪ੍ਰਭ ਵਾਸੀ ਗੁਰੂ ਨਾਨਕ ਪੁਰਾ ਅੰਮ੍ਰਿਤਸਰ ਵਜੋਂ ਹੋਈ ਹੈ। ਯਾਦਵ ਨੇ ਦੱਸਿਆ ਕਿ ਤਿੰਨ ਪਿਸਤੌਲਾਂ ਤੋਂ ਇਲਾਵਾ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਤਿੰਨ ਮੈਗਜ਼ੀਨ ਅਤੇ ਛੇ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਡੀਜੀਪੀ ਯਾਦਵ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਅੰਮ੍ਰਿਤਸਰ ਦੇ ਕੁਝ ਵਿਅਕਤੀ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹਨ। ਉਨ੍ਹਾਂ ਨੇ ਮੱਧ ਪ੍ਰਦੇਸ਼ ਦੇ ਗੈਰਕਾਨੂੰਨੀ ਡੀਲਰਾਂ ਤੋਂ ਹਥਿਆਰਾਂ ਦੀ ਇੱਕ ਖੇਪ ਮੰਗਵਾਈ ਸੀ ਤਾਂ ਜੋ ਇਸ ਨੂੰ ਵੱਲਾ ਦੇ ਗੁਰੂ ਤੇਗ ਬਹਾਦਰ ਮਾਰਕੀਟ ਖੇਤਰ ਵਿੱਚ ਕੁਝ ਅਪਰਾਧਿਕ ਤੱਤਾਂ ਤੱਕ ਪਹੁੰਚਾਇਆ ਜਾ ਸਕੇ। ਇਸ ਸਬੰਧੀ ਹੋਰ ਜਾਂਚ ਕੀਤੀ ਜਾ ਰਹੀ ਹੈ।