Headlines

ਸੰਸਦ ਦੇ ਮੌਨਸੂਨ ਇਜਲਾਸ ਦੌਰਾਨ ਪੰਜਾਬ ਦੇ ਮੁੱਦੇ ਭਖ਼ਣ ਦੀ ਆਸ

ਮਾਨਸਾ, 21 ਜੁਲਾਈ

ਸੰਸਦ ਦੇ ਮੌਨਸੂਨ ਇਜਲਾਸ ਦੌਰਾਨ ਨਵੇਂ ਚੁਣੇ ਗਏ ਲੋਕ ਸਭਾ ਮੈਂਬਰਾਂ ਤੋਂ ਕਿਸਾਨਾਂ ਤੇ ਆਮ ਲੋਕਾਂ ਨੂੰ ਸੂਬੇ ਦੇ ਚਿਰਾਂ ਤੋਂ ਲਟਕਦੇ ਮਸਲਿਆਂ ’ਤੇ ਆਵਾਜ਼ ਬੁਲੰਦ ਕਰਨ ਦੀ ਆਸ ਬੱਝੀ ਹੈ। ਭਲਕੇ 22 ਜੁਲਾਈ ਤੋਂ 12 ਅਗਸਤ ਤੱਕ ਚੱਲਣ ਵਾਲੇ ਇਸ ਇਜਲਾਸ ਵਿੱਚ ਕੇਂਦਰੀ ਬਜਟ ਵਿੱਚ ਪੇਸ਼ ਕੀਤਾ ਜਾਣਾ ਹੈ। ਬਠਿੰਡਾ ਲੋਕ ਸਭਾ ਹਲਕੇ ਤੋਂ ਲਗਾਤਾਰ ਚੌਥੀ ਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਇਕਲੌਤੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਇਸ ਇਜਲਾਸ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਪਾਣੀ ਦੇ ਮੁੱਦੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨ ਅੰਦੋਲਨ ਦੌਰਾਨ ਕੀਤੇ ਵਾਅਦਿਆਂ ਦੀਆਂ ਅੱਧ-ਵਿਚਾਲੇ ਲਟਕੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਏ ਜਾਣ ਦੀ ਵੀ ਆਸ ਹੈ।

ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਇਨ੍ਹਾਂ ਨਵੇਂ ਚੁਣੇ ਲੋਕ ਸਭਾ ਮੈਂਬਰਾਂ ਨੂੰ ਮੰਗ ਪੱਤਰ ਦੇ ਕੇ ਕਿਸਾਨਾਂ ਦੀਆਂ ਲਟਕਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਗਿਆ ਸੀ ਅਤੇ ਬਹੁਤੇ ਲੋਕ ਸਭਾ ਮੈਂਬਰਾਂ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਇਹ ਭਰੋਸਾ ਵੀ ਦਿੱਤਾ ਸੀ ਕਿ ਉਹ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਇਨ੍ਹਾਂ ਮਸਲਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਣਗੇ। ‘ਆਪ’ ਦੇ ਸੰਗਰੂਰ ਤੋਂ ਪਹਿਲੀ ਵਾਰ ਚੁਣੇ ਗਏ ਨੌਜਵਾਨ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤੋਂ ਕਿਸਾਨਾਂ ਨੂੰ ਕਾਫੀ ਉਮੀਦਾਂ ਹਨ। ਇਸੇ ਤਰ੍ਹਾਂ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (ਲੁਧਿਆਣਾ), ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (ਜਲੰਧਰ), ਪਟਿਆਲਾ ਤੋਂ ਕਾਂਗਰਸ ਦੀ ਟਿਕਟ ’ਤੇ ਪਹਿਲੀ ਵਾਰ ਚੁਣੇ ਗਏ ਡਾ. ਧਰਮਵੀਰ ਗਾਂਧੀ, ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾਂ ਤੋਂ ਪੰਜਾਬ ਦੇ ਲਟਕਦੇ ਮਸਲੇ ਆਪਣੇ ਕੌਮੀ ਆਗੂ ਰਾਹੁਲ ਗਾਂਧੀ ਮੌਜੂਦਗੀ ਵਿੱਚ ਸੰਸਦ ਸਾਹਮਣੇ ਰੱਖਣ ਦਾ ਸਭ ਤੋਂ ਵੱਡਾ ਮੌਕਾ ਪ੍ਰਾਪਤ ਹੋਵੇਗਾ, ਜਿਸ ਨੂੰ ਉਹ ਅਜਾਈਂ ਨਹੀਂ ਜਾਣ ਦੇਣਗੇ। ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਵਜੋਂ ਪਹਿਲੀ ਵਾਰ ਚੁਣੇ ਗਏ ਸਰਬਜੀਤ ਸਿੰਘ ਖਾਲਸਾ ਨੂੰ ਵੀ ਸੂਬੇ ਦੇ ਮਸਲਿਆਂ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਵਾਲੇ ਸਭ ਤੋਂ ਵੱਡੇ ਮਾਮਲੇ ਉਭਾਰਨ ਦਾ ਮੌਕਾ ਪ੍ਰਾਪਤ ਹੋਵੇਗਾ, ਜਿਸ ਲਈ ਉਹ ਯਤਨਸ਼ੀਲ ਵੀ ਹੋਣਗੇ।