Headlines

ਮੁਹੰਮਦ ਯੂਨਸ ਨੇ ਬੰਗਲਾਦੇਸ਼ ਦੇ ਅੰਤਰਿਮ ਮੁਖੀ ਵਜੋਂ ਹਲਫ ਲਿਆ

ਨਵੀਂ ਦਿੱਲੀ-ਨੋਬੇਲ ਪੁਰਸਕਾਰ ਨਾਲ ਸਨਮਾਨਿਤ ਅਰਥ ਸ਼ਾਸਤਰੀ ਮੁਹੰਮਦ ਯੂਨਸ ਨੇ  ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁਖੀ ਵਜੋਂ ਹਲਫ਼ ਲਿਆ ਹੈ। ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ ਰਾਸ਼ਟਰਪਤੀ ਭਵਨ ‘ਬੰਗਭਵਨ’ ਵਿੱਚ ਹਲਫ਼ਦਾਰੀ ਸਮਾਗਮ ਦੌਰਾਨ ਯੂਨਸ (84) ਨੂੰ ਅਹੁਦੇ ਦੀ ਸਹੁੰ ਚੁਕਾਈ। ਯੂਨਸ ਨੂੰ ਰਾਸ਼ਟਰਪਤੀ ਸ਼ਹਾਬੂਦੀਨ ਵੱਲੋਂ ਸੰਸਦ ਭੰਗ ਕਰਨ ਮਗਰੋਂ ਅੰਤਰਿਮ ਸਰਕਾਰ ਦਾ ਮੁਖੀ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਰਾਖਵੇਂਕਰਨ ਖ਼ਿਲਾਫ਼ ਦੇਸ਼ ਪੱਧਰੀ ਅੰਦੋਲਨਾਂ ਦੌਰਾਨ ਸ਼ੇਖ ਹਸੀਨਾ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਦੇਸ਼ ਛੱਡ ਕੇ ਚਲੀ ਗਈ ਸੀ।

ਉਧਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਤਰਿਮ ਸਰਕਾਰ ਦੇ ਮੁਖੀ ਵਜੋਂ ਹਲਫ਼ ਲੈਣ ’ਤੇ ਮੁਹੰਮਦ ਯੂਨਸ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਦੇਸ਼ ਵਿੱਚ ਛੇਤੀ ਹੀ ਸਥਿਤੀ ਆਮ ਹੋਣ ਅਤੇ ਹਿੰਦੂਆਂ ਤੇ ਹੋਰ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਯਕੀਨੀ ਬਣਾਏ ਜਾਣ ਦੀ ਉਮੀਦ ਜਤਾਈ। ਉਧਰ, ਸ਼ੇਖ ਹਸੀਨਾ ਦੇ ਪੁੱਤਰ ਸਜੀਵ ਵਾਜੇਦ ਜੌਏ ਨੇ ਕਿਹਾ ਕਿ ਬੰਗਲਾਦੇਸ਼ ਵਿੱਚ ਲੋਕਤੰਤਰ ਬਹਾਲ ਹੁੰਦੇ ਹੀ ਉਨ੍ਹਾਂ ਦੀ ਮਾਤਾ ਦੇਸ਼ ਪਰਤੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੇਸ਼ ਵਿੱਚ ਗੜਬੜ ਫੈਲਾਉਣ ਵਿੱਚ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ ਐੱਸ ਆਈ ਦਾ ਹੱਥ ਹੈ।