Headlines

ਅਕਾਲੀ ਦਲ ਦੀ ਮੁੜ ਸੁਰਜੀਤੀ ਦਾ ਮੁੱਢ ਸੰਗਰੂਰ ਤੋਂ ਬੱਝੇਗਾ: ਢੀਂਡਸਾ

ਸ਼ਹਿਣਾ/ਪੱਖੋ ਕੈਂਚੀਆਂ, 10 ਅਗਸਤ

ਸਾਬਕਾ ਵਿੱਤ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਆਖਿਆ ਕਿ ਹਰ ਸਿਆਸੀ ਪਾਰਟੀ ਦਾ ਦਬਦਬਾ ਸੰਗਰੂਰ ਲੋਕ ਸਭਾ ਹਲਕੇ ਤੋਂ ਸ਼ੁਰੂ ਹੋਇਆ ਹੈ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਦਾ ਮੁੱਢ ਵੀ ਸੰਗਰੂਰ ਤੋਂ ਹੀ ਬੱਝੇਗਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਾਰਨ ਭਾਵੇਂ ਅਕਾਲੀ ਦਲ ਦੀ ਗੱਡੀ ਲੀਹੋਂ ਲੱਥ ਚੁੱਕੀ ਹੈ ਪਰ ਸੰਗਤ ਦੇ ਸਹਿਯੋਗ ਨਾਲ ਇਸ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਰਿਹਾ ਹੈ। ਉਹ ਪਿੰਡ ਉਗੋਕੇ ’ਚ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ 20 ਅਗਸਤ ਨੂੰ ਹੋਣ ਵਾਲੇ ਬਰਸੀ ਸਮਾਗਮ ਦੀ ਤਿਆਰੀ ਸਬੰਧੀ ਅਕਾਲੀ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ ਕਰ ਰਹੇ ਸਨ।ਉਨ੍ਹਾਂ ਸੁਖਬੀਰ ’ਤੇ ਪੰਥ ਅਤੇ ਪਾਰਟੀ ਨਾਲ ਮੁੜ ਧੋਖਾ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਸੁਖਬੀਰ ਪੰਥ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਹਨ ਪਰ ਹੁਣ ਸੱਚ ਸਾਹਮਣੇ ਆ ਰਿਹਾ ਹੈ।

‘ਸੁਖਬੀਰ ਨਾਲ ਸਾਂਝ ਨਹੀਂ ਰੱਖਣਾ ਚਾਹੁੰਦੀ ਸੰਗਤ’

ਦੇਵੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਧੜੇ ਦੇ ਆਗੂ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਹੋਈ ਮੀਟਿੰਗ ਵਿੱਚ ਸੀਨੀਅਰ ਆਗੂਆਂ ਨੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਸਨੌਰ ਹਲਕੇ ਦਾ ਸੇਵਾਦਾਰ ਥਾਪਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ, ਸੁੱਚਾ ਸਿੰਘ ਛੋਟੇਪੁਰ, ਸੁਰਜੀਤ ਸਿੰਘ ਰੱਖੜਾ, ਤੇਜਿੰਦਰਪਾਲ ਸਿੰਘ ਸੰਧੂ, ਭੁਪਿੰਦਰ ਸਿੰਘ ਸੇਖੂਪੁਰ, ਰਣਧੀਰ ਸਿੰਘ ਰੱਖੜਾ, ਹਰਿੰਦਰਪਾਲ ਸਿੰਘ ਟੌਹੜਾ, ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਅਤੇ ਜਗਜੀਤ ਸਿੰਘ ਕੋਹਲੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਪੰਥਕ ਵਿਚਾਰਧਾਰਾ ਦੇ ਖ਼ਿਲਾਫ਼ ਜਾ ਕੇ ਪੰਥ ਵਿਰੋਧੀਆਂ ਦੇ ਹਿੱਤਾਂ ਦੀ ਪੂਰਤੀ ਕੀਤੀ, ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਦਾ ਸਾਥ ਅਤੇ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦਿੱਤੀ, ਜਿਸ ਕਰਕੇ ਸੰਗਤ ਹੁਣ ਸੁਖਬੀਰ ਸਿੰਘ ਬਾਦਲ ਨਾਲ ਸਾਂਝ ਨਹੀਂ ਰੱਖਣਾ ਚਾਹੁੰਦੀ।