ਸ੍ਰੋਮਣੀ ਕਮੇਟੀ ਦੇ ਪ੍ਰਧਾਨ ਵਲੋਂ ਖਿਡਾਰੀਆਂ ਦਾ ਸਨਮਾਨ-
ਅੰਮ੍ਰਿਤਸਰ ( ਲਾਂਬਾ, ਭੰਗੂ)- ਪੈਰਿਸ ਓਲੰਪਿਕ ਵਿਚ ਕਾਂਸੀ ਦਾ ਤਗ਼ਮਾ ਜਿੱਤ ਕੇ ਦੇਸ਼ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੇ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਜਿੱਤ ਲਈ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਇੱਥੇ ਪੁੱਜੇ ਓਲੰਪਿਕ ਖਿਡਾਰੀਆਂ ਵਿੱਚ ਟੀਮ ਦਾ ਕਪਤਾਨ ਹਰਮਨਪ੍ਰੀਤ ਸਿੰਘ, ਉਪ ਕਪਤਾਨ ਹਾਰਦਿਕ ਸਿੰਘ, ਸਾਬਕਾ ਕਪਤਾਨ ਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਮਨਦੀਪ ਸਿੰਘ, ਜਰਮਨਪ੍ਰੀਤ ਸਿੰਘ ਬੱਲ, ਸੁਖਜੀਤ ਸਿੰਘ ਅਤੇ ਜੁਗਰਾਜ ਸਿੰਘ ਸ਼ਾਮਲ ਸਨ।
ਦਰਬਾਰ ਸਾਹਿਬ ਨਤਮਸਤਕ ਹੋਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖਿਡਾਰੀਆਂ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਖਿਡਾਰੀਆਂ ਦੀ ਜਿੱਤ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣਾ ਵੱਡੀ ਪ੍ਰਾਪਤੀ ਹੈ। ਟੀਮ ਵਿੱਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਨੇ ਲੰਮੇ ਅਰਸੇ ਤੋਂ ਬਾਅਦ ਪੰਜਾਬ ਦੇ ਹਾਕੀ ਨਾਲ ਸਬੰਧਤ ਇਤਿਹਾਸ ਨੂੰ ਦੁਹਰਾਇਆ ਹੈ। ਉਨ੍ਹਾਂ ਨੇ ਹਾਕੀ ਖਿਡਾਰੀਆਂ ਨੂੰ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ, ਧਾਰਮਿਕ ਪੁਸਤਕਾਂ ਤੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਾਬਕਾ ਹਾਕੀ ਓਲੰਪੀਅਨ ਅਤੇ ਵਿਧਾਇਕ ਪਰਗਟ ਸਿੰਘ, ਹਰਪ੍ਰੀਤ ਸਿੰਘ ਮੰਡੇਰ, ਬਲਵਿੰਦਰ ਸਿੰਘ ਸ਼ੰਮੀ, ਸੰਜੀਵ ਕੁਮਾਰ, ਜੁਗਰਾਜ ਸਿੰਘ, ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਆਦਿ ਹਾਜ਼ਰ ਸਨ। ਇਸਤੋਂ ਪਹਿਲਾਂ ਜਲੰਧਰ ਵਿਖੇ ਸੁਰਜੀਤ ਹਾਕੀ ਸੁਸਾਇਟੀ ਵਲੋਂ ਜੇਤੂ ਹਾਕੀ ਖਿਡਾਰੀਆਂ ਦਾ ਭਾਰੀ ਸਵਾਗਤ ਕੀਤਾ ਗਿਆ।