Headlines

ਅਕਾਲੀ ਤਖਤ ਵਲੋਂ ਸੁਖਬੀਰ ਸਿੰਘ ਬਾਦਲ ਤਨਖਾਹੀਆ ਕਰਾਰ

ਅਕਾਲੀ ਸਰਕਾਰ ਵੇਲੇ ਰਹੇ ਮੰਤਰੀਆਂ ਨੂੰ ਵੀ 15 ਦਿਨਾਂ ਦੇ ਅੰਦਰ ਸ੍ਰੀ ਅਕਾਲ ਤਖ਼ਤ ਅੱਗੇ ਪੇਸ਼ ਹੋਣ ਦੇ ਆਦੇਸ਼

ਅੰਮ੍ਰਿਤਸਰ ( ਭੰਗੂ, ਲਾਂਬਾ)-

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ੁੱਕਰਵਾਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਖਿਲਾਫ ਲੱਗੇ ਦੋਸ਼ਾਂ ਵਾਸਤੇ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਹ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਦੀ ਫ਼ਸੀਲ ਤੋਂ ਸੰਗਤ ਦੇ ਸਾਹਮਣੇ ਸੁਣਾਇਆ ਹੈ।

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਕਾਲੀ ਸਰਕਾਰ ਦੇ ਹੁੰਦਿਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹੁੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਈ ਅਜਿਹੇ ਫ਼ੈਸਲੇ ਕੀਤੇ ਹਨ, ਜਿਨ੍ਹਾਂ ਨਾਲ ਪੰਥ ਦੇ ਅਕਸ ਨੂੰ ਢਾਹ ਲੱਗੀ ਹੈ, ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਕਮਜ਼ੋਰ ਹੋਈ ਹੈ ਅਤੇ ਸਿੱਖ ਸੰਸਥਾਵਾਂ ਨੂੰ ਨੁਕਸਾਨ ਪੁੱਜਾ ਹੈ। ਇਸ ਲਈ ਉਸ ਨੂੰ ਉਸ ਵੇਲੇ ਤੱਕ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ, ਜਦੋਂ ਤੱਕ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਅਤੇ ਸੰਗਤ ਦੇ ਸਾਹਮਣੇ ਪੇਸ਼ ਹੋ ਕੇ ਆਪਣੇ ਗੁਨਾਹਾਂ ਦੀ ਮੁਆਫ਼ੀ ਨਹੀਂ ਮੰਗਦੇ।

ਜਥੇਦਾਰ ਵੱਲੋਂ 2007 ਤੋਂ ਲੈ ਕੇ 2017 ਤੱਕ ਅਕਾਲੀ ਸਰਕਾਰ ਵੇਲੇ ਰਹੇ ਅਕਾਲੀ ਮੰਤਰੀਆਂ ਨੂੰ ਵੀ ਇਸ ਮਾਮਲੇ ਵਿੱਚ 15 ਦਿਨਾਂ ਵਿੱਚ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦੇ ਆਦੇਸ਼ ਦਿੱਤੇ ਗਏ ਹਨ।

ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਵਿੱਚ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਆਏ ਹੋਏ ਪ੍ਰਤੀਨਿਧ ਤੇ ਹੋਰ ਸ਼ਾਮਿਲ ਹਨ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਅਕਾਲੀ ਸਰਕਾਰ ਵੇਲੇ ਦੇ ਮੰਤਰੀਆਂ ਨੂੰ ਜੋ ਆਦੇਸ਼ ਦਿੱਤੇ ਗਏ ਹਨ, ਉਹ ਸਿਰ ਮੱਥੇ ਪ੍ਰਵਾਨ ਹਨ ਤੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਹੋਏ ਆਦੇਸ਼ਾਂ ਅਨੁਸਾਰ ਪੂਰਾ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਵੱਲੋਂ ਸ੍ਰੀ ਅਕਾਲ ਤਖ਼ਤ ਵਿਖੇ ਸ਼ਿਕਾਇਤ ਪੱਤਰ ਦੇ ਕੇ ਦੋਸ਼ ਲਾਇਆ ਗਿਆ ਸੀ ਕਿ ਅਕਾਲੀ ਸਰਕਾਰ ਦੇ ਵੇਲੇ ਕਈ ਭੁੱਲਾਂ-ਚੁੱਕਾਂ ਹੋਈਆਂ ਹਨ ਜਿਨ੍ਹਾਂ ਕਾਰਨ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਨੁਕਸਾਨ ਹੋਇਆ। ਉਨ੍ਹਾਂ ਨੇ ਇਨ੍ਹਾਂ ਭੁੱਲਾਂ ਚੁੱਕਾਂ ਤੇ ਗਲਤੀਆਂ ਲਈ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਇਸ ਉਪਰੰਤ ਸੁਖਬੀਰ ਬਾਦਲ ਵਲੋਂ ਵੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਇਕ ਚਿੱਠੀ ਲਿਖਕੇ ਹੋਈਆਂ ਭੁੱਲਾਂ ਦੀ ਖਿਮਾਜਾਚਨਾ ਕੀਤੀ ਸੀ।