Headlines

ਬਲਵਿੰਦਰ ਸਿੰਘ ਭੂੰਦੜ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

ਚੰਡੀਗੜ੍ਹ-( ਭੰਗੂ)-ਸ਼੍ਰੋਮਣੀ ਅਕਾਲੀ ਦਲ ਨੇ ਵੱਡਾ ਫ਼ੈਸਲਾ ਲੈਂਦਿਆਂ ਦਲ ਦੇ ਅੰਦਰੂਨੀ ਕਲੇਸ਼ ਦਰਮਿਆਨ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਥਾਪ ਦਿੱਤਾ ਹੈ। ਦਲ ਦੇ ਰਾਜਸੀ ਇਤਿਹਾਸ ’ਚ ਪਹਿਲੀ ਵਾਰ ਹੋਇਆ ਹੈ ਕਿ ਪਾਰਟੀ ’ਚ ਕਿਸੇ ਆਗੂ ਨੂੰ ਇਹ ਅਹੁਦਾ ਦਿੱਤਾ ਗਿਆ ਹੈ। ਅਕਾਲੀ ਦਲ ਵਲੋਂ ਇਹ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਿਬ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਐਨ ਪਹਿਲਾਂ ਲਿਆ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ। ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਆਪਣੀ ਸਿਆਸਤ ਪਿੰਡ ਦੀ ਸਰਪੰਚੀ ਤੋਂ ਕੀਤੀ ਸੀ ਅਤੇ ਉਹ ਪੰਜ ਵਾਰ ਵਿਧਾਇਕ ਤੇ ਵਜ਼ੀਰ ਵੀ ਰਹਿ ਚੁੱਕੇ ਹਨ। ਉਹ ਤਿੰਨ ਵਾਰ ਰਾਜ ਸਭਾ ਦੇ ਮੈਂਬਰ ਵੀ ਬਣ ਚੁੱਕੇ ਹਨ ਅਤੇ ਪਾਰਟੀ ਦੇ ਜਨਰਲ ਸਕੱਤਰ ਦੇ ਅਹੁਦੇ ’ਤੇ ਵੀ ਰਹੇ ਹਨ। ਇਸ ਵੇਲੇ ਭੂੰਦੜ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਮੁਖੀ ਸਨ। ਅਕਾਲੀ ਦਲ ਵੱਲੋਂ ਅੱਜ ਲਿਆ ਅਚਨਚੇਤੀ ਫ਼ੈਸਲਾ ਸਭ ਨੂੰ ਹੈਰਾਨ ਕਰਨ ਵਾਲਾ ਹੈ।

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸੁਰਜੀਤ ਸਿੰਘ ਰੱਖੜਾ, ਪਰਮਿੰਦਰ ਸਿੰਘ ਢੀਂਡਸਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਚਰਨਜੀਤ ਸਿੰਘ ਬਰਾੜ ਨੇ ਸਾਂਝੇ ਤੌਰ ’ਤੇ ਬਲਵਿੰਦਰ ਸਿੰਘ ਭੂੰਦੜ ਦੀ ਕਾਰਜਕਾਰੀ ਪ੍ਰਧਾਨ ਵਜੋਂ ਕੀਤੀ ਗਈ ਨਿਯੁਕਤੀ ਨੂੰ ਮੁੱਢੋਂ ਤੋਂ ਰੱਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀ ਮੰਗ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਦੀ ਹੈ ਨਾ ਕਿ ਕਿਸੇ ਲੀਡਰ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦੀ।

 

Leave a Reply

Your email address will not be published. Required fields are marked *