Headlines

ਸੁਖਬੀਰ ਨੂੰ ਪ੍ਰਧਾਨ ਦੇ ਅਹੁਦੇ ’ਤੇ ਰਹਿਣ ਦਾ ਕੋਈ ਹੱਕ ਨਹੀਂ: ਚੰਦੂਮਾਜਰਾ

ਪੰਥ ਦੇ ਹਿੱਤਾਂ ਨੂੰ ਮੁੱਖ ਰੱਖ ਕੇ ਅਗਲਾ ਫ਼ੈਸਲਾ ਕਰਨ ਦੀ ਲੋੜ ’ਤੇ ਦਿੱਤਾ ਜ਼ੋਰ

ਕੁਰਾਲੀ, 1 ਸਤੰਬਰ

ਅਕਾਲੀ ਦਲ ਦੇ ਬਾਗੀ ਧੜੇ ਦੇ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਅਕਾਲ ਤਖਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦੇਣ ਤੋਂ ਬਾਅਦ ਹੁਣ ਸੁਖਬੀਰ ਸਿੰਘ ਬਾਦਲ ਨੂੰ ਪੰਥਕ ਜਥੇਬੰਦੀ ‘ਸ਼੍ਰੋਮਣੀ ਅਕਾਲੀ ਦਲ’ ਦੀ ਪ੍ਰਧਾਨਗੀ ਕਰਨ ਦਾ ਕੋਈ ਹੱਕ ਨਹੀਂ ਹੈ। ਅੱਜ ਸਥਾਨਕ ਮਾਡਲ ਟਾਊਨ ਵਿੱਚ ਇੱਕ ਸਮਾਗਮ ਵਿੱਚ ਸ਼ਿਰਕਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜ ਸਿੰਘ ਸਾਹਿਬਾਨਾਂ ਤੇ ਅਕਾਲ ਤਖਤ ਦੇ ਫੈਸਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਹੁਣ ਪੰਥ ਦੇ ਆਗੂ ਨਹੀਂ ਰਹੇ, ਇਸ ਲਈ ਉਨ੍ਹਾਂ ਨੂੰ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਲਾਂਭੇ ਕਰਨਾ ਜ਼ਰੂਰੀ ਹੈ।

ਚੰਦੂਮਾਜਰਾ ਨੇ ਪੰਜ ਸਿੰਘ ਸਾਹਿਬਾਨਾਂ ਨੂੰ ਵੀ ਅਪੀਲ ਕੀਤੀ ਕਿ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਤੋਂ ਬਾਅਦ ਪੈਦਾ ਹੋਏ ਹਾਲਾਤ ਵਿੱਚ ਪੰਥਕ ਜਥੇਬੰਦੀ ਨੂੰ ਮੁੜ ਲੀਹ ’ਤੇ ਲਿਆਉਣ ਲਈ ਉਹ ਢੁਕਵਾਂ ਫੈਸਲਾ ਲੈਣ ਅਤੇ ਪੰਥ ਤੇ ਪੰਜਾਬ ਹਿਤੈਸ਼ੀ ਸ਼ਖ਼ਸੀਅਤਾਂ ਦੀ ਪੰਜ ਮੈਂਬਰੀ ਕਮੇਟੀ ਬਣਾ ਕੇ ਪੰਥਕ ਪਾਰਟੀ ਅਕਾਲੀ ਦਲ ਦੀ ਵਾਗਡੋਰ ਉਸ ਕਮੇਟੀ ਨੂੰ ਸੌਂਪਣ ਤਾਂ ਕਿ ਪੰਥ ਤੇ ਪੰਜਾਬ ਦੇ ਭਲੇ ਲਈ ਅਕਾਲੀ ਦਲ ਨੂੰ ਮੁੜ ਤੋਂ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਰੁਲ ਰਹੇ ਸਿੱਖ ਨੌਜਵਾਨਾਂ ਦੀ ਰਿਹਾਈ ਅਤੇ ਹੋਰ ਪੰਥਕ ਮਸਲਿਆਂ ਦੇ ਹੱਲ ਲਈ ਸਿੰਘ ਸਾਹਿਬਾਨ ਪੰਥਕ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਗਲਾ ਫੈਸਲਾ ਕਰਨ।