ਦਿੱਲੀ ਦੀ ਤੀਸਰੀ ਤੇ ਸਭ ਤੋਂ ਛੋਟੀ ਉਮਰ ਦੀ ਮਹਿਲਾ ਮੁੱਖ ਮੰਤਰੀ ਹੋਵੇਗੀ ਆਤਿਸ਼ੀ-
ਨਵੀਂ ਦਿੱਲੀ ( ਮਨਧੀਰ ਦਿਓਲ)- ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਦੇ ਮੁੱਖ ਮੰਤਰੀ ਦਾ ਅਹੁਦਾ ਛੱਡਣ ਦੇ ਫੈਸਲੇ ਉਪਰੰਤ ਕਾਲਕਾ ਜੀ ਤੋਂ ‘ਆਪ’ ਵਿਧਾਇਕਾ ਆਤਿਸ਼ੀ(43) ਨੂੰ ਦਿੱਲੀ ਦੀ ਅਗਲੀ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਕਾਂਗਰਸ ਦੀ ਸ਼ੀਲਾ ਦੀਕਸ਼ਿਤ ਤੇ ਭਾਜਪਾ ਦੀ ਸੁਸ਼ਮਾ ਸਵਰਾਜ ਮਗਰੋਂ ‘ਆਪ’ ਆਗੂ ਆਤਿਸ਼ੀ ਦਿੱਲੀ ਦੀ ਤੀਜੀ ਮਹਿਲਾ ਤੇ ਸਭ ਤੋਂ ਛੋਟੀ ਉਮਰ ਦੀ ਮੁੱਖ ਮੰਤਰੀ ਬਣ ਰਹੀ ਹੈ। ‘ਆਪ’ ਵਿਧਾਇਕ ਦਲ ਦੀ ਬੈਠਕ ਵਿਚ ਆਤਿਸ਼ੀ ਨੂੰ ਪਾਰਟੀ ਦਾ ਨਵਾਂ ਆਗੂ ਚੁਣੇ ਜਾਣ ਮਗਰੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਾਅਦ ਦੁਪਹਿਰ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਅਸਤੀਫ਼ਾ ਸੌਂਪ ਦਿੱਤਾ। ਮਗਰੋਂ ਆਤਿਸ਼ੀ ਨੇ ਉਪ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਤਿਹਾੜ ਜੇਲ੍ਹ ’ਚੋਂ ਜ਼ਮਾਨਤ ’ਤੇ ਰਿਹਾਅ ਹੋਏ ਕੇਜਰੀਵਾਲ ਨੇ ਐਤਵਾਰ ਨੂੰ ਦੋ ਦਿਨਾਂ ’ਚ ਮੁੱਖ ਮੰਤਰੀ ਦਾ ਅਹੁਦਾ ਛੱਡਣ ਦਾ ਐਲਾਨ ਕੀਤਾ ਸੀ। ਕੇਜਰੀਵਾਲ ਨੇ ਕਿਹਾ ਸੀ ਕਿ ਉਹ ਲੋਕਾਂ ਤੋਂ ‘ਇਮਾਨਦਾਰੀ ਦਾ ਸਰਟੀਫਿਕੇਟ’ ਲੈਣ ਤੋਂ ਬਾਅਦ ਹੀ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠਣਗੇ।
ਇਸ ਤੋਂ ਪਹਿਲਾਂ ਅੱਜ ਦਿਨੇਂ ‘ਆਪ’ ਦੇ ਕੌਮੀ ਕਨਵੀਨਰ ਤੇ ਮੁੱਖ ਮੰਤਰੀ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਹੋਈ ਵਿਧਾਇਕ ਦਲ ਦੀ ਮੀਟਿੰਗ ਵਿੱਚ ਸਾਰੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਆਤਿਸ਼ੀ ਨੂੰ ਕੇਜਰੀਵਾਲ ਦਾ ਜਾਨਸ਼ੀਨ ਚੁਣ ਲਿਆ। ਮੀਟਿੰਗ ਤੋਂ ਬਾਅਦ ਦਿੱਲੀ ਪ੍ਰਦੇਸ਼ ਕਨਵੀਨਰ ਅਤੇ ਕੈਬਨਿਟ ਮੰਤਰੀ ਗੋਪਾਲ ਰਾਏ ਨੇ ਦੱਸਿਆ ਕਿ ਅਗਾਮੀ ਦਿੱਲੀ ਵਿਧਾਨ ਸਭਾ ਚੋਣਾਂ ਤੱਕ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਆਤਿਸ਼ੀ ਨੂੰ ਸੌਂਪ ਦਿੱਤੀ ਗਈ ਹੈ। ਰਾਏ ਨੇ ਕਿਹਾ ਕਿ ਪਾਰਟੀ ਚਾਹੁੰਦੀ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਅਕਤੂਬਰ-ਨਵੰਬਰ ਵਿੱਚ ਕਰਵਾਈਆਂ ਜਾਣ। ਬੈਠਕ ਉਪਰੰਤ ਕੇਜਰੀਵਾਲ ਕੈਬਨਿਟ ਵਿਚਲੇ ਆਪਣੇ ਸਾਥੀਆਂ ਨਾਲ ਉਪ ਰਾਜਪਾਲ ਦੇ ਸਕੱਤਰੇਤ ਪੁੱਜੇ ਤੇ ਅਸਤੀਫ਼ਾ ਸੌਂਪ ਦਿੱਤਾ।