Headlines

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜੀ

ਮੁਹਾਲੀ, 26 ਸਤੰਬਰ (ਭੰਗੂ)ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਮੁਹਾਲੀ ਦੇ ਸੁਪਰ ਸਪੈਸ਼ਲਿਟੀ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮੁੱਖ ਮੰਤਰੀ ਨੂੰ ਲੰਘੀ ਦੇਰ ਰਾਤ ਫੋਰਟਿਸ ਹਸਪਤਾਲ ਵਿੱਚ ਲਿਆਂਦਾ ਗਿਆ, ਜਿਥੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮੁੱਢਲੀ ਸਿਹਤ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਦਾਖ਼ਲ ਕਰ ਲਿਆ ਗਿਆ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦਾ ਅਚਾਨਕ ਬਲੱਡ ਪ੍ਰੈਸ਼ਰ ਵਧ ਜਾਣ ਕਾਰਨ ਉਨ੍ਹਾਂ ਦੀ ਤਬੀਅਤ ਖ਼ਰਾਬ ਹੋ ਗਈ ਸੀ। ਉਂਝ ਮੁੱਖ ਮੰਤਰੀ ਦੇ ਦਫ਼ਤਰ ਵੱਲੋਂ ਹਸਪਤਾਲ ਦੇ ਡਾਕਟਰਾਂ ਦੇ ਹਵਾਲੇ ਨਾਲ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਦੀ ਸਿਹਤ ਬਿਲਕੁਲ ਠੀਕ ਹੈ ਅਤੇ ਉਨ੍ਹਾਂ ਨੂੰ ਰੁਟੀਨ ਚੈੱਕਅਪ ਲਈ ਹਸਪਤਾਲ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੁੱਝ ਜ਼ਰੂਰੀ ਟੈਸਟ ਕਰਨ ਅਤੇ ਰਿਪੋਰਟ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਜਾਵੇਗੀ।  ਸੂਬਾ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਦੀ ਸਿਹਤ ਬਿਲਕੁਲ ਠੀਕ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫੇਫੜਿਆਂ ਵਿਚ ਸੋਜ਼ਿਸ਼ ਹੈ, ਜਿਸ ਕਰਕੇ ਦਿਲ ’ਤੇ ਦਬਾਅ ਪੈਂਦਾ ਹੈ ਤੇ ਬਲੱਡ ਪ੍ਰੈੱਸ਼ਰ ਦੀ ਵੀ ਸਮੱਸਿਆ ਹੈ। ਬੁਲਾਰੇ ਨੇ ਕਿਹਾ ਕਿ ਡਾਕਟਰਾਂ ਵੱਲੋਂ ਮੁੱਖ ਮੰਤਰੀ ਮਾਨ ਦੇ ਖੂਨ ਦੇ ਨਮੂਨੇ ਲਏ ਗਏ ਹਨ, ਜਿਨ੍ਹਾਂ ਦੇ ਟੈਸਟ ਕੀਤੇ ਜਾ ਰਹੇ ਹਨ। ਟੈਸਟ ਰਿਪੋਰਟ ਆਉਣ ਤੋਂ ਬਾਅਦ ਅਸਲ ਸਥਿਤੀ ਦਾ ਪਤਾ ਲੱਗੇਗਾ।