ਅੰਮ੍ਰਿਤਸਰ ( ਲਾਂਬਾ, ਭੰਗੂ)-
ਸ੍ਰੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਕੀਤੀ ਗਈ ਕਾਰਵਾਈ ਤੋਂ ਇੱਕ ਦਿਨ ਬਾਅਦ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ । ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਆਗੂ ਵਲਟੋਹਾ ਵੱਲੋਂ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਸ ਦੀ ਪੁਸ਼ਟੀ ਸ਼੍ਰੋਮਣੀ ਅਕਾਲੀ ਦਲ ਦਾ ਸੋਸ਼ਲ ਮੀਡੀਆ ਵਿੰਗ ਕਰ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਮਾਮਲੇ ’ਚ ਖਾਮੋਸ਼ ਹੈ ਅਤੇ ਅਜਿਹੀ ਸਥਿਤੀ ਵਿੱਚ ਉਹ ਤਖ਼ਤ ਦੇ ਜਥੇਦਾਰ ਦੀ ਸੇਵਾ ਨਹੀਂ ਕਰ ਸਕਦੇ। ਗਿਆਨੀ ਹਰਪ੍ਰੀਤ ਸਿੰਘ ਨੇ ਇਸ ਸਬੰਧੀ ਇੱਕ ਵੀਡੀਓ ਸੁਨੇਹਾ ਵੀ ਜਨਤਕ ਕੀਤਾ ਹੈ। ਉਨ੍ਹਾਂ ਗੱਲਬਾਤ ਕਰਨ ’ਤੇ ਅਸਤੀਫ਼ਾ ਦੇਣ ਸਬੰਧੀ ਵੀਡੀਓ ਸੁਨੇਹੇ ਦੀ ਪੁਸ਼ਟੀ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਆਪਣਾ ਅਸਤੀਫ਼ਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਭੇਜ ਦਿੱਤਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਉਨ੍ਹਾਂ ਨੂੰ ਦਿੱਤੀ ਗਈ ਸੁਰੱਖਿਆ ਅਤੇ ਵਾਹਨ ਵਾਪਸ ਲੈਣ ਲਈ ਕਿਹਾ ਹੈ।
ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਲਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਅਤੇ ਨਿਰਾਧਾਰ ਦੱਸਦਿਆਂ ਕਿਹਾ ਕਿ ਜੇਕਰ ਉਨ੍ਹਾਂ ਕੋਲ ਇਸ ਸਬੰਧੀ ਕੋਈ ਸਬੂਤ ਹਨ ਤਾਂ ਉਹ ਜਨਤਕ ਕਰਨ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ।
ਅਸਤੀਫਾ ਪ੍ਰਵਾਨ ਨਾ ਕੀਤਾ ਜਾਵੇ- ਗਿਆਨੀ ਰਘਬੀਰ ਸਿੰਘ
ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਆਦੇਸ਼ ਦਿੱਤਾ ਹੈ ਕਿ ਉਹ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਪ੍ਰਵਾਨ ਨਾ ਕਰਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਅਸਤੀਫ਼ਾ ਪ੍ਰਵਾਨ ਕੀਤਾ ਗਿਆ ਤਾਂ ਉਹ ਅਤੇ ਉਨਾਂ ਸਣੇ ਹੋਰ ਜਥੇਦਾਰ ਵੀ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਲਈ ਮਜਬੂਰ ਹੋਣਗੇ। ਇਸ ਸਬੰਧੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਕ ਵੀਡੀਓ ਸੁਨੇਹਾ ਜਾਰੀ ਕੀਤਾ ਹੈ, ਜੋ ਉਨ੍ਹਾਂ ਦੇ ਮੀਡੀਆ ਸਕੱਤਰ ਵੱਲੋਂ ਜਾਰੀ ਕੀਤਾ ਗਿਆ ਹੈ।