ਅਕਾਲੀ ਦਲ ਵਰਕਿੰਗ ਕਮੇਟੀ ਦੀ ਹੰਗਾਮੀ ਮੀਟਿੰਗ 18 ਨਵੰਬਰ ਨੂੰ-
ਚੰਡੀਗੜ੍ਹ ( ਦੇ ਪ੍ਰ ਬਿ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪਾਰਟੀ ਦੀ ਵਰਕਿੰਗ ਕਮੇਟੀ ਕੋਲ ਭੇਜ ਦਿੱਤਾ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉਤੇ ਪਾਈ ਇਕ ਪੋਸਟ ਵਿਚ ਦਿੱਤੀ ਹੈ। ਡਾ. ਚੀਮਾ ਨੇ ਆਪਣੀ ਟਵੀਟ ਵਿਚ ਲਿਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ (ਦਲ ਦੇ) ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਕਰਨ ਵਾਸਤੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ ‘ਤੇ ਭਰੋਸਾ ਪ੍ਰਗਟਾਉਣ ਅਤੇ ਆਪਣੇ ਪੂਰੇ ਕਾਰਜਕਾਲ ਦੌਰਾਨ ਪੂਰੀ ਤਰ੍ਹਾਂ ਸਹਿਯੋਗ ਅਤੇ ਸਮਰਥਨ ਦੇਣ ਲਈ ਧੰਨਵਾਦ ਕੀਤਾ ਹੈ।
ਇਸੇ ਦੌਰਾਨ ਪਾਰਟੀ ਦੇ ਵਰਕਿੰਗ ਪ੍ਰਧਾਨ ਸ ਬਲਵਿੰਦਰ ਸਿੰਘ ਭੂੰਦੜ ਨੇ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਇਕ ਹੰਗਾਮੀ ਮੀਟਿੰਗ 18 ਨਵੰਬਰ ਨੂੰ ਦੁਪਹਿਰ 12 ਵਜੇ ਪਾਰਟੀ ਹੈਡਕੁਆਰਟਰ ਚੰਡੀਗੜ ਵਿਖੇ ਬੁਲਾਈ ਹੈ। ਇਸ ਮੀਟਿੰਗ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਗਏ ਅਸਤੀਫੇ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਥੇ ਇਹ ਜ਼ਿਕਰਯੋਗ ਹੈ ਕਿ ਪਾਰਟੀ ਪ੍ਰਧਾਨ, ਹੋਰ ਅਹੁਦੇਦਾਰਾਂ ਤੇ ਵਰਕਿੰਗ ਕਮੇਟੀ ਦੀ 5 ਸਾਲਾ ਮਿਆਦ 14 ਦਸੰਬਰ 2024 ਨੂੰ ਖਤਮ ਹੋ ਰਹੀ ਹੈ।