Headlines

ਭਾਈ ਬਲਵੰਤ ਸਿੰਘ ਰਾਜੋਆਣਾ ਵੱਡੇ ਭਰਾ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਏ

ਪੰਥਕ ਦੋਖੀ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ-

ਲੁਧਿਆਣਾ- ਜਿਲੇ ਦੇ ਪਿੰਡ ਰਾਜੋਆਣਾ ਕਲਾਂ ਦੇ ਗੁਰਦੁਆਰਾ ਮੰਜੀ ਸਾਹਿਬ ਵਿੱਚ ਆਪਣੇ ਭਰਾ ਕੁਲਵੰਤ ਸਿੰਘ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸੰਗਤ ਨੂੰ ਪੰਥ ਦੋਖੀ ਤਾਕਤਾਂ ਤੋਂ ਸੁਚੇਤ ਕੀਤਾ। ਉਨ੍ਹਾਂ ਅਕਾਲ ਤਖ਼ਤ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਣੇ ਹੋਰ ਸਿੱਖ ਸੰਸਥਾਵਾਂ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਭਾਈ ਰਾਜੋਆਣਾ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਸਿੱਖ ਪੰਥ ਨੂੰ ਕੁਝ ਅਦ੍ਰਿਸ਼ ਤਾਕਤਾਂ ਤੋਂ ਗੰਭੀਰ ਖ਼ਤਰਾ ਹੈ। ਉਨ੍ਹਾਂ ਸਿੱਖ ਸੰਗਤ ਅਤੇ ਪੰਥ ਨੂੰ ਇਕਜੁੱਟ ਹੋ ਕੇ ਇਸ ਦਾ ਮੁਕਾਬਲਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਥ ਵੱਲੋਂ ਲੱਗੀ ਸੇਵਾ ਨਿਭਾਉਣ ਸਮੇਂ ਜਿਹੜੇ ਆਗੂਆਂ ਨੇ ਸੋਨੇ-ਚਾਂਦੀ ਨਾਲ ਤੋਲਣ ਦੇ ਐਲਾਨ ਕੀਤੇ ਸੀ, ਬਾਅਦ ਵਿੱਚ ਉਨ੍ਹਾਂ ਨੇ ਹੀ ਰੋੜੇ-ਪੱਥਰ ਵੀ ਮਰਵਾਏ ਸਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੀ ਹੱਤਿਆ ਦੇ ਕੇਸ ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਅਦਾਲਤ ਤੋਂ ਮੌਤ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। ਉਨ੍ਹਾਂ ਨੂੰ ਆਪਣੇ ਭਰਾ ਕੁਲਵੰਤ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਿਰਫ਼ ਤਿੰਨ ਘੰਟੇ ਦੀ ਪੈਰੋਲ ਦਿੱਤੀ ਗਈ ਸੀ। ਤਿੰਨ ਦਹਾਕਿਆਂ ਤੋਂ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨ ਸਦਕਾ ਉਨ੍ਹਾਂ ਦੀ ਇਹ ਪੈਰੋਲ ਸੰਭਵ ਹੋਈ। ਉਨ੍ਹਾਂ ਅਕਾਲੀ ਦਲ ਦੇ ਵੱਖ-ਵੱਖ ਧੜਿਆਂ ਨੂੰ ਸਿਰ ਜੋੜ ਕੇ ਪੰਥਕ ਮਸਲਿਆਂ ਦੇ ਹੱਲ ਲੱਭਣ ਦੀ ਅਪੀਲ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸਿੱਖਾਂ ਅਤੇ ਪੰਥ ਨੂੰ ਗਿਣੀ-ਮਿੱਥੀ ਸਾਜ਼ਿਸ਼ ਤਹਿਤ ਨਿਸ਼ਾਨਾ ਬਣਾਇਆ ਗਿਆ ਸੀ ਅਤੇ ਇਹ ਹਮਲੇ ਅੱਜ ਵੀ ਜਾਰੀ ਹਨ। ਉਨ੍ਹਾਂ ਪਿਛਲੇ ਤਿੰਨ ਦਹਾਕਿਆਂ ਤੋਂ ਉਨ੍ਹਾਂ ਦੇ ਕੇਸ ਦੀ ਅਣਥੱਕ ਪੈਰਵੀ ਕਰਨ ਵਾਲੀ ਭੈਣ ਕਮਲਦੀਪ ਕੌਰ ਦੀ ਸਿਫ਼ਤ ਕਰਦਿਆਂ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਦੁਆਰਾ ਮੰਜੀ ਸਾਹਿਬ ਦੇ ਬਾਹਰ ਲੁਧਿਆਣਾ (ਦਿਹਾਤੀ) ਜ਼ਿਲ੍ਹਾ ਪੁਲੀਸ ਨੇ ਸੀਨੀਅਰ ਪੁਲੀਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ।