ਲੁਧਿਆਣਾ ( ਦੇ ਪ੍ਰ ਬਿ)-ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਾਹਰ ਧਾਰਮਿਕ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਅਤੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਵਾਂਗ ਨਰੈਣ ਸਿੰਘ ਚੌੜਾ ਨੂੰ ਬਚਾਉਣ ਲਈ ਵੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੂੰ ਚਾਰਜ਼ੋਈ ਕਰਨੀ ਚਾਹੀਦੀ ਹੈ। ਬਿੱਟੂ ਨੇ ਸੁਖਬੀਰ ’ਤੇ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਿਸੇ ’ਤੇ ਗੋਲੀ ਚਲਾਉਣਾ ਜਾਂ ਗੋਲੀ ਮਾਰ ਕੇ ਕਤਲ ਕਰ ਦੇਣਾ ਕਾਨੂੰਨੀ ਤੌਰ ’ਤੇ ਗਲਤ ਹੈ ਪਰ ਚੌੜਾ ਨੇ ਭਾਵਨਾਵਾਂ ਦੇ ਵਹਿਣ ’ਚ ਆ ਕੇ ਇਹ ਕਦਮ ਚੁੱਕਿਆ ਹੈ ਕਿਉਂਕਿ ਇੱਕ ਸਿੱਖ ਹੋਣ ਦੇ ਨਾਤੇ ਉਸ ਦੇ ਮਨ ਵਿੱਚ ਸੁਖਬੀਰ ਪ੍ਰਤੀ ਗੁੱਸਾ ਸੀ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋ ਕੇ ਧਾਰਮਿਕ ਗਲਤੀਆਂ ਮੰਨੀਆਂ ਹਨ। ਇਸ ਕਰਕੇ ਸ਼੍ਰੋੋਮਣੀ ਅਕਾਲੀ ਦਲ, ਸ਼੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਤੇ ਹੋਰ ਪੰਥਕ ਆਗੂਆਂ ਵੱਲੋਂ ਚੌੜਾ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਉਣ ਲਈ ਕੋਸ਼ਿਸ਼ ਕਰਨੀ ਚਾਹੀਦੀ ਹੈ, ਕਿਉਂਕਿ ਉਸ (ਚੌੜਾ) ਦਾ ਸੁਖਬੀਰ ਨਾਲ ਕੋਈ ਨਿੱਜੀ ਵੈਰ ਨਹੀਂ ਸੀ। ਉਨ੍ਹਾਂ ਕਿਹਾ, ‘ਜਿਸ ਤਰ੍ਹਾਂ ਅਕਾਲੀ ਦਲ ਵੱਲੋਂ ਸ਼ਹੀਦ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਨੂੰ ਬਚਾਉਣ ਲਈ ਯਤਨ ਕੀਤੇ ਜਾ ਰਹੇ ਹਨ ਉਸੇ ਤਰ੍ਹਾਂ ਚੌੜਾ ਲਈ ਵੀ ਹੋਣੇ ਚਾਹੀਦੇ ਹਨ।’’