Headlines

ਸੁਖਬੀਰ ਤੇ ਹਮਲਾ ਅਕਾਲੀ ਦਲ ਖਿਲਾਫ ਡੂੰਘੀ ਸਾਜਿਸ਼ ਦਾ ਹਿੱਸਾ

ਅਕਾਲੀ ਦਲ ਨੇ ਸਰਕਾਰ ਵਲੋਂ ਐਲਾਨੀ ਜਾਂਚ ਨੂੰ ਰੱਦ ਕੀਤਾ-

ਚੰਡੀਗੜ੍ਹ ( ਦੇ ਪ੍ਰ ਬਿ)-ਸ਼੍ਰੋਮਣੀ ਅਕਾਲੀ ਦਲ  ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਕਟਹਿਰੇ ’ਚ ਖੜ੍ਹੇ ਕਰਦਿਆਂ ਉਸ ਦੀ ਜਾਂਚ ਨੂੰ ਪੂਰਨ ਤੌਰ ’ਤੇ ਰੱਦ ਕਰ ਦਿੱਤਾ ਹੈ। ਕੋਰ ਕਮੇਟੀ ’ਚ ਫ਼ੈਸਲਾ ਲਿਆ ਗਿਆ ਕਿ ਅਕਾਲੀ ਦਲ ਦਾ ਵਫ਼ਦ ਇੱਕ-ਦੋ ਦਿਨਾਂ ’ਚ ਰਾਜਪਾਲ ਨੂੰ ਮਿਲ ਕੇ ਘਟਨਾ ਦੀ ਨਿਰਪੱਖ ਜਾਂਚ ਦੀ ਮੰਗ ਕਰੇਗਾ। ਕੋਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ।

ਮੀਟਿੰਗ ਮਗਰੋਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸੀਨੀਅਰ ਆਗੂਆਂ ਬਿਕਰਮ ਸਿੰਘ ਮਜੀਠੀਆ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ’ਤੇ ਕਾਤਲਾਨਾ ਹਮਲੇ ਨੂੰ ਸਿੱਖ ਪਰੰਪਰਾਵਾਂ, ਖ਼ਾਲਸਾ ਵਿਰਾਸਤ ਅਤੇ ਪਵਿੱਤਰ ਕਦਰਾਂ-ਕੀਮਤਾਂ ’ਤੇ ਹਮਲਾ ਦੱਸਿਆ। ਉਨ੍ਹਾਂ ਦੋਸ਼ ਲਾਇਆ ਕਿ ਇਹ ਹਮਲਾ ‘ਆਪ’ ਸਰਕਾਰ ਦੇ ਸਪਾਂਸਰਡ ਪ੍ਰੋਗਰਾਮ ਦਾ ਹਿੱਸਾ ਸੀ ਤਾਂ ਜੋ ਅਕਾਲੀ ਲੀਡਰਸ਼ਿਪ ਨੂੰ ਖ਼ਤਮ ਕੀਤਾ ਜਾ ਸਕੇ। ਆਗੂਆਂ ਨੇ ਕਿਹਾ ਕਿ ਇਹ ਹਮਲਾ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਵਾਲਾ ਹੈ। ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ੌਰੀ ਘਟਨਾ ਵਾਲੀ ਥਾਂ ’ਤੇ ਜਾ ਕੇ ਹਾਲਾਤ ਦਾ ਜਾਇਜ਼ਾ ਲੈਣਾ ਚਾਹੀਦਾ ਸੀ ਪਰ ਉਹ ਇਸ ਨੂੰ ਮਾਮੂਲੀ ਘਟਨਾ ਦਰਸਾਉਣ ਦੀ ਕੋਸ਼ਿਸ਼ ਕਰਦੇ ਰਹੇ। ਆਗੂਆਂ ਨੇ ਕਿਹਾ ਕਿ ਡੀਜੀਪੀ ਨੇ ਹਮਲੇ ਮਗਰੋਂ ਸੁਖਬੀਰ ਬਾਦਲ ਨੂੰ ਫੋਨ ਤੱਕ ਨਹੀਂ ਕੀਤਾ ਅਤੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਉਨ੍ਹਾਂ ਨੂੰ ਮਿਲਣ ਦੀ ਕੋਸ਼ਿਸ਼ ਤੱਕ ਨਹੀਂ ਕੀਤੀ। ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਜਿਹੜੇ ਲੋਕ ਅਸ਼ਾਂਤੀ ਨੂੰ ਹਮਾਇਤ ਦੇ ਰਹੇ ਹਨ, ਉਹ ਅੱਗ ਨਾਲ ਖੇਡ ਰਹੇ ਹਨ। ਡਾ. ਦਲਜੀਤ ਚੀਮਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਖ਼ਤਮ ਕੀਤੇ ਜਾਣ ਦੀ ਡੂੰਘੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਪੰਜਾਬ ਨੂੰ ਮੁੜ ਅਸ਼ਾਂਤੀ ਦੇ ਰਾਹ ’ਤੇ ਪਾਉਣ ਦੀ ਕੋਸ਼ਿਸ਼ ਸੀ। ਮਜੀਠੀਆ ਨੇ ਸੇਵਾ ਨਿਭਾ ਰਹੇ ਅਕਾਲੀ ਆਗੂਆਂ ’ਤੇ ਵੀ ਹਮਲੇ ਹੋਣ ਦਾ ਖ਼ਦਸ਼ਾ ਜ਼ਾਹਿਰ ਕੀਤਾ ਹੈ। ਉਨ੍ਹਾਂ ਐੱਸਪੀ ਹਰਪਾਲ ਸਿੰਘ ਰੰਧਾਵਾ ’ਤੇ ਹਮਲਾਵਰ ਨਰੈਣ ਸਿੰਘ ਚੌੜਾ ਨਾਲ ਸਾਂਝ ਹੋਣ ਦੇ ਦੋਸ਼ ਲਾਏ। ਉਨ੍ਹਾਂ ਅਕਾਲੀ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਮੋਗਾ ਵਿਚ ਦਲ ਖ਼ਾਲਸਾ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ’ਤੇ ਵੀ ਸੁਆਲ ਖੜ੍ਹੇ ਕੀਤੇ।