ਅੰਮ੍ਰਿਤਸਰ ( ਦੇ ਪ੍ਰ ਬਿ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਦੌਰਾਨ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖ਼ਿਲਾਫ਼ ਲੱਗੇ ਦੋਸ਼ਾਂ ਦੀ ਪੜਤਾਲ ਵਾਸਤੇ ਇੱਕ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧ ਵਿੱਚ ਜਥੇਦਾਰ ਦੇ ਸਾਂਢੂ ਗੁਰਪ੍ਰੀਤ ਸਿੰਘ ਵਾਸੀ ਮੁਕਤਸਰ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕੋਲ ਇੱਕ ਸ਼ਿਕਾਇਤ ਕੀਤੀ ਗਈ ਸੀ, ਜਿਸ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖ਼ਿਲਾਫ਼ ਗੰਭੀਰ ਦੋਸ਼ ਲਾਏ ਗਏ ਸਨ।
ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਅੰਤਰਿਗ ਕਮੇਟੀ ਦੀ ਮੀਟਿੰਗ ਵਿੱਚ ਹਾਜ਼ਰ ਮੈਂਬਰ ਸਾਹਿਬਾਨ ਦੀ ਰਾਇ ਤੋਂ ਬਾਅਦ ਪ੍ਰਵਾਨ ਹੋਇਆ ਕਿ ਸਿੰਘ ਸਾਹਿਬ ਦੇ ਅਹੁਦੇ ਦੇ ਮਾਣ-ਸਨਮਾਨ ਨੂੰ ਮੁੱਖ ਰੱਖਦਿਆਂ ਲੱਗੇ ਇਲਜ਼ਾਮਾਂ ਦੀ ਪੜਤਾਲ ਬਹੁਤ ਜ਼ਰੂਰੀ ਹੈ। ਇਕੱਤਰਤਾ ਦੌਰਾਨ ਪਾਸ ਕੀਤੇ ਮਤੇ ਰਾਹੀਂ ਪੜਤਾਲ ਵਾਸਤੇ ਇੱਕ ਸਬ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਅਤੇ ਅੰਤ੍ਰਿਗ ਮੈਂਬਰ ਦਲਜੀਤ ਸਿੰਘ ਭਿੰਡਰ ਨੂੰ ਸ਼ਾਮਲ ਕੀਤਾ ਗਿਆ। ਇਹ ਸਬ ਕਮੇਟੀ ਮੁਕੰਮਲ ਪੜਤਾਲ ਕਰ ਕੇ 15 ਦਿਨਾਂ ਵਿੱਚ ਆਪਣੀ ਰਿਪੋਰਟ ਪੇਸ਼ ਕਰੇਗੀ।